
ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਾਰੀ ਲੌਕਡਾਊਨ ਸਬੰਧੀ ਚਾਰ ਮਈ ਨੂੰ ਨਵੀਂ ਗਾਈਡਲਾਈਨ ਜਾਰੀ ਕੀਤੀ ਜਾਵੇਗੀ।
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਾਰੀ ਲੌਕਡਾਊਨ ਸਬੰਧੀ ਚਾਰ ਮਈ ਨੂੰ ਨਵੀਂ ਗਾਈਡਲਾਈਨ ਜਾਰੀ ਕੀਤੀ ਜਾਵੇਗੀ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸ਼ਰਤਾਂ ਦੇ ਨਾਲ ਛੋਟ ਵੀ ਦਿੱਤੀ ਜਾਵੇਗੀ।
Photo
ਜਿਹੜੇ ਜ਼ਿਲ੍ਹੇ ਕੋਰੋਨਾ ਦੇ ਪ੍ਰਭਾਵ ਤੋਂ ਮੁਕਤ ਹਨ, ਉੱਥੇ ਢਿੱਲ ਦਿੱਤੀ ਜਾਵੇਗੀ ਪਰ ਜਿੱਥੇ ਜ਼ਿਆਦਾ ਗਿਣਤੀ ਵਿਚ ਮਾਮਲੇ ਪਾਏ ਜਾ ਰਹੇ ਹਨ, ਉੱਥੇ ਲੌਕਡਾਊਨ ਦਾ ਸਖਤੀ ਨਾਲ ਪਾਲ਼ਣ ਕੀਤਾ ਜਾਵੇਗਾ। ਮੌਜੂਦਾ ਲੌਕਡਾਊਨ 3 ਮਈ ਨੂੰ ਖਤਮ ਹੋਣ ਜਾ ਰਿਹਾ ਹੈ। ਇਸ ਤੋਂ ਬਾਅਦ 4 ਮਈ ਨੂੰ ਨਵੀਂ ਗਾਈਡਲਾਈਨ ਜਾਰੀ ਕੀਤੀ ਜਾਵੇਗੀ।
Photo
ਇਸ ਸਬੰਧੀ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰ ਕੇ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਲੌਕਡਾਊਨ ਦੇ ਸਬੰਧ ਵਿਚ ਸਮੀਖਿਆ ਕੀਤੀ। ਇਸ ਦੇ ਨਾਲ ਕਾਫੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। 3 ਮਈ ਤੋਂ ਬਾਅਦ ਜਾਰੀ ਕੀਤੀਆਂ ਜਾਣ ਵਾਲੀਆਂ ਨਵੀਆਂ ਗਾਈਡਲਾਈਨਜ਼ ਵਿਚ ਜ਼ਿਲ੍ਹਿਆਂ ਨੂੰ ਸਥਿਤੀ ਦੇ ਅਧਾਰ 'ਤੇ ਛੋਟ ਦਿੱਤੀ ਜਾ ਸਕਦੀ ਹੈ।
Photo
ਇਸ ਸਬੰਧੀ ਆਉਣ ਵਾਲੇ ਦਿਨਾਂ ਵਿਚ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ਼ ਭਰ ਵਿਚ ਵੱਖ-ਵੱਖ ਥਾਵਾਂ 'ਤੇ ਫਸੇ ਪ੍ਰਵਾਸੀ ਮਜ਼ਦੂਰਾਂ, ਯਾਤਰੀਆਂ ਅਤੇ ਵਿਦਿਆਰਥੀਆਂ ਨੂੰ ਬਾਹਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ। ਲੌਕਡਾਊਨ 'ਤੇ ਸਰਕਾਰ ਦਾ ਇਹ ਵੱਡਾ ਫੈਸਲਾ ਹੈ।
Photo
ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਆਦੇਸ਼ ਵਿਚ ਕਿਹਾ ਹੈ ਕਿ ਫਸੇ ਹੋਏ ਲੋਕਾਂ ਦੇ ਸਮੂਹਾਂ ਨੂੰ ਲਿਜਾਉਣ ਲਈ ਬੱਸਾਂ ਦੀ ਵਰਤੋਂ ਕੀਤੀ ਜਾਵੇਗੀ ਤੇ ਇਹਨਾਂ ਵਾਹਨਾਂ ਨੂੰ ਸੈਨੀਟਾਈਜ਼ ਕੀਤਾ ਜਾਵੇਗਾ ਤੇ ਇਸ ਦੇ ਨਾਲ ਹੀ ਬੱਸਾਂ ਵਿਚ ਸਮਾਜਿਕ ਦੂਰੀ ਦਾ ਪਾਲਣ ਕਰਨਾ ਹੋਵੇਗਾ। ਨਵੀਂ ਗਾਈਡਲਾਈਨ ਦੇ ਤਹਿਤ ਫਸੇ ਹੋਏ ਲੋਕਾਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਭੇਜਿਆ ਜਾ ਸਕੇਗਾ।
Photo
ਨਵੀਂ ਗਾਈਡਲਾਈਨ ਮੁਤਾਬਕ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਪਣੇ ਨੋਡਲ ਅਧਿਕਾਰੀ ਨਿਯੁਕਤ ਕਰਨ ਅਤੇ ਫਸੇ ਹੋਏ ਲੋਕਾਂ ਨੂੰ ਵਾਪਸ ਭੇਜਣ ਤੇ ਲਿਆਉਣ ਲਈ ਐਸਓਪੀ ਦੀ ਤੈਨਾਤੀ ਕਰਨੀ ਹੋਵੇਗੀ। ਇਸ ਦੌਰਾਨ ਇਕ ਸੂਬੇ ਤੋਂ ਦੂਜੇ ਸੂਬੇ ਜਾ ਰਹੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ।
Photo
ਜਾਂਚ ਤੋਂ ਬਾਅਦ ਹੀ ਲੋਕਾਂ ਨੂੰ ਅੱਗੇ ਭੇਜਿਆ ਜਾਵੇਗਾ। ਇਕ ਸੂਬੇ ਤੋਂ ਦੂਜੇ ਸੂਬੇ ਜਾਣ ਵਾਲੇ ਲੋਕਾਂ ਲਈ ਸੂਬਿਆਂ ਨੂੰ ਆਪਸ ਵਿਚ ਗੱਲ ਕਰਨੀ ਹੋਵੇਗੀ। ਉੱਥੇ ਹੀ ਅਪਣੇ ਗ੍ਰਹਿ ਰਾਜ ਪਹੁੰਚਣ ਵਾਲੇ ਲੋਕਾਂ ਨੂੰ ਸਥਾਨਕ ਸਿਹਤ ਅਧਿਕਾਰੀਆਂ ਜ਼ਰੀਏ ਕੁਆਰੰਟੀਨ ਕੀਤਾ ਜਾਵੇਗਾ।