
ਅਦਾਲਤ ਨੇ ਕਿਹਾ ਕਿ ਇਸ ਮਾਮਲੇ 'ਚ ਸਰਕਾਰ ਭਾਵੇਂ ਕੋਈ ਵੀ ਫੈਸਲਾ ਲੈ ਲਵੇ ਪਰ ਇਸ 'ਤੇ ਫੈਸਲਾ ਲੈਣਾ ਹੋਵੇਗਾ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਵਿਚ ਤਬਦੀਲੀ ਦੀ ਅਰਜ਼ੀ ‘ਤੇ ਛੇਤੀ ਫੈਸਲਾ ਲੈਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ 2 ਮਈ ਦੇ ਹੁਕਮਾਂ ਮੁਤਾਬਕ ਫੈਸਲਾ ਲੈਣ ਲਈ ਦਿੱਤੀ ਗਈ ਦੋ ਮਹੀਨਿਆਂ ਦੀ ਸਮਾਂ ਸੀਮਾ ਖਤਮ ਹੋ ਚੁੱਕੀ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ 'ਚ ਸਰਕਾਰ ਭਾਵੇਂ ਕੋਈ ਵੀ ਫੈਸਲਾ ਲੈ ਲਵੇ ਪਰ ਇਸ 'ਤੇ ਫੈਸਲਾ ਲੈਣਾ ਹੋਵੇਗਾ।
ਸੀਜੇਆਈ ਯੂ-ਯੂ ਲਲਿਤ ਦੀ ਬੈਂਚ ਨੇ ਸਰਕਾਰ ਨੂੰ ਵੀਰਵਾਰ ਤੱਕ ਹਲਫ਼ਨਾਮਾ ਦਾਇਰ ਕਰਨ ਅਤੇ ਇਹ ਵੀ ਦੱਸਣ ਲਈ ਕਿਹਾ ਹੈ ਕਿ ਇਸ ਸਬੰਧ ਵਿਚ ਕਿੰਨੀ ਪ੍ਰਗਤੀ ਹੋਈ ਹੈ। ਸੁਪਰੀਮ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ 30 ਸਤੰਬਰ ਨੂੰ ਕਰੇਗਾ। ਇਸ ਤੋਂ ਪਹਿਲਾਂ 2 ਮਈ 2022 ਨੂੰ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਰਹਿਮ ਦੀ ਅਪੀਲ 'ਤੇ ਫ਼ੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਦੋ ਮਹੀਨੇ ਦਾ ਸਮਾਂ ਦਿੱਤਾ ਸੀ।
ਦੱਸ ਦੇਈਏ ਕਿ ਇਹ ਉਸ ਪਟੀਸ਼ਨ 'ਤੇ ਫ਼ੈਸਲਾ ਲੈਣ ਬਾਰੇ ਕਿਹਾ ਗਿਆ ਹੈ ਜਿਸ ਵਿਚ ਬਲਵੰਤ ਸਿੰਘ ਰਾਜੋਆਣਾ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 'ਚ ਹੋਏ ਕਤਲ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਨੂੰ ਜੁਲਾਈ 2007 ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਲਗਭਗ 26 ਸਾਲ ਤੋਂ ਜੇਲ੍ਹ 'ਚ ਕੈਦ ਹਨ ਅਤੇ ਇਸ ਦੇ ਆਧਾਰ 'ਤੇ ਹੀ ਆਪਣੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਹੈ।