
ਅਦਾਲਤ ਨੇ ਕਿਹਾ ਕਿ ਦੋਸ਼ਾਂ ਨੂੰ ‘ਖਾਰਜ ਨਹੀਂ ਕੀਤਾ ਜਾ ਸਕਦਾ’
ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਸਹਿਯੋਗੀ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿਤੀ, ਜਿਸ ’ਤੇ ਮੁੱਖ ਮੰਤਰੀ ਦੀ ਰਿਹਾਇਸ਼ ’ਚ ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲਾ ਕਰਨ ਦਾ ਦੋਸ਼ ਹੈ।
ਅਦਾਲਤ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮਾਲੀਵਾਲ ਨੇ ਐਫ.ਆਈ.ਆਰ. ਦਰਜ ਕਰਨ ’ਚ ਕੋਈ ‘ਪਹਿਲਾਂ-ਵਿਚਾਰ’ ਨਹੀਂ ਕੀਤਾ ਸੀ ਅਤੇ ਉਨ੍ਹਾਂ ਦੇ ਦੋਸ਼ਾਂ ਨੂੰ ‘ਖਾਰਜ ਨਹੀਂ ਕੀਤਾ ਜਾ ਸਕਦਾ।’ ਤੀਸ ਹਜ਼ਾਰੀ ਅਦਾਲਤ ਦੇ ਵਧੀਕ ਸੈਸ਼ਨ ਜੱਜ ਸੁਸ਼ੀਲ ਅਨੁਜ ਤਿਆਗੀ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁੱਖ ਮੰਤਰੀ ਦੇ ਨਿੱਜੀ ਸਹਾਇਕ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ।
ਜੱਜ ਨੇ ਕਿਹਾ, ‘‘ਪੀੜਤ ਵਲੋਂ ਲਗਾਏ ਗਏ ਦੋਸ਼ਾਂ ਨੂੰ ਖਾਰਜ ਨਹੀਂ ਕੀਤਾ ਜਾ ਸਕਦਾ। ਸਿਰਫ ਐਫ.ਆਈ.ਆਰ. ਦਰਜ ਕਰਨ ’ਚ ਦੇਰੀ ਦਾ ਕੇਸ ’ਤੇ ਜ਼ਿਆਦਾ ਅਸਰ ਨਹੀਂ ਪਵੇਗਾ ਕਿਉਂਕਿ ਚਾਰ ਦਿਨਾਂ ਬਾਅਦ ਵੀ ਮੈਡੀਕਲ ਰੀਪੋਰਟ ’ਚ ਸੱਟਾਂ ਸਪੱਸ਼ਟ ਤੌਰ ’ਤੇ ਦਰਜ ਕੀਤੀਆਂ ਗਈਆਂ ਹਨ।’’
ਅਦਾਲਤ ਨੇ ਕਿਹਾ ਕਿ ਜਾਂਚ ਸ਼ੁਰੂਆਤੀ ਪੜਾਅ ’ਤੇ ਹੈ ਅਤੇ ਗਵਾਹਾਂ ਨੂੰ ਪ੍ਰਭਾਵਤ ਕਰਨ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਰਾਜ ਸਭਾ ਮੈਂਬਰ ਮਾਲੀਵਾਲ ਨੇ ਅਦਾਲਤ ਨੂੰ ਦਸਿਆ ਕਿ ਜੇਕਰ ਕੁਮਾਰ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਅਤੇ ਉਨ੍ਹਾਂ ਦੇ ਪਰਵਾਰ ਨੂੰ ਗੰਭੀਰ ਖਤਰਾ ਹੈ।
ਮਾਲੀਵਾਲ ਨੇ ਦਾਅਵਾ ਕੀਤਾ ਕਿ ਇਸ ਘਟਨਾ ਬਾਰੇ ਇਕ ਯੂਟਿਊਬਰ ਨੇ ਇਕਪਾਸੜ ਵੀਡੀਉ ਬਣਾਈ ਸੀ, ਜਿਸ ਤੋਂ ਬਾਅਦ ਉਸ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ।
