
2 ਔਰਤਾਂ ਜਖ਼ਮੀ ਹੋਈਆਂ ਹਨ ਜਿਨ੍ਹਾਂ ਨੂੰ ਪੀ.ਜੀ.ਆਈ. ਰੋਹਤਕ ਦਾਖ਼ਲ ਕਰਵਾਇਆ ਗਿਆ ਹੈ
ਮਾਨਸਾ - ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ( ਟਿੱਪਰ) ਨੇ ਆਪਣੀ ਲਪੇਟ ਵਿਚ ਲੈ ਲਿਆ ਹੈ, ਜਿਨ੍ਹਾਂ ਵਿਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ ਹਨ।ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਵਸਨੀਕ ਹਨ।
ਇਹ ਕਈ ਦਿਨਾਂ ਤੋਂ ਦਿੱਲੀ ਕਿਸਾਨ ਅੰਦੋਲਨ ਵਿਚ ਹੀ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਔਰਤਾਂ ਵਿਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ ਗੁਰਮੇਲ ਕੌਰ ਪਤਨੀ ਭੋਲਾ ਸਿੰਘ, ਸੁਖਵਿੰਦਰ ਕੌਰ ਪਤਨੀ ਭਗਵਾਨ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ
ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪਤਾ ਲੱਗਿਆ ਹੈ ਕਿ ਇਹ ਔਰਤਾਂ ਦਿੱਲੀ ਤੋਂ ਬਹਾਦਰਗੜ੍ਹ ਹੋ ਕੇ ਪੰਜਾਬ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਕਿ ਅਚਾਨਕ ਇੱਕ ਟਰੱਕ ਨੇ ਬੇਕਾਬੂ ਹੋ ਕੇ ਇਹਨਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੌਕੇ 'ਤੇ ਦੌੜ ਗਿਆ ਅਤੇ ਪੁਲਿਸ ਨੇ ਆਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।