ਚੀਫ਼ ਜਸਟਿਸ ਬੀ.ਆਰ. ਗਵਈ 23 ਨਵੰਬਰ ਨੂੰ ਹੋਣਗੇ ਸੇਵਾਮੁਕਤ
ਨਵੀਂ ਦਿੱਲੀ : ਚੀਫ਼ ਜਸਟਿਸ ਬੀ.ਆਰ. ਗਵਈ ਨੇ ਕੇਂਦਰ ਸਰਕਾਰ ਨੂੰ ਜਸਟਿਸ ਸੂਰਿਆ ਕਾਂਤ ਨੂੰ ਅਗਲੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ। ਮੌਜੂਦਾ ਚੀਫ਼ ਜਸਟਿਸ ਤੋਂ ਬਾਅਦ ਸੁਪਰੀਮ ਕੋਰਟ ਦੇ ਦੂਜੇ ਸਭ ਤੋਂ ਸੀਨੀਅਰ ਜੱਜ ਜਸਟਿਸ ਸੂਰਿਆ ਕਾਂਤ ਦੇ 24 ਨਵੰਬਰ ਨੂੰ ਦੇਸ਼ ਦੇ 53ਵੇਂ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਚੀਫ਼ ਜਸਟਿਸ ਗਵਈ 23 ਨਵੰਬਰ ਨੂੰ ਸੇਵਾਮੁਕਤ ਹੋਣਗੇ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਸਾਲ 14 ਮਈ ਨੂੰ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣ ਵਾਲੇ ਜਸਟਿਸ ਗਵਈ ਨੇ ਅਗਲੇ ਚੀਫ਼ ਜਸਟਿਸ ਵਜੋਂ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਜਸਟਿਸ ਸੂਰਿਆ ਕਾਂਤ ਦੇ ਨਾਮ ਦੀ ਸਿਫਾਰਸ਼ ਕੀਤੀ ਹੈ। ਜਸਟਿਸ ਸੂਰਿਆ ਕਾਂਤ ਜਿਨ੍ਹਾਂ ਨੂੰ 24 ਮਈ, 2019 ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ ਸੀ, ਦਾ ਚੀਫ਼ ਜਸਟਿਸ ਵਜੋਂ ਇੱਕ ਸਾਲ ਅਤੇ ਦੋ ਮਹੀਨਿਆਂ ਤੋਂ ਵੱਧ ਦਾ ਕਾਰਜਕਾਲ ਹੋਵੇਗਾ।
