
377 ਅਤੇ 34 ਦੇ ਤਹਿਤ ਕੀਤਾ ਗਿਆ ਮਾਮਲਾ ਦਰਜ
ਨਵੀਂ ਦਿੱਲੀ: ਦਿੱਲੀ ਤੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਹੈਵਾਨਾਂ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਉਨ੍ਹਾਂ ਨੇ 10 ਸਾਲ ਦੇ ਬੱਚੇ ਨਾਲ ਗੈਂਗਰੇਪ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤੀਜੇ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 22 ਸਤੰਬਰ ਨੂੰ ਬਾਅਦ ਦੁਪਹਿਰ 3:10 ਵਜੇ ਦਿੱਲੀ ਦੇ ਐੱਲ.ਐੱਨ.ਜੇ.ਪੀ ਹਸਪਤਾਲ ਤੋਂ ਸੂਚਨਾ ਮਿਲੀ ਕਿ 3 ਦਿਨ ਪਹਿਲਾਂ ਇਕ 10 ਸਾਲਾ ਲੜਕੇ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਟੀਮ ਤੁਰੰਤ ਹਸਪਤਾਲ ਪਹੁੰਚੀ ਅਤੇ ਬੱਚੇ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਪਰ ਇਸ ਦੌਰਾਨ ਬੱਚੇ ਦੇ ਮਾਪਿਆਂ ਨੇ ਪੁਲਿਸ ਨੂੰ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ।
ਫਿਰ 24 ਸਤੰਬਰ ਨੂੰ ਬੱਚੇ ਦੀ ਮਾਂ ਨੇ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਤੇ ਦੱਸਿਆ ਕਿ 3 ਦਿਨ ਪਹਿਲਾਂ ਯਾਨੀ 18 ਸਤੰਬਰ ਨੂੰ ਉਸ ਦੇ ਬੇਟੇ ਨੂੰ ਉਸ ਦੇ ਤਿੰਨ ਦੋਸਤਾਂ ਨੇ ਸਰੀਰਕ ਤੌਰ 'ਤੇ ਪ੍ਰੇਸ਼ਾਨ ਕੀਤਾ। ਉਸ ਨਾਲ ਗੈਂਗ ਰੇਪ ਕੀਤਾ। ਜਿਸ ਤੋਂ ਬਾਅਦ ਉਸ ਦੇ ਗੁਪਤ ਅੰਗ ਵਿਚ ਇੱਕ ਰਾਡ ਪਾਈ ਗਈ ਸੀ। ਬੱਚੇ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋ ਮੁਲਜ਼ਮਾਂ ਨੂੰ ਫੜ ਕੇ ਬਾਲ ਨਿਆਂ ਬੋਰਡ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ ਅਤੇ ਤੀਜੇ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਮਹਿਲਾ ਕਮਿਸ਼ਨ ਨੇ ਇਸ ਮਾਮਲੇ 'ਚ ਪੁਲਿਸ ਨੂੰ ਨੋਟਿਸ ਜਾਰੀ ਕਰ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਨੇ ਬੱਚੇ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਐਫਆਈਆਰ ਦਰਜ ਕਰ ਕੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਤੋਂ ਪਤਾ ਲੱਗਾ ਹੈ ਕਿ ਨਾਬਾਲਗ ਲੜਕੇ ਨਾਲ ਕੁੱਟਮਾਰ ਕਰਨ ਵਾਲੇ ਉਸ ਦੇ ਗੁਆਂਢੀ ਅਤੇ ਦੋਸਤ ਹਨ। ਜਿਨ੍ਹਾਂ ਦੀ ਉਮਰ 10 ਤੋਂ 12 ਸਾਲ ਹੈ, ਦੋਸ਼ੀ ਵੀ ਨਾਬਾਲਗ ਹਨ। ਸਾਰੇ ਮੁਲਜ਼ਮ ਨਿਊ ਸੀਲਮਪੁਰ ਝੁੱਗੀ ਦੇ ਰਹਿਣ ਵਾਲੇ ਹਨ। ਪੁਲਿਸ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ 'ਚ ਇਹ ਸਾਹਮਣੇ ਨਹੀਂ ਆਇਆ ਹੈ ਕਿ ਪੀੜਤਾ ਦੇ ਗੁਪਤ ਅੰਗ 'ਚ ਰਾਡ ਪਾਈ ਗਈ ਸੀ ਪਰ ਡਾਕਟਰੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।
ਅਧਿਕਾਰੀ ਨੇ ਦੱਸਿਆ ਕਿ ਮਾਂ ਦੇ ਬਿਆਨ ਦੇ ਆਧਾਰ 'ਤੇ ਭਾਰਤੀ ਦੰਡਾਵਲੀ ਅਤੇ ਪੋਕਸੋ ਦੀਆਂ ਧਾਰਾਵਾਂ 377 ਅਤੇ 34 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪੀੜਤ ਹਾਲੇ ਡਾਕਟਰੀ ਨਿਗਰਾਨੀ ਹੇਠ ਹੈ।
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕਿਹਾ, 'ਇਹ ਬਹੁਤ ਹੀ ਡਰਾਉਣੀ ਘਟਨਾ ਹੈ। ਲੜਕੇ ਨਾਲ ਤਿੰਨ ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ, ਜਿਨ੍ਹਾਂ ਨੇ ਉਸ ਦੇ ਗੁਪਤ ਅੰਗ ਵਿਚ ਰਾਡ ਪਾ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਸਵਾਤੀ ਮਾਲੀਵਾਲ ਨੇ ਕਿਹਾ, 'ਲੜਕਾ ਫਿਲਹਾਲ ਹਸਪਤਾਲ 'ਚ ਦਾਖਲ ਹੈ ਅਤੇ ਆਈਸੀਯੂ 'ਚ ਹੈ। ਸਾਡੀ ਟੀਮ ਲਗਾਤਾਰ ਪਰਿਵਾਰ ਦੇ ਨਾਲ ਮੌਜੂਦ ਹੈ ਅਤੇ ਉਨ੍ਹਾਂ ਦੀ ਮਦਦ ਕਰ ਰਹੀ ਹੈ। ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।