ਸੁਪਰੀਮ ਕੋਰਟ ਵਲੋਂ ਦਿਤੀ ਗਈ ਅੰਤਰਿਮ ਜ਼ਮਾਨਤ 1 ਜੂਨ ਨੂੰ ਖਤਮ ਹੋ ਰਹੀ ਹੈ
ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੈਡੀਕਲ ਆਧਾਰ ’ਤੇ ਇਕ ਹਫਤੇ ਲਈ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸਨਿਚਰਵਾਰ ਨੂੰ ਸੁਣਵਾਈ ਕਰ ਸਕਦੀ ਹੈ।
ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ 30 ਮਈ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਕੇਜਰੀਵਾਲ ਦੀ ਪਟੀਸ਼ਨ ’ਤੇ 1 ਜੂਨ ਤਕ ਅਪਣਾ ਜਵਾਬ ਦਾਇਰ ਕਰਨ ਦਾ ਹੁਕਮ ਦਿਤਾ ਸੀ। ਸੁਪਰੀਮ ਕੋਰਟ ਵਲੋਂ ਦਿਤੀ ਗਈ ਅੰਤਰਿਮ ਜ਼ਮਾਨਤ 1 ਜੂਨ ਨੂੰ ਖਤਮ ਹੋ ਰਹੀ ਹੈ। ਅਦਾਲਤ ਨੇ ਈ.ਡੀ. ਨੂੰ ਇਸ ਮਾਮਲੇ ਵਿਚ ਕੇਜਰੀਵਾਲ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ 7 ਜੂਨ ਤਕ ਅਪਣਾ ਜਵਾਬ ਦਾਇਰ ਕਰਨ ਦਾ ਵੀ ਹੁਕਮ ਦਿਤਾ ਸੀ।
ਸੁਪਰੀਮ ਕੋਰਟ ਦੀ ਰਜਿਸਟਰੀ ਨੇ ਬੁਧਵਾਰ ਨੂੰ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਤੁਰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿਤਾ ਸੀ, ਜਿਸ ’ਚ ਕੁੱਝ ਮੈਡੀਕਲ ਟੈਸਟਾਂ ਲਈ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਦੀ ਮਿਆਦ 7 ਦਿਨਾਂ ਲਈ ਵਧਾਉਣ ਦੀ ਮੰਗ ਕੀਤੀ ਗਈ ਸੀ। ਰਜਿਸਟਰੀ ਨੇ ਕਿਹਾ ਸੀ ਕਿ ਕਿਉਂਕਿ ਉਸ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿਚ ਜਾਣ ਦੀ ਆਜ਼ਾਦੀ ਦਿਤੀ ਗਈ ਸੀ, ਇਸ ਲਈ ਪਟੀਸ਼ਨ ਵਿਚਾਰਯੋਗ ਨਹੀਂ ਹੈ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਅਚਾਨਕ ਭਾਰ ਘਟਣ ਦੇ ਨਾਲ-ਨਾਲ ਕੀਟੋਨ ਦੇ ਉੱਚ ਪੱਧਰ ਦੇ ਮੱਦੇਨਜ਼ਰ PET-CT Scan ਸਮੇਤ ਕਈ ਮੈਡੀਕਲ ਟੈਸਟਾਂ ਲਈ ਅਪਣੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਕੀਤੀ ਸੀ। ਵਧੇ ਹੋਏ ਕੀਟੋਨ ਦੇ ਪੱਧਰ ਗੁਰਦੇ, ਗੰਭੀਰ ਦਿਲ ਦੀਆਂ ਬਿਮਾਰੀਆਂ ਅਤੇ ਇੱਥੋਂ ਤਕ ਕਿ ਕੈਂਸਰ ਦਾ ਸੰਕੇਤ ਵੀ ਦੇ ਸਕਦੇ ਹਨ।
ਸੁਪਰੀਮ ਕੋਰਟ ਨੇ 10 ਮਈ ਨੂੰ ਮੁੱਖ ਮੰਤਰੀ ਨੂੰ ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਨ ਲਈ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿਤੀ ਸੀ। ਅਦਾਲਤ ਨੇ ਉਨ੍ਹਾਂ ਨੂੰ ਸੱਤ ਪੜਾਵਾਂ ਦੀਆਂ ਚੋਣਾਂ ਦੇ ਆਖਰੀ ਪੜਾਅ ਤੋਂ ਇਕ ਦਿਨ ਬਾਅਦ 2 ਜੂਨ ਨੂੰ ਆਤਮ ਸਮਰਪਣ ਕਰਨ ਦਾ ਹੁਕਮ ਦਿਤਾ ਸੀ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ’ਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਇਸ ਨੀਤੀ ਨੂੰ ਰੱਦ ਕਰ ਦਿਤਾ ਗਿਆ ਹੈ।