
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਉੱਠੀ ਮੰਗ
ਚੰਡੀਗੜ੍ਹ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਜਪਾ ਪੰਜਾਬ ਵੱਲੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ‘ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ’ ਤੋਂ ਬਦਲ ਕੇ ‘ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਏਅਰਪੋਰਟ’ ਰੱਖਣ ਦੀ ਮੰਗ ਚੁੱਕੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੇ ਵੱਡੇ ਆਗੂ ਗੁਰਦੁਆਰਾ ਸਾਹਿਬਾਨਾਂ ਵਿਚ ਨਤਮਸਤਕ ਹੁੰਦੇ ਹਨ ਅਤੇ ਵੱਡੇ ਬਿਆਨ ਦਿੰਦੇ ਹਨ ਪਰ ਉਹਨਾਂ ਵੱਲੋਂ ਗੁਰੂ ਸਾਹਿਬਾਨਾਂ ਸਬੰਧੀ ਵੱਡੇ ਕਾਰਜਾਂ ਲਈ ਫੈਸਲੇ ਨਹੀਂ ਲਏ ਜਾਂਦੇ।
ਉਹਨਾਂ ਕਿਹਾ ਕਿ ਬੀਤੇ ਵਰ੍ਹਿਆਂ ਦੌਰਾਨ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਗਿਆ, ਉਸ ਮਗਰੋਂ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ ਪਰ ਕਾਨੂੰਨ ਨੇ ਕੋਈ ਇਨਸਾਫ ਨਹੀਂ ਦਿੱਤਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਇੰਦਰਾ ਗਾਂਧੀ ਦੀ ਤੁਲਨਾ ਨਹੀਂ ਕੀਤੀ ਜਾ ਸਕਦੀ। ਜੇਕਰ ਅਸੀਂ ਸੱਚਮੁੱਚ ਹੀ ਗੁਰੂ ਤੇਗ ਬਹਾਦਰ ਸਾਹਿਬਾਨ ਨੂੰ ਸਿਜਦਾ ਕਰਨਾ ਚਾਹੁੰਦੇ ਹਾਂ ਤਾਂ ਇੰਦਰਾ ਗਾਂਧੀ ਵਰਗੇ ਸ਼ਾਸਕ ਦਾ ਨਾਂਅ ਕੌਮਾਂਤਰੀ ਹਵਾਈ ਅੱਡੇ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ। ਇਸ ਹਵਾਈ ਅੱਡੇ ਨੂੰ ਮਨੁੱਖਤਾ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਰਨਾ ਚਾਹੀਦਾ ਹੈ। ਤਾਂ ਜੋ ਮਨੁੱਖਤਾ ਦਾ ਰਾਖੀ ਕਰਨ ਵਾਲਿਆਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਸਕੇ।
ਪੰਜਾਬ ਭਾਜਪਾ ਨੇ ਕੀਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਦਾ ਸਮਰਥਨ
ਇਸ ਸਬੰਧੀ ਗੱਲ ਕਰਦਿਆਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਐਸਜੀਪੀਸੀ ਦੀ ਮੰਗ ਦਾ ਸਮਰਥਨ ਕਰਦੇ ਹਨ। ਉਹਨਾਂ ਕਿਹਾ ਕਿ ਜੇਕਰ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ ’ਤੇ ਰੱਖਿਆ ਜਾਂਦਾ ਹੈ ਤਾਂ ਦੁਨੀਆਂ ਭਰ ਤੋਂ ਭਾਰਤ ਆਉਣ ਵਾਲੇ ਯਾਤਰੀ ਸਾਡੇ ਗੁਰੂ ਸਾਹਿਬਾਨਾਂ ਦੀਆਂ ਸ਼ਹਾਦਤਾਂ ਤੋਂ ਜਾਣੂ ਹੋਣਗੇ।
ਬਰਿੰਦਰ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਲਾਇਆ ਨਿਸ਼ਾਨਾ
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਇਹ ਮੰਗ ਕੀਤੀ ਜਾ ਸਕਦੀ ਹੈ ਪਰ ਉਹਨਾਂ ਨੂੰ ਸਿਆਸਤ ਦਾ ਹਿੱਸਾ ਨਹੀਂ ਬਣਨਾ ਚਾਹੀਦਾ। ਜੇਕਰ ਉਹ ਸਿਆਸਤ ਦਾ ਹਿੱਸਾ ਬਣਨਗੇ ਅਤੇ ਅਕਾਲੀ ਦਲ ਦੀ ਧਿਰ ਬਣ ਕੇ ਖੜ੍ਹੇ ਹੋਣਗੇ ਤਾਂ ਇਸ ਦਾ ਕੋਈ ਫਾਇਦਾ ਨਹੀਂ। ਨਾਂਅ ਬਦਲਣਾ ਜਾਂ ਨਹੀਂ ਇਹ ਸਰਕਾਰ ਦੀ ਮਰਜ਼ੀ ਹੈ ਪਰ ਇਸ ਨਾਲ ਨਾ ਤਾਂ ਸਿੱਖੀ ਦਾ ਪ੍ਰਚਾਰ ਹੋਵੇਗਾ ਅਤੇ ਨਾ ਹੀ ਗੁਰਦੁਆਰਾ ਸਾਹਿਬਾਨਾਂ ਦੀ ਹਾਲਤ ਸੁਧਰ ਜਾਵੇਗੀ। ਐਸਜੀਪੀਸੀ ਨੂੰ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ, ਜੇਕਰ ਅਜਿਹਾ ਨਾ ਕੀਤਾ ਤਾਂ ਐਸਜੀਪੀਸੀ ਸਿਰਫ਼ ਸਿਆਸੀ ਬਿਆਨ ਤੱਕ ਹੀ ਸੀਮਤ ਰਹਿ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਨੇ ਅਕਾਲੀ ਦਲ ਨੂੰ ਵੀ ਨਿਸ਼ਾਨੇ ’ਤੇ ਲਿਆ ਹੈ। ਉਹਨਾਂ ਨੇ ਅਕਾਲੀ ਦਲ ’ਤੇ ਸ੍ਰੋਮਣੀ ਕਮੇਟੀ ਦੀ ਦੁਰਵਰਤੋਂ ਦੇ ਇਲਜ਼ਾਮ ਲਗਾਏ।