
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਦੇ ਹਵਾ ਪ੍ਰਦੂਸ਼ਣ ਸਬੰਧੀ ਮਿਲੀਆਂ ਲਗਭਗ 250 ਸ਼ਿਕਾਇਤਾਂ ਵਿਰੁਧ ਕਾਰਵਾਈ ਨਾ ਕਰਨ ਵਾਲੇ ਅਧਿਕਾਰੀਆਂ ਵਿਰੁਧ ਮੁਕੱਦਮਾ ਚਲਾਇਆ ਜਾਵੇ ।
ਨਵੀਂ ਦਿੱਲੀ , ( ਭਾਸ਼ਾ ) : ਕੇਂਦਰੀ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਸ ਦੀ ਅਧਿਕਾਰਕ ਸੋਸ਼ਲ ਮੀਡੀਆ ਸਾਈਟ 'ਤੇ ਦਿੱਲੀ ਦੇ ਹਵਾ ਪ੍ਰਦੂਸ਼ਣ ਸਬੰਧੀ ਮਿਲੀਆਂ ਲਗਭਗ 250 ਸ਼ਿਕਾਇਤਾਂ ਵਿਰੁਧ ਕਾਰਵਾਈ ਨਾ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਵਿਰੁਧ ਮੁਕੱਦਮਾ ਚਲਾਇਆ ਜਾਵੇ । ਜਸਟਿਸ ਮਦਨ ਬੀ.ਲੋਕੁਰ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ 'ਤੇ ਕਾਰਵਾਈ ਨਾ ਕਰਨ ਵਾਲੇ ਅਧਿਕਾਰੀਆਂ ਵਿਰੁਧ ਮੁਕੱਦਮਾ ਚਲਾਏ ਜਾਣ ਦੀ ਲੋੜ ਹੈ।
CPCB
ਬੈਂਚ ਨੇ ਕਿਹਾ ਕਿ ਵਧੀਕ ਸਾਲਿਸਿਟਰ ਜਨਰਲ ਏ.ਐਨ.ਐਸ. ਨਾਡਕਰਨੀ ਨੂੰ ਕਿਹਾ ਕਿ ਤੁਸੀਂ ਇਨ੍ਹਾਂ ਅਧਿਕਾਰੀਆਂ ਵਿਰੁਧ ਕਾਰਵਾਈ ਕਿਉਂ ਨਹੀਂ ਕੀਤੀ? ਤੁਹਾਨੂੰ ਉਨ੍ਹਾਂ 'ਤੇ ਮੁਕੱਦਮਾ ਚਲਾਉਣਾ ਚਾਹੀਦਾ ਹੈ। ਇਨ੍ਹਾਂ ਲੋਕਾਂ ਨੂੰ ਪਤਾ ਲਗਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੀ ਕੀਤਾ ਹੈ? ਸੀਪੀਸੀਬੀ ਵੱਲੋਂ ਪੇਸ਼ ਹੋਏ ਨਾਡਕਰਨੀ ਨੇ ਕਿਹਾ ਕਿ ਇਕ ਤੋਂ 22 ਨਵੰਬਰ ਦੌਰਾਨ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਅਪਣੀ ਵੈਬਸਾਈਟ 'ਤੇ ਹਵਾ ਪ੍ਰਦੂਸ਼ਣ ਸਬੰਧੀ 749 ਸ਼ਿਕਾਇਤਾਂ ਮਿਲੀਆਂ ਅਤੇ ਇਨ੍ਹਾਂ ਵਿਚ ਲਗਭਗ 500 ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਗਈ।
Delhi Air Pollution
ਸ਼ਿਕਾਇਤ 'ਤੇ ਕਾਰਵਾਈ ਨਹੀਂ ਕਰਨ ਵਾਲੇ ਅਧਿਕਾਰੀਆਂ 'ਤੇ ਮੁਕੱਦਮਾ ਚਲਾਉਣ ਦੇ ਕੋਰਟ ਦੇ ਸੁਝਾਅ 'ਤੇ ਉਨ੍ਹਾਂ ਨੇ ਕਿਹਾ ਕਿ ਸੀਪੀਸੀਬੀ ਇਸ ਵੱਲ ਧਿਆਨ ਦੇਵੇਗਾ। ਦੱਸ ਦਈਏ ਕਿ ਬੋਰਡ ਨੇ 1 ਨਵੰਬਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਉਸ ਨੇ ਟਵੀਟਰ ਅਤੇ ਫੇਸਬੁਕ 'ਤੇ ਅਪਣੇ ਅਕਾਉਂਟ ਬਣਾਏ ਹੋਏ ਹਨ ਤਾਂ ਕਿ ਦਿੱਲੀ-ਐਨਸੀਆਰ ਵਿਚ ਹਵਾ ਪ੍ਰਦੂਸ਼ਣ ਸਬੰਧੀ ਨਾਗਰਿਕ ਅਪਣੀ ਸ਼ਿਕਾਇਤ ਦਰਜ ਕਰਵਾ ਸਕਣ।
ਸੁਪਰੀਮ ਕੋਰਟ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਸਬੰਧੀ ਕਈ ਮੁੱਦਿਆਂ 'ਤੇ ਵਿਚਾਰ ਕਰ ਰਹੀ ਹੈ। ਕਿਉਂਕਿ ਹਵਾ ਪ੍ਰਦੂਸ਼ਣ ਆਮ ਲੋਕਾਂ ਅਤੇ ਖਾਸਕਰ ਬੱਚਿਆਂ ਅਤੇ ਬਜ਼ੁਰਗਾਂ ਵਿਚ ਸਿਹਤ ਸਬੰਧੀ ਕਈ ਬੀਮਾਰੀਆਂ ਦਾ ਕਾਰਨ ਬਣਦਾ ਜਾ ਰਿਹਾ ਹੈ।