ਖੇਤੀਬਾੜੀ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਐਮਐਸਪੀ ਲਾਗੂ ਕਰ ਦਿੰਦੀ ਹੈ ਤਾਂ ਇਹ ਹਿੰਦੁਸਤਾਨ ਦੇ ਕਿਸਾਨ, ਪੰਜਾਬ ਦੇ ਕਿਸਾਨ ਅਤੇ ਪੰਜਾਬੀਅਤ ਦੀ ਜਿੱਤ ਹੋਵੇਗੀ।
ਚੰਡੀਗੜ੍ਹ (ਅਮਨਪ੍ਰੀਤ ਕੌਰ): ਦੇਸ਼ ਦੇ ਕਿਸਾਨਾਂ ਲਈ ਅੱਜ ਦਾ ਦਿਨ ਬੇਹੱਦ ਖ਼ਾਸ ਰਿਹਾ ਕਿਉਂਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਇਕ ਸਾਲ ਬਾਅਦ ਸੰਸਦ ਦੇ ਦੋਹਾਂ ਸਦਨਾਂ ਵਿਚ ਰੱਦ ਕੀਤਾ ਗਿਆ ਹੈ। ਇਸ ਸਬੰਧੀ ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਹਨਾਂ ਨੇ ਸੁਚੇਤ ਕਰਦਿਆਂ ਕਿਹਾ ਕਿ ਇਸ ਬਾਰੇ ਕਾਨੂੰਨੀ ਬਰੀਕੀਆਂ ਨੂੰ ਸਮਝਣਾ ਬੇਹੱਦ ਜ਼ਰੂਰੀ ਹੈ। ਉਹਨਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਹਾਰ ਅਤੇ ਕਿਸਾਨਾਂ ਦਾ ਗੁੱਸਾ ਦੇਖ ਕੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ। ਉਹਨਾਂ ਕਿਹਾ ਕਿ ਜਦੋਂ ਤੱਕ ਐਮਐਸਪੀ ਸਬੰਧੀ ਕਾਨੂੰਨ ਨਹੀਂ ਬਣਦਾ, ਉਦੋਂ ਤੱਕ ਕਿਸਾਨ ਨਹੀਂ ਉੱਠਣਗੇ ਕਿਉਂਕਿ ਕਿਸਾਨ ਉਦੋਂ ਹੀ ਸੁਰੱਖਿਅਤ ਮਹਿਸੂਸ ਕਰੇਗਾ ਜਦੋਂ ਉਸ ਨੂੰ ਫਸਲਾਂ ਦਾ ਮੁੱਲ਼ ਮਿਲੇਗਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਐਮਐਸਪੀ ਲਾਗੂ ਕਰ ਦਿੰਦੀ ਹੈ ਤਾਂ ਇਹ ਹਿੰਦੁਸਤਾਨ ਦੇ ਕਿਸਾਨ, ਪੰਜਾਬ ਦੇ ਕਿਸਾਨ ਅਤੇ ਪੰਜਾਬੀਅਤ ਦੀ ਜਿੱਤ ਹੋਵੇਗੀ। ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਜਦੋਂ ਯੂਪੀ ਦੇ ਮੁਜ਼ੱਫਰਨਗਰ ਵਿਖੇ ਕਿਸਾਨਾਂ ਦੀ ਮਹਾਪੰਚਾਇਤ ਹੋਈ ਸੀ ਤਾਂ 15 ਲੱਖ ਦੇ ਕਰੀਬ ਕਿਸਾਨ ਇਕੱਠੇ ਹੋਏ ਸਨ। ਕੇਂਦਰ ਨੇ ਮਹਿਸੂਸ ਕੀਤਾ ਕਿ ਕਿਸਾਨਾਂ ਦਾ ਰੁਖ ਕੇਂਦਰ ਦੇ ਖਿਲਾਫ ਹੈ। ਇਸ ਲਈ ਸਰਕਾਰ ਨੇ ਕਿਸਾਨਾਂ ਨੂੰ ਖੁਸ਼ ਕਰਨ ਦਾ ਫੈਸਲਾ ਕੀਤਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਾਨੂੰਨੀ ਰਾਇ ਲੈ ਕੇ ਕੇਂਦਰ ਦੇ ਇਸ ਫੈਸਲੇ ’ਤੇ ਚੰਗੀ ਤਰ੍ਹਾਂ ਵਿਚਾਰ ਕਰਨਾ ਬਹੁਤ ਜ਼ਰੂਰੀ ਹੈ।
