
ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਖ਼ਿਲਾਫ਼ ਦਿੱਤਾ ਸੀ ਭੜਕਾਊ ਭਾਸ਼ਣ, ਮਿਲੀ 3 ਸਾਲ ਦੀ ਸਜ਼ਾ, ਨਾਲ 25 ਹਜ਼ਾਰ ਰੁਪਏ ਜੁਰਮਾਨਾ
ਬਰੇਲੀ - ਰਾਮਪੁਰ ਦੀ ਐੱਮਪੀ-ਵਿਧਾਇਕ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਆਜ਼ਮ ਖਾਨ ਨੂੰ ਭੜਕਾਊ ਭਾਸ਼ਣ ਦੇਣ ਦਾ ਦੋਸ਼ੀ ਠਹਿਰਾਉਂਦੇ ਹੋਏ, ਤਿੰਨ ਸਾਲ ਦੀ ਕੈਦ ਅਤੇ 25,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਅਦਾਲਤ ਦੇ ਇਸ ਫ਼ੈਸਲੇ ਕਾਰਨ ਖ਼ਾਨ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਤਮ ਕੀਤੀ ਜਾ ਸਕਦੀ ਹੈ, ਕਿਉਂਕਿ ਨਿਯਮਾਂ ਮੁਤਾਬਿਕ ਸੰਸਦ ਮੈਂਬਰ/ਵਿਧਾਇਕ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੋਣ 'ਤੇ ਸਦਨ ਦੀ ਮੈਂਬਰਸ਼ਿਪ ਖਤਮ ਹੋ ਜਾਂਦੀ ਹੈ। ਜੁਲਾਈ 2013 ਵਿੱਚ ਸੁਪਰੀਮ ਕੋਰਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੇਕਰ ਸੰਸਦ ਮੈਂਬਰ ਅਤੇ ਵਿਧਾਇਕ ਨੂੰ ਕਿਸੇ ਵੀ ਮਾਮਲੇ ਵਿੱਚ ਦੋ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਜਾਂਦੀ ਹੈ, ਤਾਂ ਉਨ੍ਹਾਂ ਦੀ ਮੈਂਬਰਸ਼ਿਪ (ਸੰਸਦ ਅਤੇ ਵਿਧਾਨ ਸਭਾ ਤੋਂ) ਖ਼ਤਮ ਹੋ ਜਾਵੇਗੀ।
ਸਜ਼ਾ ਮਿਲਣ ਤੋਂ ਬਾਅਦ ਅਦਾਲਤ ਤੋਂ ਬਾਹਰ ਆਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖ਼ਾਨ ਨੇ ਕਿਹਾ, ''ਇਹ ਸਭ ਤੋਂ ਵੱਧ ਸਜ਼ਾ ਹੈ। ਇਸ ਮਾਮਲੇ 'ਚ ਜ਼ਮਾਨਤ ਲਾਜ਼ਮੀ ਸ਼ਰਤ ਹੈ, ਇਸੇ ਆਧਾਰ 'ਤੇ ਮੈਨੂੰ ਜ਼ਮਾਨਤ ਮਿਲੀ ਹੈ। ਮੈਨੂੰ ਇਨਸਾਫ਼ ਦਾ ਕਾਇਲ ਹੋ ਗਿਆ ਹਾਂ।" ਜ਼ਿਕਰਯੋਗ ਹੈ ਕਿ ਆਜ਼ਮ ਖਾਨ ਨੂੰ ਨਫ਼ਰਤ ਭਰੇ ਭਾਸ਼ਣ ਦੇ ਮਾਮਲੇ 'ਚ ਸਜ਼ਾ ਸੁਣਾਈ ਗਈ ਹੈ, ਜੋ ਕਿ ਜ਼ਮਾਨਤਯੋਗ ਮਾਮਲਾ ਹੈ ਅਤੇ ਸੰਭਵ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ 'ਚ ਜੇਲ੍ਹ ਨਾ ਜਾਣਾ ਪਵੇ।
2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਆਜ਼ਮ ਖਾਨ ਉੱਤੇ ਮਿਲਕ ਕੋਤਵਾਲੀ ਖੇਤਰ ਦੇ ਪਿੰਡ ਖਾਤਾਨਗਰੀਆ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਚੰਗਾ-ਮਾੜਾ ਕਹਿ ਕੇ ਭੜਕਾਊ ਭਾਸ਼ਣ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਖ਼ਾਨ ਦੇ ਬਿਆਨ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ।
ਇਸ ਮਾਮਲੇ ਵਿੱਚ ਦੋਵੇਂ ਧਿਰਾਂ ਦੀ ਬਹਿਸ 21 ਅਕਤੂਬਰ ਨੂੰ ਮੁਕੰਮਲ ਹੋ ਗਈ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਗਲੀ ਸੁਣਵਾਈ ਲਈ 27 ਅਕਤੂਬਰ ਦੀ ਤਰੀਕ ਤੈਅ ਕੀਤੀ ਸੀ।