ਕਈ ਵਾਹਨਾਂ ਨੂੰ ਲਗਾਈ ਅੱਗ
ਇੰਫਾਲ: ਮਨੀਪੁਰ ਵਿਚ ਦੋ ਵਿਦਿਆਰਥੀਆਂ ਦੀ ਮੌਤ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਵੀਰਵਾਰ ਸਵੇਰੇ ਵੀ ਜਾਰੀ ਰਿਹਾ। ਗੁੱਸੇ ਵਿਚ ਆਈ ਭੀੜ ਨੇ ਇੰਫਾਲ ਪੱਛਮੀ ਵਿਚ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਵਿਚ ਭੰਨਤੋੜ ਕੀਤੀ ਅਤੇ ਦੋ ਵਾਹਨਾਂ ਨੂੰ ਅੱਗ ਲਗਾ ਦਿਤੀ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਜੁਲਾਈ ਵਿਚ ਲਾਪਤਾ ਹੋਏ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਮੰਗਲਵਾਰ ਨੂੰ ਸੂਬੇ ਦੀ ਰਾਜਧਾਨੀ ਵਿਚ ਵਿਦਿਆਰਥੀਆਂ ਦੀ ਅਗਵਾਈ ਵਾਲੀ ਹਿੰਸਾ ਸ਼ੁਰੂ ਹੋਈ।
ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਗ੍ਰਿਫ਼ਤਾਰ, ਐਨਡੀਪੀਐਸ ਐਕਟ ਤਹਿਤ ਕੀਤਾ ਗਿਆ ਗ੍ਰਿਫ਼ਤਾਰ
ਅਧਿਕਾਰੀਆਂ ਨੇ ਦਸਿਆ ਕਿ ਬੀਤੀ ਰਾਤ ਉਰੀਪੋਕ, ਯਾਸਕੁਲ, ਸਗੋਲਬੰਦ ਅਤੇ ਟੇਰਾ ਖੇਤਰਾਂ 'ਚ ਪ੍ਰਦਰਸ਼ਨਕਾਰੀਆਂ ਦੀ ਸੁਰੱਖਿਆ ਬਲਾਂ ਨਾਲ ਝੜਪ ਹੋ ਗਈ, ਜਿਸ ਕਾਰਨ ਸੁਰੱਖਿਆ ਬਲਾਂ ਨੂੰ ਸਥਿਤੀ 'ਤੇ ਕਾਬੂ ਪਾਉਣ ਲਈ ਕਈ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ਨੂੰ ਰਿਹਾਇਸ਼ੀ ਇਲਾਕਿਆਂ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਟਾਇਰ ਸਾੜ ਕੇ ਸੜਕਾਂ ਜਾਮ ਕਰ ਦਿਤੀਆਂ। ਉਨ੍ਹਾਂ ਕਿਹਾ ਕਿ ਭੀੜ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੀ ਭੰਨਤੋੜ ਕੀਤੀ ਅਤੇ ਵਾਹਨਾਂ ਨੂੰ ਸਾੜ ਦਿਤਾ। ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਸਥਿਤੀ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: ਰੇਲ ਯਾਤਰਾ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਨਹੀਂ ਚੱਲਣਗੀਆਂ ਰੇਲਾਂ
ਸੁਰੱਖਿਆ ਬਲਾਂ ਵਲੋਂ ਹਿੰਸਕ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਇੰਫਾਲ ਪੂਰਬੀ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਵਿਚ ਕਰਫਿਊ ਮੁੜ ਲਾਗੂ ਕਰ ਦਿਤਾ ਗਿਆ ਹੈ। ਮੰਗਲਵਾਰ ਤੋਂ ਹੁਣ ਤਕ ਇਨ੍ਹਾਂ ਪ੍ਰਦਰਸ਼ਨਾਂ 'ਚ 65 ਪ੍ਰਦਰਸ਼ਨਕਾਰੀ ਜ਼ਖਮੀ ਹੋ ਚੁੱਕੇ ਹਨ। ਪੁਲਿਸ ਨੇ ਦਸਿਆ ਕਿ ਇਸ ਦੌਰਾਨ ਥੌਬਲ ਜ਼ਿਲ੍ਹੇ ਦੇ ਖੋਂਗਜਾਮ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰ ਨੂੰ ਅੱਗ ਲਗਾ ਦਿਤੀ ਗਈ। ਮਨੀਪੁਰ ਪੁਲਿਸ ਨੇ ਇਕ ਬਿਆਨ ਵਿਚ ਕਿਹਾ ਕਿ ਭੀੜ ਨੇ ਇਕ ਪੁਲਿਸ ਵਾਹਨ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਨੂੰ ਅੱਗ ਲਗਾ ਦਿਤੀ ਅਤੇ ਇਕ ਪੁਲਿਸ ਕਰਮਚਾਰੀ 'ਤੇ ਹਮਲਾ ਕੀਤਾ ਅਤੇ ਉਸ ਦਾ ਹਥਿਆਰ ਖੋਹ ਲਿਆ।
ਇਹ ਵੀ ਪੜ੍ਹੋ: ਇਸ ਦੁਸਹਿਰੇ ਦੇ ਤਿਉਹਾਰ ਨੂੰ ਕਾਮੇਡੀ, ਹਸੀ-ਮਜ਼ਾਕ ਤੇ ਠਹਾਕਿਆ ਦੇ ਨਾਲ ਭਰਨ ਲਈ ਪੇਸ਼ ਹੋਣ ਜਾ ਰਹੀ ਫਿਲਮ "ਮੌਜਾਂ ਹੀ ਮੌਜਾਂ"
ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧਾਂ ਵਿਚ ਸ਼ਾਮਲ ਵਿਅਕਤੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਖੋਹੇ ਗਏ ਹਥਿਆਰਾਂ ਦੀ ਬਰਾਮਦਗੀ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਗਈ ਹੈ। ਮਨੀਪੁਰ ਦੇ ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਕਮਿਸ਼ਨ ਨੇ ਸੁਰੱਖਿਆ ਬਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸ਼ੋਰਾਂ 'ਤੇ "ਮਨਮਾਨੇ ਢੰਗ ਨਾਲ" ਲਾਠੀਚਾਰਜ, ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਨਾ ਚਲਾਉਣ।
ਇਹ ਵੀ ਪੜ੍ਹੋ: ਟਿੰਡੇ ਖਾਣ ਨਾਲ ਹੁੰਦੇ ਹਨ ਬੇਮਿਸਾਲ ਫ਼ਾਇਦੇ, ਕਈ ਬੀਮਾਰੀਆਂ ਹੁੰਦੀਆਂ ਹਨ ਦੂਰ
ਅਨੁਸੂਚਿਤ ਜਨਜਾਤੀ (ਐਸਟੀ) ਦਾ ਦਰਜਾ ਦੇਣ ਦੀ ਮੇਈਟੀ ਭਾਈਚਾਰੇ ਦੀ ਮੰਗ ਦੇ ਵਿਰੋਧ ਵਿਚ ਪਹਾੜੀ ਜ਼ਿਲ੍ਹਿਆਂ ਵਿਚ 3 ਮਈ ਨੂੰ ਕਬਾਇਲੀ ਏਕਤਾ ਮਾਰਚ ਤੋਂ ਬਾਅਦ ਸੂਬੇ ਵਿਚ ਜਾਤੀ ਹਿੰਸਾ ਭੜਕ ਗਈ ਸੀ। ਹਿੰਸਾ ਦੀਆਂ ਘਟਨਾਵਾਂ 'ਚ ਹੁਣ ਤਕ 180 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਲੋਕ ਜ਼ਖਮੀ ਹੋ ਚੁੱਕੇ ਹਨ। ਮੇਈਟੀ ਭਾਈਚਾਰਾ ਮਨੀਪੁਰ ਦੀ ਆਬਾਦੀ ਦਾ ਲਗਭਗ 53 ਫ਼ੀ ਸਦੀ ਬਣਦਾ ਹੈ ਅਤੇ ਉਹ ਜ਼ਿਆਦਾਤਰ ਇੰਫਾਲ ਘਾਟੀ ਵਿਚ ਰਹਿੰਦੇ ਹਨ। ਇਸ ਦੇ ਨਾਲ ਹੀ ਨਾਗਾ ਅਤੇ ਕੂਕੀ ਆਦਿਵਾਸੀਆਂ ਦੀ ਆਬਾਦੀ ਲਗਭਗ 40 ਫ਼ੀ ਸਦੀ ਹੈ ਅਤੇ ਉਹ ਜ਼ਿਆਦਾਤਰ ਪਹਾੜੀ ਜ਼ਿਲ੍ਹਿਆਂ ਵਿਚ ਰਹਿੰਦੇ ਹਨ।