ਪਾਰਟੀ ਦੀ ਲੋਕਪ੍ਰਿਅਤਾ ਅਤੇ ਲਗਾਤਾਰ ਚੋਣਾਵੀ ਸਫ਼ਲਤਾ ਵਿਚ ਵੀ ਉਨ੍ਹਾਂ ਦਾ ਯੋਗਦਾਨ ਰਿਹਾ ਹੈ।
ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਜ਼ਿਆਦਾਤਰ ਅਧਿਕਾਰੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰਨ ਦੇ ਹੱਕ ਵਿਚ ਨਹੀਂ ਸਨ, ਪਰ ਉਨ੍ਹਾਂ ਨੇ ‘ਸਿਆਸੀ ਦਬਾਅ’ ਕਾਰਨ ਅਜਿਹਾ ਕੀਤਾ। ਸੀਬੀਆਈ ਅਧਿਕਾਰੀਆਂ ਨੇ 2021-22 ਦੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਕਰੀਬ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਐਤਵਾਰ ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ। ਇਹ ਨੀਤੀ ਹੁਣ ਖ਼ਤਮ ਹੋ ਗਈ ਹੈ।
ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ “ਮੈਨੂੰ ਦੱਸਿਆ ਗਿਆ ਹੈ ਕਿ ਸੀਬੀਆਈ ਦੇ ਜ਼ਿਆਦਾਤਰ ਅਧਿਕਾਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰਨ ਦੇ ਹੱਕ ਵਿਚ ਨਹੀਂ ਸਨ। ਉਹ ਸਾਰੇ ਸਿਸੋਦੀਆ ਦਾ ਬਹੁਤ ਸਤਿਕਾਰ ਕਰਦੇ ਹਨ ਅਤੇ ਉਸ ਦੇ ਖਿਲਾਫ਼ ਕੋਈ ਸਬੂਤ ਵੀ ਨਹੀਂ ਹੈ। ਹਾਲਾਂਕਿ, ਉਸ ਦੀ ਗ੍ਰਿਫਤਾਰੀ ਨੂੰ ਲੈ ਕੇ ਬਹੁਤ ਜ਼ਿਆਦਾ ਰਾਜਨੀਤਿਕ ਦਬਾਅ ਸੀ ਅਤੇ ਅਧਿਕਾਰੀਆਂ ਨੂੰ ਆਪਣੇ ਰਾਜਨੀਤਿਕ ਆਕਾਵਾਂ ਦੇ ਹੁਕਮ ਮੰਨਣੇ ਪਏ ਸਨ।
ਸਿਸੋਦੀਆ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਪਿਛਲੇ ਸਾਲ ਜੂਨ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਨੇ ਦਿੱਲੀ ਦੀ ਸਿੱਖਿਆ ਅਤੇ ਸਿਹਤ ਸੇਵਾਵਾਂ ਵਿੱਚ ਵਿਆਪਕ ਬਦਲਾਅ ਲਈ ਅਹਿਮ ਭੂਮਿਕਾ ਨਿਭਾਈ ਹੈ। ਪਾਰਟੀ ਦੀ ਲੋਕਪ੍ਰਿਅਤਾ ਅਤੇ ਲਗਾਤਾਰ ਚੋਣਾਵੀ ਸਫ਼ਲਤਾ ਵਿਚ ਵੀ ਉਨ੍ਹਾਂ ਦਾ ਯੋਗਦਾਨ ਰਿਹਾ ਹੈ।