
ਪੰਜਾਬ ਦੇ ਟੈੱਟ ਪਾਸ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਟੈੱਟ ਪਾਸ ਮਾਸਟਰ ਕਾਡਰ ਅਧਿਆਪਕਾਂ ਲਈ ਸਾਲ 2015 ਵਿਚ ਦਿਤੇ ਇਸ਼ਤਿਹਾਰ....
ਚੰਡੀਗੜ੍ਹ, 4 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਟੈੱਟ ਪਾਸ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਟੈੱਟ ਪਾਸ ਮਾਸਟਰ ਕਾਡਰ ਅਧਿਆਪਕਾਂ ਲਈ ਸਾਲ 2015 ਵਿਚ ਦਿਤੇ ਇਸ਼ਤਿਹਾਰ ਤਹਿਤ 6060 ਅਸਾਮੀਆਂ ਵਿਚੋਂ 1337 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਸਰਕਾਰੀ ਬੁਲਾਰੇ ਨੇ ਦਸਿਆ ਕਿ ਇਸ ਬਾਰੇ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਸੰਦਰਭ ਵਿਚ 4183 ਅਸਾਮੀਆਂ ਦਾ ਇਸ਼ਤਿਹਾਰ ਦੇਣ ਦਾ ਸਿਧਾਂਤਕ ਫੈਸਲਾ ਲਿਆ ਹੈ। ਇਨ੍ਹਾਂ ਟੈੱਟ ਪਾਸ ਉਮੀਦਵਾਰਾਂ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦਿਆਂ ਮੰਤਰੀ ਮੰਡਲ ਨੇ ਨਵੀਂ ਭਰਤੀ ਲਈ ਉਮਰ ਹੱਦ ਵਿਚ ਢਿੱਲ ਦਿੰਦਿਆਂ ਮੌਜੂਦਾ 37 ਸਾਲ ਤੋਂ ਵਧਾ ਕੇ 38 ਸਾਲ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ। ਮੰਤਰੀ ਮੰਡਲ ਨੇ ਸਿੱਖਿਆ ਵਿਭਾਗ ਨੂੰ ਨੈਸ਼ਨਲ ਕੌਂਸਲ ਫਾਰ ਟੀਚਰ ਐਜੂਕੇਸ਼ਨ ਕੋਲ ਯੋਗਤਾ ਦੀ ਮਿਆਦ ਦੇ ਸੱਤ ਵਰ੍ਹਿਆਂ ਦੇ ਮੌਜੂਦਾ ਨੇਮ ਨੂੰ ਅੱਠ ਵਰ੍ਹੇ ਕਰਨ ਦਾ ਮਾਮਲਾ ਤੁਰੰਤ ਉਠਾਉਣ ਦੀ ਹਦਾਇਤ ਕੀਤੀ ਹੈ। ਮੌਜੂਦਾ ਉਪਬੰਧਾਂ ਮੁਤਾਬਿਕ ਇਹ ਅਧਿਆਪਕ ਸਟੇਟ ਕੌਂਸਲ ਫਾਰ ਐਜੂਕੇਸ਼ਨ ਵੱਲੋਂ ਲਈ ਜਾਂਦੀ ਟੈੱਟ ਪ੍ਰੀਖਿਆ ਪਾਸ ਕਰ ਲੈਣ ਦੇ ਸੱਤ ਵਰ੍ਹਿਆਂ ਦੇ ਸਮੇਂ ਵਿਚ ਨਿਯੁਕਤ ਹੋ ਸਕਦੇ ਹਨ। ਇਹ ਜ਼ਿਕਰਯੋਗ ਹੈ ਕਿ ਇਨ੍ਹਾਂ ਅਧਿਆਪਕਾਂ ਨੇ ਸਾਲ 2011 ਵਿਚ ਪ੍ਰੀਖਿਆ ਪਾਸ ਕੀਤੀ ਸੀ ਅਤੇ ਇਨ੍ਹਾਂ ਦੀ ਨਿਯੁਕਤੀ ਦੀ ਯੋਗਤਾ ਸਾਲ 2018 ਵਿਚ ਖਤਮ ਹੋ ਜਾਵੇਗੀ।