
ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕਰਨ ਦੇ ਨਾਲ-ਨਾਲ ਸਾਰੇ ਦੋਸ਼ੀਆਂ ਨੂੰ ਧਿਰ ਬਣਾਉਣ ਦੇ ਨਿਰਦੇਸ਼ ਦਿੱਤੇ ਹਨ
ਨਵੀਂ ਦਿੱਲੀ: ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕਰਨ ਦੇ ਨਾਲ-ਨਾਲ ਸਾਰੇ ਦੋਸ਼ੀਆਂ ਨੂੰ ਧਿਰ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਹੋਵੇਗੀ।
ਦੱਸ ਦੇਈਏ ਕਿ ਗੋਧਰਾ ਕਾਂਡ ਤੋਂ ਬਾਅਦ ਗੁਜਰਾਤ ਵਿਚ ਦੰਗੇ ਭੜਕ ਗਏ ਸਨ ਅਤੇ ਇਸ ਦੌਰਾਨ ਬਿਲਕਿਸ ਬਾਨਾ ਦੇ ਪਰਿਵਾਰ ਦੇ 7 ਮੈਂਬਰ ਮਾਰੇ ਗਏ ਸਨ। ਇੰਨਾ ਹੀ ਨਹੀਂ ਦੰਗਾਕਾਰੀਆਂ ਨੇ ਬਿਲਕਿਸ ਬਾਨੋ ਨਾਲ ਵੀ ਸਮੂਹਿਕ ਬਲਾਤਕਾਰ ਕੀਤਾ ਸੀ। 21 ਜਨਵਰੀ 2008 ਨੂੰ ਮੁੰਬਈ ਦੀ ਇਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਤਲ ਅਤੇ ਸਮੂਹਿਕ ਬਲਾਤਕਾਰ ਮਾਮਲੇ ਵਿਚ ਸਾਰੇ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਬਾਅਦ ਵਿਚ ਮੁੰਬਈ ਹਾਈ ਕੋਰਟ ਨੇ ਉਹਨਾਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ।
15 ਅਗਸਤ ਨੂੰ ਗੁਜਰਾਤ ਸਰਕਾਰ ਨੇ ਆਪਣੀ ਮਾਫੀ ਨੀਤੀ ਤਹਿਤ ਸਾਰੇ ਦੋਸ਼ੀਆਂ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀਜੇਆਈ ਰਮਨਾ ਤੋਂ ਇਲਾਵਾ ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਸੀਪੀਆਈ (ਐਮ) ਦੀ ਸੰਸਦ ਮੈਂਬਰ ਸੁਭਾਸਿਨੀ ਅਲੀ, ਪੱਤਰਕਾਰ ਰੇਵਤੀ ਲਾਲ ਅਤੇ ਪ੍ਰੋਫੈਸਰ ਰੂਪ ਰੇਖਾ ਵਰਮਾ ਨੇ ਗੁਜਰਾਤ ਸਰਕਾਰ ਦੇ ਫੈਸਲੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ।