 
          	ਇਸ ਬਿੱਲ ਨਾਲ ਔਰਤਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਇੱਕ ਤਿਹਾਈ ਰਾਖਵਾਂਕਰਨ ਮਿਲੇਗਾ।
ਨਵੀਂ ਦਿੱਲੀ - ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਮਨਜ਼ੂਰੀ ਦਿੱਤੀ। ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਇਹ ਕਾਨੂੰਨ ਬਣ ਗਿਆ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਤੁਹਾਨੂੰ ਦੱਸ ਦਈਏ ਕਿ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਨੇ ਪਾਸ ਕਰ ਦਿੱਤਾ ਸੀ। ਇਸ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤਾ ਗਿਆ। ਇਸ ਨਾਲ ਔਰਤਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਇੱਕ ਤਿਹਾਈ ਰਾਖਵਾਂਕਰਨ ਮਿਲੇਗਾ।
ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਵੀਰਵਾਰ ਨੂੰ ਸੰਸਦ ਦੁਆਰਾ ਪਾਸ ਕੀਤੇ ਗਏ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਦਸਤਖ਼ਤ ਕੀਤੇ ਸਨ। ਇਸ ਤੋਂ ਬਾਅਦ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜਿਆ ਗਿਆ। ਉਪ ਰਾਸ਼ਟਰਪਤੀ ਸਕੱਤਰੇਤ ਨੇ ਟਵਿੱਟਰ 'ਤੇ ਇਕ ਪੋਸਟ 'ਚ ਇਹ ਜਾਣਕਾਰੀ ਦਿੱਤੀ ਹੈ।
ਪੋਸਟ ਦੇ ਨਾਲ ਇੱਕ ਫੋਟੋ ਵੀ ਸਾਂਝੀ ਕੀਤੀ ਗਈ ਹੈ ਜਿਸ ਵਿਚ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਉਪ ਰਾਸ਼ਟਰਪਤੀ ਤੋਂ ਬਿੱਲ ਦੀ ਹਸਤਾਖ਼ਰਤ ਕਾਪੀ ਪ੍ਰਾਪਤ ਕਰ ਰਹੇ ਹਨ। ਇਸ 128ਵੇਂ ਸੰਵਿਧਾਨਕ ਸੋਧ ਬਿੱਲ ਨੂੰ ਇਸ ਮਹੀਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਲੋਕ ਸਭਾ ਅਤੇ ਰਾਜ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।
 
                     
                
 
	                     
	                     
	                     
	                     
     
     
     
                     
                     
                     
                     
                    