ਕੇਂਦਰ ਸਰਕਾਰ ਕਿਸਾਨਾਂ ਨੂੰ ਮਜ਼ਬੂਤ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਜਲਦੀ ਹੀ ਨਵੇਂ ਖੇਤੀਬਾੜੀ ਕਾਨੂੰਨ ਪੇਸ਼ ਕਰੇਗਾ।
ਰਾਏਪੁਰ : ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸਨਿਚਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮਜ਼ਬੂਤ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਜਲਦੀ ਹੀ ਨਵੇਂ ਖੇਤੀਬਾੜੀ ਕਾਨੂੰਨ ਪੇਸ਼ ਕਰੇਗਾ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਕਲੀ ਬੀਜਾਂ, ਨਕਲੀ ਖਾਦਾਂ ਅਤੇ ਨਕਲੀ ਕੀਟਨਾਸ਼ਕਾਂ ਰਾਹੀਂ ਕਿਸਾਨਾਂ ਦਾ ਸੋਸ਼ਣ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁਧ ਸਖ਼ਤ ਅਤੇ ਦੰਡਾਤਮਕ ਕਾਰਵਾਈ ਕਰਨ ਦੀ ਚੇਤਾਵਨੀ ਦਿਤੀ।
ਚੌਹਾਨ ਨੇ ਇਹ ਟਿਪਣੀ ਛੱਤੀਸਗੜ੍ਹ ਦੇ ਅਪਣੇ ਇਕ ਦਿਨਾ ਦੌਰੇ ਦੌਰਾਨ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਦੁਰਗ ਜ਼ਿਲ੍ਹੇ ਦੇ ਦੋ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ, ‘‘ਕਿਸਾਨਾਂ ਦੀ ਸਖ਼ਤ ਮਿਹਨਤ, ਉਨ੍ਹਾਂ ਦੀਆਂ ਫ਼ਸਲਾਂ ਤੇ ਉਨ੍ਹਾਂ ਦੇ ਭਵਿੱਖ ਨਾਲ ਕਿਸੇ ਵੀ ਹਾਲਤ ’ਚ ਸਮਝੌਤਾ ਨਹੀਂ ਕੀਤਾ ਜਾ ਸਕਦਾ। ਕੇਂਦਰ ਨੇ ਨਕਲੀ ਬੀਜਾਂ, ਨਕਲੀ ਖਾਦਾਂ ਅਤੇ ਨਕਲੀ ਕੀਟਨਾਸ਼ਕਾਂ ਰਾਹੀਂ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਤੱਤਾਂ ਵਿਰੁਧ ਸਖ਼ਤ ਅਤੇ ਦੰਡਾਤਮਕ ਕਾਰਵਾਈ ਵਲ ਫੈਸਲਾਕੁੰਨ ਕਦਮ ਚੁਕੇ ਹਨ।’’
ਉਨ੍ਹਾਂ ਕਿਹਾ ਕਿ ਨਕਲੀ ਖੇਤੀ ਸਮੱਗਰੀ ਸਪਲਾਈ ਕਰਨ ਵਾਲੇ ਲੋਕ ਨਾ ਸਿਰਫ ਆਰਥਕ ਅਪਰਾਧ ਕਰ ਰਹੇ ਹਨ, ਸਗੋਂ ਕਿਸਾਨਾਂ ਦੇ ਵਿਸ਼ਵਾਸ ਨਾਲ ਧੋਖਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਜ਼ਬੂਤ ਕਾਨੂੰਨੀ ਢਾਲ ਮੁਹੱਈਆ ਕਰਵਾਉਣ ਲਈ ਨਵੇਂ ਖੇਤੀਬਾੜੀ ਕਾਨੂੰਨ ਜਲਦੀ ਹੀ ਸੰਸਦ ਵਿਚ ਪੇਸ਼ ਕੀਤੇ ਜਾਣਗੇ। (ਪੀਟੀਆਈ)
