
New Delhi News: ਕਿਹਾ, ਆਤਿਸ਼ੀ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਸੀਨੀਅਰ ‘ਆਪ’ ਆਗੂਆਂ ਵਿਰੁਧ ਮਾਰੇ ਜਾਣਗੇ ਛਾਪੇ
New Delhi News: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੁਧਵਾਰ ਨੂੰ ਦੋੋਸ਼ ਲਾਇਆ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਸਾਜ਼ਸ਼ ਰਚੀ ਜਾ ਰਹੀ ਹੈ ਅਤੇ ਆਤਿਸ਼ੀ ਨੂੰ ਆਗਾਮੀ ਦਿਨਾਂ ਦੌਰਾਨ ਕਿਸੇ ‘ਫ਼ਰਜ਼ੀ’ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਗੱਲ ਸੋਸ਼ਲ ਮੀਡੀਆ ਪਲੈਟਫ਼ਾਰਮ ਐਕਸ ਉਤੇ ਕੀਤੀ ਇਕ ਪੋਸਟ ਵਿਚ ਕਹੀ ਹੈ।
ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਭਾਜਪਾ ਇਨ੍ਹਾਂ ਦੋਵਾਂ ਯੋਜਨਾਵਾਂ ਤੋਂ ਘਬਰਾ ਗਈ ਹੈ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਆਤਿਸ਼ੀ ਨੂੰ ਆਉਣ ਵਾਲੇ ਦਿਨਾਂ ਵਿਚ ਇਕ ‘ਫ਼ਰਜ਼ੀ’ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪਣੀ ਪੋਸਟ ਵਿਚ ਕਿਹਾ, “ਉਹ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਤੋਂ ਪੂਰੀ ਤਰ੍ਹਾਂ ਘਬਰਾ ਗਏ ਹਨ। ਉਨ੍ਹਾਂ ਅਗਲੇ ਕੁਝ ਦਿਨਾਂ ਵਿਚ ਫ਼ਰਜ਼ੀ ਕੇਸ ਬਣਾ ਕੇ ਮੁੱਖ ਮੰਤਰੀ ਆਤਿਸ਼ੀ ਜੀ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਹੈ।” ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਤਿਸ਼ੀ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਸੀਨੀਅਰ ‘ਆਪ’ ਆਗੂਆਂ ਵਿਰੁਧ ਛਾਪੇ ਮਾਰੇ ਜਾਣਗੇ।
ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਅਤੇ ਸਿਹਤ ਵਿਭਾਗਾਂ ਨੇ ਬੁਧਵਾਰ ਨੂੰ ਇਕ ਜਨਤਕ ਨੋਟਿਸ ਜਾਰੀ ਕਰ ਕੇ ਸੱਤਾਧਾਰੀ ‘ਆਪ’ ਦੇ ਵਾਅਦਿਆਂ ਉਤੇ ਆਧਾਰਤ ਯੋਜਨਾਵਾਂ ਤੋਂ ਅਪਣੇ ਆਪ ਨੂੰ ਲਾਂਭੇ ਕਰ ਲਿਆ। ਇਨ੍ਹਾਂ ਯੋਜਨਾਵਾਂ ਰਾਹੀਂ ‘ਆਪ’ ਨੇ ਔਰਤਾਂ ਨੂੰ 2,100 ਰੁਪਏ ਮਾਸਕ ਦੇਣ ਅਤੇ ਬਜ਼ੁਰਗਾਂ ਲਈ ਮੁਫ਼ਤ ਇਲਾਜ ਦੀ ਸਹੂਲਤ ਮੁਹਈਆ ਕਰਾਉਣ ਦਾ ਵਾਅਦਾ ਕੀਤਾ ਸੀ, ਪਰ ਦਿੱਲੀ ਸਰਕਾਰ ਦੇ ਵਿਭਾਗਾਂ ਦੀ ਇਸ ਕਾਰਵਾਈ ਕਾਰਨ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ।