
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 3-3 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਲਈ 1-1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਤਾਮਿਲਨਾਡੂ - ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਪਟਾਕੇ ਬਣਾਉਣ ਵਾਲੀ ਫੈਕਟਰੀ 'ਚ ਧਮਾਕਾ ਹੋ ਗਿਆ। ਇਸ ਵਿਚ ਤਿੰਨ ਔਰਤਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਪਜ਼ਯਾਪੇੱਟਾਈ ਸਥਿਤ ਇਕ ਪਟਾਕਾ ਨਿਰਮਾਣ ਫੈਕਟਰੀ 'ਚ ਸਵੇਰੇ 10 ਵਜੇ ਦੇ ਕਰੀਬ ਵਾਪਰੀ। 2 ਮਹਿਲਾ ਮਜ਼ਦੂਰ ਪਟਾਕੇ ਬਣਾਉਣ ਲਈ ਵਰਤਿਆ ਜਾਣ ਵਾਲਾ ਬਾਰੂਦ ਲੈ ਕੇ ਜਾ ਰਹੀਆਂ ਸਨ ਜਦੋਂ ਇਹ ਧਮਾਕਾ ਹੋਇਆ।
ਯੂਨਿਟ ਵਿਚ ਕਰੀਬ 12-15 ਮਜ਼ਦੂਰ ਕੰਮ ਕਰ ਰਹੇ ਸਨ। ਉਨ੍ਹਾਂ ਵਿਚੋਂ ਕਈ ਜ਼ਖ਼ਮੀ ਹੋ ਗਏ। ਜ਼ਖਮੀਆਂ ਦੀ ਸਹੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਧਮਾਕੇ ਕਾਰਨ ਲੱਗੀ ਅੱਗ ਨੇ ਨੇੜਲੇ ਘਰਾਂ ਅਤੇ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਤਿੰਨ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਇਕ ਹੋਟਲ ਵੀ ਸੀ, ਜਿਸ ਦੀ ਕੰਧ ਢਹਿ ਗਈ।
ਪੁਲਿਸ, ਫਾਇਰ ਬ੍ਰਿਗੇਡ ਅਤੇ ਬਚਾਅ ਸੇਵਾ ਦੇ ਕਰਮਚਾਰੀਆਂ ਨੇ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਜ਼ਖਮੀਆਂ ਨੂੰ ਕ੍ਰਿਸ਼ਨਾਗਿਰੀ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਭੇਜਿਆ ਗਿਆ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 3-3 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਲਈ 1-1 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।