
ਉਨ੍ਹਾਂ ਨੂੰ ਈਡੀ ਅਤੇ ਸੀਬੀਆਈ ਦੇ ਕੇਸਾਂ ਵਿੱਚ ਜ਼ਮਾਨਤ ਦਿੱਤੀ ਗਈ ਹੈ
K Kavitha Bail : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਭਾਰਤ ਰਾਸ਼ਟਰ ਸਮਿਤੀ (BRS) ਨੇਤਾ ਕੇ. ਕਵਿਤਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਈਡੀ ਅਤੇ ਸੀਬੀਆਈ ਦੇ ਕੇਸਾਂ ਵਿੱਚ ਜ਼ਮਾਨਤ ਦਿੱਤੀ ਗਈ ਹੈ। ਅਦਾਲਤ ਨੇ ਉਨ੍ਹਾਂ ਨੂੰ ਦੋਵਾਂ ਮਾਮਲਿਆਂ ਵਿੱਚ 10-10 ਲੱਖ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ।
ਉਨ੍ਹਾਂ ਨੂੰ ਆਪਣਾ ਪਾਸਪੋਰਟ ਹੇਠਲੀ ਅਦਾਲਤ ਵਿੱਚ ਜਮ੍ਹਾਂ ਕਰਵਾਉਣਾ ਹੋਵੇਗਾ। ਅਦਾਲਤ ਨੇ ਉਸ ਨੂੰ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਕਿਉਂਕਿ ਉਹ ਪੜ੍ਹੀ-ਲਿਖੀ ਹੈ ਜਾਂ ਵਿਧਾਇਕ ਜਾਂ ਸਾਂਸਦ ਹੈ, ਉਸ ਨੂੰ ਪੀਐੱਮਐੱਲਏ ਐਕਟ ਦੀਆਂ ਵਿਵਸਥਾਵਾਂ ਦੇ ਲਾਭਾਂ ਤੋਂ ਵਾਂਝਾ ਰੱਖਿਆ ਜਾ ਸਕਦਾ ਹੈ।
ਕੀ ਸਬੂਤ ਹੈ ਕਿ ਕੇ. ਕਵਿਤਾ ਅਪਰਾਧ ਵਿੱਚ ਸ਼ਾਮਲ ਸੀ : ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਜਾਂਚ ਏਜੰਸੀਆਂ ਨੂੰ ਪੁੱਛਿਆ ਕਿ ਕੀ ਇਸ ਗੱਲ ਦੇ ਸਬੂਤ ਹਨ ਕਿ ਬੀਆਰਐਸ ਨੇਤਾ ਕੇ. ਕਵਿਤਾ ਅਪਰਾਧ ਵਿੱਚ ਸ਼ਾਮਲ ਸੀ। ਇਸ ਤੋਂ ਬਾਅਦ ਅਦਾਲਤ ਨੇ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਬੀਆਰਐਸ ਆਗੂ ਕੇ. ਕਵਿਤਾ ਨੂੰ ਜ਼ਮਾਨਤ ਦੇ ਦਿੱਤੀ।
ਮੋਬਾਈਲ ਫੋਨ 'ਫਾਰਮੇਟਿੰਗ' ਦੇ ਆਰੋਪ 'ਫਰਜ਼ੀ': ਕੇ. ਕਵਿਤਾ
ਮੰਗਲਵਾਰ ਨੂੰ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਨੇਤਾ ਕੇ. ਕਵਿਤਾ ਨੇ ਸੁਪਰੀਮ ਕੋਰਟ ਨੂੰ ਜ਼ਮਾਨਤ ਦੇਣ ਦੀ ਬੇਨਤੀ ਕਰਦਿਆਂ ਕਿਹਾ ਕਿ ਉਸ ਦੇ ਖਿਲਾਫ ਸੀਬੀਆਈ ਅਤੇ ਈਡੀ ਦੀ ਜਾਂਚ ਪੂਰੀ ਹੋ ਚੁੱਕੀ ਹੈ। ਜਾਂਚ ਏਜੰਸੀਆਂ ਨੇ ਅਦਾਲਤ ਵਿੱਚ ਦੱਸਿਆ ਕਿ ਕਵਿਤਾ ਨੇ ਮੋਬਾਈਲ ਫੋਨ ਨੂੰ ‘ਫਾਰਮੈਟ’ ਕੀਤਾ ਸੀ ਅਤੇ ਸਬੂਤਾਂ ਨਾਲ ਛੇੜਛਾੜ ਕੀਤੀ ਸੀ। ਇਸ ’ਤੇ ਬੀਆਰਐਸ ਆਗੂ ਨੇ ਅਦਾਲਤ ਵਿੱਚ ਕਿਹਾ ਕਿ ਮੋਬਾਈਲ ਫੋਨ ਨੂੰ ‘ਫਾਰਮੈਟ’ ਕਰਨ ਦੇ ਆਰੋਪ ‘ਫਰਜ਼ੀ’ ਹਨ।
ਕਵਿਤਾ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਆਪਣੇ ਮੁਵੱਕਿਲ ਲਈ ਜ਼ਮਾਨਤ ਦੀ ਮੰਗ ਕਰਦਿਆਂ ਕਿਹਾ ਸੀ ਕਿ ਦੋ ਜਾਂਚ ਏਜੰਸੀਆਂ ਪਹਿਲਾਂ ਹੀ ਉਸ ਵਿਰੁੱਧ ਜਾਂਚ ਪੂਰੀ ਕਰ ਚੁੱਕੀਆਂ ਹਨ।
ਦੱਸ ਦੇਈਏ ਕਿ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਨੂੰ ਈਡੀ ਨੇ ਇਸ ਸਾਲ ਮਾਰਚ ਵਿੱਚ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਸੀਬੀਆਈ ਨੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ।