
ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਭਾਜਪਾ ਆਗੂਆਂ ਦੇ ਘਰਾਂ ਅਤੇ ਕੋਠੀਆਂ ਅੱਗੇ ਟਰੈਕਟਰ ਮਾਰਚ ਕੱਢਿਆ ਜਾਵੇਗਾ।
Farmer Tractor March: ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਕਿਸਾਨ ਹਰਿਆਣਾ-ਪੰਜਾਬ ਸਮੇਤ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਨੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਰੋਸ ਪ੍ਰਦਰਸ਼ਨ ਕਰਦਿਆਂ 26 ਜਨਵਰੀ ਨੂੰ ਸਾਂਝੇ ਤੌਰ ’ਤੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਸੀ।
ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਭਾਜਪਾ ਆਗੂਆਂ ਦੇ ਘਰਾਂ ਅਤੇ ਕੋਠੀਆਂ ਅੱਗੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 62ਵਾਂ ਦਿਨ ਹੈ। ਗਲੂਕੋਜ਼ ਪਾਉਣ ਅਤੇ ਡਾਕਟਰੀ ਇਲਾਜ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।
ਇਸ ਬਾਰੇ ਐੱਸਕੇਐੱਸ ਦੇ ਸੀਨੀਅਰ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਐੱਸਕੇਐੱਮ ਵੱਲੋਂ ਗਣਤੰਤਰ ਦਿਵਸ ਮੌਕੇ ਦੇਸ਼ ਭਰ ਵਿੱਚ ਤਹਿਸੀਲ ਪੱਧਰ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਟਰੈਕਟਰ ਮਾਰਚ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ ਲੰਮੇ ਸਮੇਂ ਤੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਈ ਸੰਘਰਸ਼ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ। ਹੁਣ ਕੇਂਦਰ ਸਰਕਾਰ ਨੇ ਨਵੀਂ ਖੇਤੀ ਮੰਡੀਕਰਨ ਨੀਤੀ ਲਿਆ ਕੇ ਕਿਸਾਨਾਂ ਨੂੰ ਮੁੜ ਤੋਂ ਕਾਰਪੋਰੇਟਾਂ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਮੰਨੇ ਅਤੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਮੁੱਢ ਤੋਂ ਰੱਦ ਕਰੇ।