
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।
ਮੁਹਾਲੀ: ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਦਿੱਤਾ ਗਿਆ ਹੈ। ਅੱਜ ਤੋਂ ਇਸ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਵਿਚ ਪੰਚਕੂਲਾ ਅਤੇ ਮੁਹਾਲੀ ਦਾ ਨਾਂ ਨਹੀਂ ਜੋੜਿਆ ਗਿਆ ਹੈ। ਬੁੱਧਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਮ ਬਦਲਣ ਦਾ ਉਦਘਾਟਨ ਕੀਤਾ।
ਇਸ ਮੌਕੇ ਕੇਂਦਰੀ ਮੰਤਰੀ ਵੀਕੇ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਅਨਿਲ ਵਿਜ ਸਮੇਤ ਦੋਵਾਂ ਸੂਬਿਆਂ ਦੇ ਰਾਜਪਾਲ ਵੀ ਮੌਜੂਦ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਹਨਾਂ ਨੇ ਇਸ ਹਵਾਈ ਅੱਡੇ ਤੋਂ ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਦੀ ਮੰਗ ਉਠਾਈ। ਖਾਸ ਗੱਲ ਇਹ ਹੈ ਕਿ ਇਸ ਪ੍ਰੋਗਰਾਮ 'ਚ ਪੰਜਾਬ ਦੇ ਸੀਐੱਮ ਭਗਵੰਤ ਮਾਨ ਅਤੇ ਰਾਜਪਾਲ ਬੀਐੱਲ ਪੁਰੋਹਿਤ ਮੰਚ ਸਾਂਝਾ ਕਰ ਰਹੇ ਹਨ। ਕੁਝ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਨੂੰ ਲੈ ਕੇ ਦੋਵਾਂ ਵਿਚਾਲੇ ਕਾਫੀ ਤਣਾਅ ਚੱਲ ਰਿਹਾ ਸੀ।
ਇਸ ਦੇ ਨਾਲ ਹੀ ਹਰਿਆਣਾ ਤੋਂ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਅਨਿਲ ਵਿਜ ਵੀ ਪ੍ਰੋਗਰਾਮ 'ਚ ਪਹੁੰਚੇ ਹਨ। ਇਸ ਪ੍ਰੋਗਰਾਮ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੌਜੂਦ ਨਹੀਂ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ਦੌਰੇ 'ਤੇ ਹਨ।