
ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ
ਨਵੀਂ ਦਿੱਲੀ : ਕਾਂਗਰਸ ਸੰਸਦ ਮੈਂਬਰ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਸੁਸ਼ਮਿਤਾ ਦੇਵ ਦੀ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਸੁਸ਼ਮਿਤਾ ਦੇਵ ਨੇ ਪਟੀਸ਼ਨ 'ਚ ਦੋਸ਼ ਲਗਾਇਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਚੋਣ ਜ਼ਾਬਤਾ ਦੀ ਉਲੰਘਣਾ ਕੀਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਹੋਵੇਗੀ।
Supreme court
ਸੁਸ਼ਮਿਤਾ ਵਲੋਂ ਪੇਸ਼ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਂਚ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕਰਦੇ ਹੋਏ ਛੇਤੀ ਸੁਣਵਾਈ ਦੀ ਗੁਹਾਰ ਲਗਾਈ ਸੀ। ਸਿੰਘਵੀ ਨੇ ਕਿਹਾ ਸੀ ਕਿ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਕਈ ਵਾਰ ਚੋਣ ਕਮਿਸ਼ਨ ਦਾ ਦਰਵਾਜ਼ਾ ਖੜਕਾਇਆ ਗਿਆ ਹੈ ਪਰ ਹੁਣ ਤੱਕ ਕਮਿਸ਼ਨ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ। ਸੁਣਵਾਈ ਦੀ ਸ਼ੁਰੂਆਤ 'ਚ ਸਿੰਘਵੀ ਨੇ ਮੋਦੀ ਅਤੇ ਸ਼ਾਹ ਦਾ ਨਾਂ ਨਹੀਂ ਲਿਆ। ਇਸ 'ਤੇ ਚੀਫ ਜਸਟਿਸ ਨੇ ਕਿਹਾ, "ਤੁਸੀਂ ਸਾਫ਼-ਸਾਫ਼ ਨਾਂ ਕਿਉਂ ਨਹੀਂ ਲੈਂਦੇ। ਕੌਣ ਚੋਣ ਜ਼ਾਬਤਾ ਦੀ ਉਲੰਘਣਾ ਕਰ ਰਿਹਾ ਹੈ। ਤੁਸੀਂ ਸੱਪ-ਪੌੜੀ ਦਾ ਖੇਡ ਨਾ ਖੇਡੋ।"
Narendra Modi-Amit Shah
ਜ਼ਿਕਰਯੋਗ ਹੈ ਕਿ ਸੁਸ਼ਮਿਤਾ ਨੇ ਦੋਸ਼ ਲਗਾਇਆ ਹੈ ਕਿ ਚੋਣ ਪ੍ਰਚਾਰ 'ਚ ਮੋਦੀ ਅਤੇ ਸ਼ਾਹ ਲਗਾਤਾਰ ਨਫ਼ਰਤ ਫੈਲਾਉਣ ਵਾਲੇ ਬਿਆਨ ਦੇ ਰਹੇ ਹਨ। ਲਗਾਤਾਰ ਹਥਿਆਰਬੰਦ ਫ਼ੌਜ ਦਾ ਸਿਆਸੀ ਇਸੇਤਮਾਲ ਕਰ ਰਹੇ ਹਨ, ਜਦੋਂ ਕਿ ਚੋਣ ਕਮਿਸ਼ਨ ਨੇ ਸਪੱਸ਼ਟ ਸ਼ਬਦਾਂ 'ਚ ਇਸ 'ਤੇ ਪਾਬੰਦੀ ਲੱਗਾ ਰੱਖੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਚੋਣ ਜ਼ਾਬਤਾ ਦੀ ਖੁੱਲ੍ਹੇਆਮ ਉਲੰਘਣਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਗੁਜਰਾਤ 'ਚ ਤੀਜੇ ਗੇੜ ਦੀ ਵੋਟਿੰਗ ਵਾਲੇ ਦਿਨ (23 ਅਪ੍ਰੈਲ) ਨੂੰ ਰੈਲੀ ਕੀਤੀ। ਸੁਸ਼ਮਿਤਾ ਨੇ ਇਹ ਦਾਅਵਾ ਕੀਤਾ ਹੈ ਕਿ ਭਾਰਤੀ ਰਾਸ਼ਟਰੀ ਕਾਂਗਰਸ ਨੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਘੱਟੋ-ਘੱਟ 40 ਵਾਰ ਕਮਿਸ਼ਨ ਦਾ ਦਰਵਾਜ਼ਾ ਖੜਕਾਇਆ ਹੈ ਪਰ ਕਮਿਸ਼ਨ ਕੋਈ ਕਾਰਵਾਈ ਨਹੀਂ ਕਰ ਰਿਹਾ।