
ਮੈਂ ਕਾਂਗਰਸ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ- ਸੁਨੀਲ ਜਾਖੜ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਕਾਂਗਰਸ ’ਚੋਂ ਮੁਅੱਤਲ ਕੀਤਾ ਜਾ ਸਕਦਾ ਹੈ। ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਸ ਦੀ ਸਿਫਾਰਿਸ਼ ਕੀਤੀ ਹੈ। ਇਸ ਸਿਫਾਰਿਸ਼ 'ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੰਤਿਮ ਫੈਸਲਾ ਲੈਣਗੇ। ਕਮੇਟੀ ਦੀ ਸਿਫਾਰਿਸ਼ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਕਾਂਗਰਸ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।
ਕਾਂਗਰਸ ਅਨੁਸ਼ਾਸਨੀ ਕਮੇਟੀ ਦੇ ਫੈਸਲੇ ਨੂੰ ਸੁਨੀਲ ਜਾਖੜ ਦੇ ਭਤੀਜੇ ਅਤੇ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਮੰਦਭਾਗਾ ਦੱਸਿਆ ਹੈ। ਇਸ ਦੇ ਨਾਲ ਹੀ ਉਹਨਾਂ ਸਵਾਲ ਕੀਤਾ ਕਿ ਇਹ ਸਿਰਫ਼ ਸੁਨੀਲ ਜਾਖੜ ਨਾਲ ਹੀ ਕਿਉਂ ਕੀਤਾ ਜਾ ਰਿਹਾ ਹੈ। ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਇਕ ਟਵੀਟ ਕੀਤਾ ਸੀ। ਉਹਨਾਂ ਨੇ ਲਿਖਿਆ, “ਆਜ ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ”।
ਦਰਅਸਲ ਸੁਨੀਲ ਜਾਖੜ ਨੂੰ ਕਾਂਗਰਸ ਅਨੁਸ਼ਾਸਨੀ ਕਮੇਟੀ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਉਹਨਾਂ ਨੇ ਇਸ ਨੋਟਿਸ ਦਾ ਜਵਾਬ ਨਹੀਂ ਦਿੱਤਾ। ਸੁਨੀਲ ਜਾਖੜ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਇਲਜ਼ਾਮ ਲੱਗੇ ਸਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਹਨਾਂ ਦੀ ਸ਼ਿਕਾਇਤ ਕੀਤੀ ਸੀ।
ਹਾਲਾਂਕਿ ਉਹਨਾਂ ਨੇ ਅਪਣੇ ਬਿਆਨ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਸੀ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਹਨਾਂ ਨੇ ਕਦੇ ਵੀ ਦਲਿਤ ਸਮਾਜ ਵਿਰੁੱਧ ਕੋਈ ਇਤਰਾਜ਼ਯੋਗ ਭਾਸ਼ਾ ਨਹੀਂ ਵਰਤੀ। ਜੇਕਰ ਉਹਨਾਂ ਦੇ ਕਿਸੇ ਵੀ ਸ਼ਬਦ ਨਾਲ ਸਮਾਜ ਦੇ ਲੋਕਾਂ ਨੂੰ ਠੇਸ ਪਹੁੰਚੀ ਹੈ ਜਾਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ। ਬੀਤੇ ਦਿਨੀਂ ਸੁਨੀਲ ਜਾਖੜ ਨੇ ਵਾਰਾਣਸੀ ਵਿਖੇ ਸੰਤ ਰਵਿਦਾਸ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋ ਕੇ ਵੀ ਅਪਣੇ ਬਿਆਨ ਨੂੰ ਲੈ ਕੇ ਸਫਾਈ ਦਿੱਤੀ ਸੀ।