ਪਰਾਲੀ ਸਾੜਨ ਨੂੰ ਲੈ ਕੇ ਕੇਂਦਰ ਦੇ ਫੈਸਲੇ ਬਾਰੇ ਰਣਦੀਪ ਨਾਭਾ ਨੇ ਕਿਹਾ ਕਿ ਇਹ ਕੇਂਦਰ ਵਲੋਂ ਸਿਆਸਤ ਕੀਤੀ ਜਾ ਰਹੀ ਹੈ। ਪਹਿਲਾਂ ਕੇਂਦਰ ਕਿਸਾਨਾਂ ਖਿਲਾਫ਼ ਪਰਚੇ ਦਰਜ ਕਰਨ ਲਈ ਸੂਬਾ ਸਰਕਾਰਾਂ ’ਤੇ ਦਬਾਅ ਬਣਾਉਂਦੀ ਸੀ ਪਰ ਹੁਣ ਸਰਕਾਰ ਲੋਕਾਂ ਨੂੰ ਦਿਖਾਉਣਾ ਚਾਹੁੰਦੀ ਹੈ ਕਿ ਉਹ ਕਿਸਾਨ ਹਮਾਇਤੀ ਹੈ। ਉਹਨਾਂ ਕਿਹਾ ਕਿ ਭਾਵੇਂ ਭਾਜਪਾ ਵਾਲੇ ਜਿੰਨੀ ਮਰਜ਼ੀ ਹਮਦਰਦੀ ਵਿਖਾਉਣ ਅੰਦੋਲਨ 'ਚ ਮਿਲੇ ਜ਼ਖ਼ਮਾਂ ਅਤੇ ਸ਼ਹਾਦਤਾਂ ਨੂੰ ਕਿਸਾਨ ਕਦੇ ਨਹੀਂ ਭੁੱਲਣਗੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 157 ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵਲੋਂ 122 ਕਿਸਾਨਾਂ ਦੇ ਨਾਂਅ ਹੋਰ ਭੇਜੇ ਗਏ ਹਨ।
ਉਹਨਾਂ ਕਿਹਾ ਕਿ ਸਿਆਸੀ ਪਾਰਟੀਆਂ ਪ੍ਰਤੀ ਲੋਕਾਂ ਵਿਚ ਬਹੁਤ ਨਿਰਾਸ਼ਾ ਹੈ, ਇਸ ਲਈ ਲੋਕ ਇਹਨਾਂ ਨੂੰ 2022 ਵਿਚ ਜਵਾਬ ਜ਼ਰੂਰ ਦੇਣਗੇ। ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਉਹਨਾਂ ਨੂੰ ਇੰਝ ਲੱਗਦਾ ਹੈ ਕਿ ਅਜੇ ਕਿਸਾਨੀ ਮੁੱਦੇ ਦਾ ਹੱਲ ਨਹੀਂ ਹੋਇਆ ਹੈ ਕਿਉਂਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਿਚ ਕਈ ਰੁਕਾਵਟਾਂ ਆ ਸਕਦੀਆਂ ਹਨ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਕਿਸਾਨੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਰਕਾਰ ਕਿਸਾਨਾਂ ਨੂੰ ਤਕਨਾਲੋਜੀ ਨਾਲ ਜੋੜਨ ਲਈ ਉਪਰਾਲੇ ਕਰਨ ਜਾ ਰਹੀ ਹੈ। ਇਸ ਸਬੰਧੀ ਭਾਰਤ ਸਰਕਾਰ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ।
ਰਣਦੀਪ ਨਾਭਾ ਨੇ ਕਿਹਾ ਕਿ ਕਿਸਾਨੀ ਅਤੇ ਸਿਆਸਤ ਨੂੰ ਵੱਖ ਰੱਖਣਾ ਚਾਹੀਦਾ ਹੈ ਪਰ ਸਾਡੇ ਦੇਸ਼ ਦੀ ਬਦਕਿਸਮਤੀ ਹੈ ਕਿ ਹਰ ਥਾਂ ਸਿਆਸਤ ਕੀਤੀ ਜਾ ਰਹੀ ਹੈ। ਇਸ ਲਈ ਲੋਕਾਂ ਵਿਚ ਸਿਆਸਤਦਾਨਾਂ ਦਾ ਅਕਸ ਡਿੱਗਦਾ ਜਾ ਰਿਹਾ ਹੈ। ਸਾਨੂੰ ਅਪਣੀ ਕਹਿਣੀ ਅਤੇ ਕਰਨੀ ’ਤੇ ਖਰੇ ਉਤਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਚੋਣਾਂ ਦੌਰਾਨ ਸਿਆਸਤਦਾਨਾਂ ਵਲੋਂ ਲੋਕਾਂ ਨੂੰ ਭਰਮਾਉਣ ਲਈ ਕਈ ਵਾਅਦੇ ਕੀਤੇ ਜਾਂਦੇ ਹਨ ਪਰ ਜਦੋਂ ਅਸੀਂ ਉਹਨਾਂ ਨੂੰ ਪੂਰਾ ਨਹੀਂ ਕਰਦੇ ਤਾਂ ਲੋਕਾਂ ਵਿਚ ਨਿਰਾਸ਼ਾ ਦੇਖਣ ਨੂੰ ਮਿਲਦੀ ਹੈ।