
ਜੰਮੂ-ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚ ਹੋਏ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ।
ਸ਼੍ਰੀਨਗਰ, 25 ਜੂਨ : ਜੰਮੂ-ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚ ਹੋਏ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਸੁਰੱਖਿਆ ਬਲਾਂ ਨੂੰ ਉਤਰ ਕਸ਼ਮੀਰ 'ਚ ਸੋਪੋਰ ਦੇ ਹਰਦਸ਼ਿਵ ਇਲਾਕੇ 'ਚ ਅਤਿਵਾਦੀਆਂ ਦੀ ਮੌਜੂਦਗੀ ਦੀ ਪੱਕੀ ਖ਼ਬਰ ਮਿਲੀ ਸੀ ਜਿਸ ਦੇ ਬਾਅਦ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਖੋਜ ਮੁਹਿੰਮ ਚਲਾਈ ਗਈ। ਉਨ੍ਹਾਂ ਦਸਿਆ ਕਿ ਖੋਜ ਮੁਹਿੰਮ ਉਸ ਸਮੇਂ ਮੁਕਾਬਲੇ 'ਚ ਤਬਦੀਲ ਹੋ ਗਈ ਜਤੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਣੀਆਂ ਸ਼ੁਰੂ ਕਰ ਦਿਤੀਆਂ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਨੇ ਦਸਿਆ ਕਿ ਹਾਲੇ ਤਕ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ ਹਨ। (ਪੀਟੀਆਈ)
Photo
ਬੜਗਾਮ 'ਚ ਲਸ਼ਕਰ ਦੇ ਪੰਜ ਅਤਿਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ
ਸ਼੍ਰੀਨਗਰ, 25 ਜੂਨ : ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ 'ਚ ਫ਼ੌਜ, ਸੀ.ਆਰ.ਪੀ.ਐਫ਼ ਤੇ ਸਥਾਨਕ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਪੰਜ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਿਸ ਬੁਲਾਰੇ ਨੇ ਦਸਿਆ ਕਿ ਲਸ਼ਕਰ-ਏ-ਤੋਇਬਾ ਦੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫ਼ਲਜ਼, ਜੰਮੂ-ਕਸ਼ਣੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ ਦੇ ਜਵਾਨਾਂ ਨੇ ਸ਼੍ਰੀਨਗਰ-ਗੁਲਮਰਗ ਮਾਰਗ 'ਤੇ ਬੜਗਾਮ ਦੇ ਨਰਬਲ ਇਲਾਕੇ 'ਚ ਬੁੱਧਵਾਰ ਰਾਤ ਭਰ ਮੁਹਿੰਮ ਚਲਾਈ। ਇਸ ਦੌਰਾਨ ਪੰਜ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਅਤੇ ਉਨ੍ਹਾਂ ਕੋਲੋਂ ਹਥਿਆਰ, ਗੋਲਾ-ਬਾਰੂਦ, ਪੋਸਟਰ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬੁਧਵਾਰ ਨੂੰ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਤੋਂ ਲਸ਼ਕਰ ਦੇ ਚਾਰ ਅਤਿਵਾਦੀ ਗ੍ਰਿਫ਼ਤਾਰ ਕੀਤੇ ਗਏ ਸਨ। (ਏਜੰਸੀ)