ਇਸ ਕੜੀ ’ਚ 13 ਮਈ ਨੂੰ ਘਟਨਾ ਵਾਲੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਦੇ ਕੁੱਝ ਵੀਡੀਉ ਸੋਸ਼ਲ ਮੀਡੀਆ ’ਤੇ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ ਇਕ ’ਚ ਮਾਲੀਵਾਲ ਨੂੰ ਸੁਰੱਖਿਆ ਕਰਮਚਾਰੀਆਂ ਨਾਲ ਬਹਿਸ ਕਰਦੇ ਹੋਏ ਵੇਖਿਆ ਜਾ ਸਕਦਾ ਹੈ, ਜਦਕਿ ਦੂਜੇ ’ਚ ਉਹ ਸਿਵਲ ਲਾਈਨਜ਼ ’ਚ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਬਾਹਰ ਆਉਂਦੀ ਨਜ਼ਰ ਆ ਰਹੀ ਹੈ।
ਮਾਲੀਵਾਲ ਦੇ ਵਕੀਲ ਨੇ ਕਿਹਾ ਕਿ ਕੁਮਾਰ ਦੇ ਜੇਲ੍ਹ ’ਚ ਹੋਣ ਦੇ ਬਾਵਜੂਦ ‘ਆਪ’ ਸੰਸਦ ਮੈਂਬਰ ਨੂੰ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਕੁਮਾਰ ਦੀ ਬੇਗੁਨਾਹੀ ’ਤੇ ਸਵਾਲ ਚੁਕੇ ਅਤੇ ਦੋਸ਼ ਲਾਇਆ ਕਿ ਕੁਮਾਰ ਨੇ ਅਪਣਾ ਫੋਨ ਫਾਰਮੈਟ ਕੀਤਾ ਸੀ ਅਤੇ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਮਿਟਾ ਦਿਤੀ ਸੀ।
ਵਧੀਕ ਸਰਕਾਰੀ ਵਕੀਲ ਅਤੁਲ ਸ਼੍ਰੀਵਾਸਤਵ ਨੇ ਕਿਹਾ ਕਿ ਮਾਲੀਵਾਲ ਮੁੱਖ ਮੰਤਰੀ ਦੀ ਰਿਹਾਇਸ਼ ’ਚ ਜ਼ਬਰਦਸਤੀ ਦਾਖਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਪਣੀਆਂ ਸੇਵਾਵਾਂ ਖਤਮ ਹੋਣ ਦੇ ਬਾਵਜੂਦ ਕੁਮਾਰ ਇਕ ਪ੍ਰਭਾਵਸ਼ਾਲੀ ਵਿਅਕਤੀ ਬਣੇ ਹੋਏ ਹਨ।
ਕੁਮਾਰ ਦੇ ਵਕੀਲ ਨੇ ਜ਼ਮਾਨਤ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁਵੱਕਿਲ ਜ਼ਮਾਨਤ ਮੰਗਣ ਲਈ ਤਿੰਨ ਸ਼ਰਤਾਂ ਪੂਰੀਆਂ ਕਰਦਾ ਹੈ ਕਿਉਂਕਿ ਉਸ ਨੂੰ ਫਰਾਰ ਹੋਣ ਦਾ ਖ਼ਤਰਾ ਨਹੀਂ ਹੈ ਅਤੇ ਨਾ ਹੀ ਉਸ ਦੇ ਸਬੂਤਾਂ ਨਾਲ ਛੇੜਛਾੜ ਕਰਨ ਜਾਂ ਗਵਾਹਾਂ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਹੈ।
ਕੁਮਾਰ ਦੇ ਵਕੀਲ ਨੇ ਦਾਅਵਾ ਕੀਤਾ ਕਿ ਪੁਲਿਸ ਨਾਲ ਸਹਿਯੋਗ ਕਰਨ ਦੇ ਬਾਵਜੂਦ ਉਨ੍ਹਾਂ ਦੇ ਮੁਵੱਕਲ ਨੂੰ ਗ੍ਰਿਫਤਾਰ ਕਰ ਲਿਆ ਗਿਆ। ਵਕੀਲ ਨੇ ਕਿਹਾ ਕਿ ਇਸ ਮਾਮਲੇ ’ਚ ਐਫ.ਆਈ.ਆਰ. ਤਿੰਨ ਦਿਨਾਂ ਦੀ ਦੇਰੀ ਤੋਂ ਬਾਅਦ ‘ਜਾਣਬੁਝ ਕੇ’ ਦਰਜ ਕੀਤੀ ਗਈ ਸੀ। ਕੁਮਾਰ ਨੂੰ ਸਨਿਚਰਵਾਰ ਨੂੰ ਚਾਰ ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿਤਾ ਗਿਆ ਸੀ ਅਤੇ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।