
ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ
ਨਵੀਂ ਦਿੱਲੀ - ਪੱਛਮੀ ਦਿੱਲੀ ਦੇ ਸੁਭਾਸ਼ ਨਗਰ ਵਿੱਚ ਇੱਕ ਬਹੁ-ਮੰਜ਼ਿਲਾ ਪਾਰਕਿੰਗ ਵਿੱਚ ਖੜ੍ਹੀਆਂ 21 ਕਾਰਾਂ ਸੋਮਵਾਰ ਸਵੇਰੇ ਲੱਗੀ ਅੱਗ 'ਚ ਸੜ ਗਈਆਂ। ਦਿੱਲੀ ਫ਼ਾਇਰ ਸਰਵਿਸਿਜ਼ ਦੇ ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਹਾਲਾਂਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ, ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਸ਼ੁਰੂਆਤੀ ਸੀ.ਸੀ.ਟੀ.ਵੀ. ਫੁਟੇਜ ਵਿਸ਼ਲੇਸ਼ਣ ਇੱਕ ਸ਼ੱਕੀ ਵਿਅਕਤੀ ਵੱਲ੍ਹ ਇਸ਼ਾਰਾ ਕਰਦਾ ਹੈ, ਜੋ ਉੱਥੇ ਘੁੰਮਦਾ ਦਿਖਾਈ ਦਿੱਤਾ।
ਇੱਕ ਅਧਿਕਾਰੀ ਨੇ ਕਿਹਾ ਕਿ ਸ਼ੱਕੀ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ, ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਜੁਟੀਆਂ ਹੋਈਆਂ ਹਨ।
ਫ਼ਾਇਰ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 4 ਵਜੇ ਦੇ ਕਰੀਬ ਮਿਲੀ ਅਤੇ ਛੇ ਫ਼ਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ।
ਅੱਗ 'ਤੇ ਸਵੇਰੇ 6:10 ਵਜੇ ਤੱਕ ਕਾਬੂ ਪਾ ਲਿਆ ਗਿਆ, ਫ਼ਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਕਿਸੇ ਜਾਨੀ ਨੁਕਸਾਨ ਦੀ ਹੁਣ ਤੱਕ ਕੋਈ ਜਾਣਕਾਰੀ ਨਹੀਂ।