
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਅਤੇ ਘਰ ਵਾਪਸ ਵਰਤਣ ਦੀ ਅਪੀਲ ਕੀਤੀ ਹੈ।
ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਅਤੇ ਘਰ ਵਾਪਸ ਵਰਤਣ ਦੀ ਅਪੀਲ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੰਸਦ ਇਜਲਾਸ ਸ਼ੁਰੂ ਹੋਣ ਮੌਕੇ ਪਹਿਲੇ ਦਿਨ ਹੀ ਤਿੰਨ ਖੇਤੀ ਕਾਨੂੰਨਾਂ ਨੂੰ ਸੰਸਦ ਵਿਚ ਰੱਦ ਕਰਨ ਲਈ ਰੱਖਿਆ ਜਾਵੇਗਾ।
Narendra Tomar
ਉਹਨਾਂ ਕਿਹਾ ਕਿ, “ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦਾ ਐਲਾਨ ਕਰਨ ਤੋਂ ਬਾਅਦ ਹੁਣ ਅੰਦੋਲਨ ਕਰਨ ਦੀ ਕੋਈ ਤੁਕ ਨਹੀਂ ਬਣਦੀ। ਇਸ ਲਈ ਮੈਂ ਕਿਸਾਨਾਂ ਨੂੰ ਬੇਨਤੀ ਕਰਨੀ ਚਾਹੁੰਦਾ ਹਾਂ ਕਿ ਉਹ ਆਪਣਾ ਅੰਦੋਲਨ ਸਮਾਪਤ ਕਰਨ, ਵੱਡਾ ਮਨ ਦਿਖਾਉਣ ਅਤੇ ਪ੍ਰਧਾਨ ਮੰਤਰੀ ਦੇ ਐਲਾਨ ਦਾ ਆਦਰ ਕਰਨ ਅਤੇ ਆਪੋ-ਆਪਣੇ ਘਰਾਂ ਨੂੰ ਪਰਤਣਾ ਯਕੀਨੀ ਬਣਾਉਣ।''
Farmers protest
ਐਮਐਸਪੀ ਤੇ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਕਮੇਟੀ ਦਾ ਗਠਨ
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਜ਼ੀਰੋ ਬਜਟ ਖੇਤੀ, ਫਸਲ ਵਿਭਿੰਨਤਾ, ਐਮਐਸਪੀ ਨੂੰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਬਣਾਉਣ ਵਰਗੇ ਵਿਸ਼ਿਆਂ 'ਤੇ ਵਿਚਾਰ ਕਰਨ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਇਹ ਕਮੇਟੀ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਪਰਾਲੀ ਸਾੜਨ ਨੂੰ ਅਪਰਾਧ ਤੋਂ ਮੁਕਤ ਕੀਤੇ ਜਾਣ ਦੀ ਮੰਗ ਕੀਤੀ ਸੀ, ਜਿਸ ਨੂੰ ਭਾਰਤ ਸਰਕਾਰ ਨੇ ਮੰਨਿਆ ਹੈ।
Stubble Burning
"ਕਿਸਾਨਾਂ 'ਤੇ ਦਰਜ ਮੁਕੱਦਮੇ ਵਾਪਸ ਲੈਣ ਅਤੇ ਮੁਆਵਜ਼ਾ ਦੇਣ ਦਾ ਅਧਿਕਾਰ ਸੂਬਾ ਸਰਕਾਰਾਂ ਕੋਲ"
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਕੀਤੇ ਮੁਕੱਦਮੇ ਵਾਪਸ ਲੈਣ ਅਤੇ ਉਹਨਾਂ ਨੂੰ ਮੁਆਵਜ਼ਾ ਦੇਣ ਦਾ ਅਧਿਕਾਰ ਸੂਬਾ ਸਰਕਾਰਾਂ ਦਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਸੂਬਾ ਸਰਕਾਰਾਂ ਮੁਕੱਦਮੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਪਣੇ-ਅਪਣੇ ਸੂਬੇ ਦੀ ਨੀਤੀ ਅਨੁਸਾਰ ਫੈਸਲਾ ਲੈ ਸਕਦੀਆਂ ਹਨ।