ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੁਕਾਈ ਗੁਪਤਤਾ ਦੀ ਸਹੁੰ
ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਵਿਜੀਲੈਂਸ ਕਮਿਸ਼ਨਰ ਪ੍ਰਵੀਨ ਕੁਮਾਰ ਸ੍ਰੀਵਾਸਤਵ ਨੂੰ ਕੇਂਦਰੀ ਵਿਜੀਲੈਂਸ ਕਮਿਸ਼ਨਰ (ਸੀ.ਵੀ.ਸੀ.) ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਤੋਂ ਜਾਰੀ ਇਕ ਬਿਆਨ ਵਿਚ ਸਾਂਝੀ ਕੀਤੀ ਗਈ ਹੈ।
ਸ੍ਰੀਵਾਸਤਵ ਕੇਂਦਰੀ ਵਿਜੀਲੈਂਸ ਕਮਿਸ਼ਨਰ ਵਜੋਂ ਸੁਰੇਸ਼ ਐਨ ਪਟੇਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਪਿਛਲੇ ਸਾਲ ਦਸੰਬਰ ਤੋਂ ਕਾਰਜਕਾਰੀ ਕੇਂਦਰੀ ਵਿਜੀਲੈਂਸ ਕਮਿਸ਼ਨਰ (ਸੀਵੀਸੀ) ਵਜੋਂ ਸੇਵਾ ਨਿਭਾ ਰਹੇ ਸਨ। ਬਿਆਨ ਵਿਚ ਕਿਹਾ ਗਿਆ ਹੈ, ‘ਪ੍ਰਵੀਨ ਕੁਮਾਰ ਸ੍ਰੀਵਾਸਤਵ ਨੂੰ ਅੱਜ ਸਵੇਰੇ 10.30 ਵਜੇ ਰਾਸ਼ਟਰਪਤੀ ਭਵਨ ਵਿਚ ਕਰਵਾਏ ਗਏ ਇਕ ਸਮਾਗਮ ਵਿਚ ਕੇਂਦਰੀ ਵਿਜੀਲੈਂਸ ਕਮਿਸ਼ਨਰ ਵਜੋਂ ਸਹੁੰ ਚੁਕਾਈ ਗਈ। ਉਨ੍ਹਾਂ ਨੇ ਰਾਸ਼ਟਰਪਤੀ ਦੇ ਸਾਹਮਣੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ।
ਇਹ ਵੀ ਪੜ੍ਹੋ: ਅਸਾਮ ਨੂੰ ਮਿਲੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ
ਸਮਾਗਮ ਵਿਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਕੇਂਦਰੀ ਵਿਜੀਲੈਂਸ ਕਮਿਸ਼ਨ ਵਿਚ ਵਿਜੀਲੈਂਸ ਕਮਿਸ਼ਨਰ ਦੀ ਇਕ ਅਸਾਮੀ ਖ਼ਾਲੀ ਹੈ। ਮੌਜੂਦਾ ਸਮੇਂ 'ਚ ਇੰਟੈਲੀਜੈਂਸ ਬਿਊਰੋ ਦੇ ਸਾਬਕਾ ਮੁਖੀ ਅਰਵਿੰਦ ਕੁਮਾਰ ਇਕੱਲੇ ਵਿਜੀਲੈਂਸ ਕਮਿਸ਼ਨਰ ਹਨ।
ਸ੍ਰੀਵਾਸਤਵ ਅਸਾਮ-ਮੇਘਾਲਿਆ ਕਾਡਰ ਦੇ 1988 ਬੈਚ (ਸੇਵਾਮੁਕਤ) ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਅਧਿਕਾਰੀ ਹਨ। ਉਹ ਪਿਛਲੇ ਸਾਲ 31 ਜਨਵਰੀ ਨੂੰ ਕੈਬਨਿਟ ਸਕੱਤਰੇਤ ਦੇ ਸਕੱਤਰ (ਕੋਆਰਡੀਨੇਸ਼ਨ) ਵਜੋਂ ਸੇਵਾਮੁਕਤ ਹੋਏ ਸਨ।
ਗ੍ਰਹਿ ਮੰਤਰਾਲੇ ਵਿਚ ਵਿਸ਼ੇਸ਼ ਸਕੱਤਰ ਅਤੇ ਵਧੀਕ ਸਕੱਤਰ ਵਜੋਂ ਅਪਣੇ ਕਾਰਜਕਾਲ ਦੌਰਾਨ, ਉਨ੍ਹਾਂ ਨੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.), ਕਰਮਚਾਰੀਆਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਆਮ ਪ੍ਰਸ਼ਾਸਨ ਦੇ ਕਾਡਰ ਪ੍ਰਬੰਧਨ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਕੀਤਾ। ਕੇਂਦਰੀ ਵਿਜੀਲੈਂਸ ਕਮਿਸ਼ਨਰ ਅਤੇ ਵਿਜੀਲੈਂਸ ਕਮਿਸ਼ਨਰ ਦਾ ਕਾਰਜਕਾਲ ਚਾਰ ਸਾਲ ਜਾਂ ਅਹੁਦੇਦਾਰ 65 ਸਾਲ ਦੀ ਉਮਰ ਦੇ ਹੋਣ ਤਕ ਹੁੰਦਾ ਹੈ।