ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2.30 ਵਜੇ ਕੀਤਾ ਜਾਵੇਗਾ।
ਨਵੀਂ ਦਿੱਲੀ: ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦਾ ਸ਼ਨੀਵਾਰ ਨੂੰ 66 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਅੰਤਿਮ ਸੰਸਕਾਰ ਤੋਂ ਪਹਿਲਾਂ ਜੇਟਲੀ ਦੀ ਮ੍ਰਿਤਕ ਦੇਹ ਨੂੰ ਭਾਜਪਾ ਦੇ ਮੁੱਖ ਦਫ਼ਤਰ ਵਿਚ ਰੱਖਿਆ ਗਿਆ ਹੈ। ਮ੍ਰਿਤਕ ਦੇਹ ਨੂੰ ਫੌਜ ਦੇ ਟਰੱਕ ਵਿਚ ਰਾਜ ਸਨਮਾਨ ਨਾਲ ਭਾਜਪਾ ਦੇ ਮੁੱਖ ਦਫ਼ਤਰ ਲਿਆਂਦਾ ਗਿਆ।
ਮੁੱਖ ਦਫ਼ਤਰ ਵਿਚ ਕਈ ਭਾਜਪਾ ਆਗੂ ਸਾਬਕਾ ਵਿੱਤ ਮੰਤਰੀ ਦੇ ਅੰਤਿਮ ਦਰਸ਼ਨ ਲਈ ਪਹੁੰਚੇ ਹਨ। ਇਸ ਮੌਕੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਮੌਕੇ ਰਾਜਨਾਥ ਸਿੰਘ, ਨਿਰਮਲਾ ਸੀਤਾਰਮਣ, ਪੀਊਸ਼ ਗੋਇਲ ਅਤੇ ਐਸ, ਜੈਸ਼ੰਕਰ ਤੋਂ ਇਲਾਵਾ ਭਾਜਪਾ ਦੇ ਕਈ ਸੀਨੀਅਰ ਆਗੂ ਉਹਨਾਂ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ।
ਇਸ ਦੇ ਨਾਲ ਹੀ ਕਾਂਗਰਸ ਦੇ ਕਈ ਸੀਨੀਅਰ ਆਗੂ ਵੀ ਉਹਨਾਂ ਨੂੰ ਸ਼ਰਧਾਂਜਲੀ ਦੇਣ ਭਾਜਪਾ ਦਫ਼ਤਰ ਪਹੁੰਚੇ ਹਨ। ਜ਼ਿਕਰਯੋਗ ਹੈ ਕਿ ਜੇਟਲੀ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ ਨੂੰ ਦਿੱਲੀ ਦੇ ਏਮਜ਼ ਵਿਚ 66 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ। ਜੇਟਲੀ ਦੀ ਸਿਹਤ ਪਿਛਲੇ ਕੁਝ ਦਿਨਾਂ ਤੋ ਕਾਫ਼ੀ ਖ਼ਰਾਬ ਚੱਲ ਰਹੀ ਸੀ।
ਪਿਛਲੇ ਕਈ ਦਿਨਾਂ ਤੋ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਟਲੀ ਏਮਜ਼ ਦੇ ਆਈਸੀਯੂ ਵਿਚ ਭਰਤੀ ਸਨ। ਉਹਨਾਂ ਦੀ ਹਾਲਤ ਕਾਫ਼ੀ ਗੰਭੀਰ ਸੀ ਅਤੇ ਉਹਨਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਭਾਜਪਾ ਆਗੂ ਉਹਨਾਂ ਨੂੰ ਮਿਲਣ ਏਮਜ਼ ਪਹੁੰਚੇ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।