
ਦੋਸ਼ੀ ਨੂੰ ਮੰਗਲਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।
ਅੰਬਾਲਾ: ਅੰਬਾਲਾ ਵਿਖੇ ਇੱਕ ਵਿਅਕਤੀ ਨੂੰ ਆਪਣੀ ਹੀ ਨਾਬਾਲਗ ਧੀ ਨਾਲ ਪਿਛਲੇ ਸੱਤ ਸਾਲਾਂ ਤੋਂ ਬਲਾਤਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਨੇ ਬੁੱਧਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ 'ਚ ਪ੍ਰੋਟੈਕਸ਼ਨ ਆਫ਼ ਚਿਲਡਰਨ ਫ਼ਰਾਮ ਸੈਕਸੁਅਲ ਆਫੈਂਸ ਐਕਟ (ਪੋਕਸੋ ਐਕਟ) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਸੋਮਵਾਰ ਸ਼ਾਮ ਨੂੰ ਐੱਫ.ਆਈ.ਆਰ ਦਰਜ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਦੀ ਉਮਰ ਇਸ ਵੇਲੇ 17 ਸਾਲ ਹੈ ਅਤੇ ਉਹ ਅੰਬਾਲਾ ਛਾਉਣੀ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦੀ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਮੰਗਲਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।
ਪੁਲਿਸ ਅਨੁਸਾਰ ਲੜਕੀ ਨੇ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਉਸ ਦਾ ਪਿਤਾ ਉਸ ਨੂੰ ਉਸ ਵੇਲੇ ਤੋਂ ਲਗਾਤਾਰ ਪਰੇਸ਼ਾਨ ਕਰ ਰਿਹਾ ਹੈ ਜਦੋਂ ਉਹ ਸਿਰਫ਼ 10 ਸਾਲ ਦੀ ਸੀ। ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਕਿਹਾ ਕਿ ਲੜਕੀ ਦੇ ਪਿਤਾ ਨੇ ਉਸ ਨਾਲ ਪਹਿਲੀ ਵਾਰ ਚੰਡੀਗੜ੍ਹ ਵਿੱਚ ਬਲਾਤਕਾਰ ਕੀਤਾ ਜਦੋਂ ਉਹ ਕਿਸੇ ਰਿਸ਼ਤੇਦਾਰ ਦੇ ਘਰ ਗਏ ਸੀ, ਅਤੇ ਉਸ ਤੋਂ ਬਾਅਦ ਉਹ ਲਗਾਤਾਰ ਉਸ ਦਾ ਜਿਨਸੀ ਸ਼ੋਸ਼ਣ ਕਰਦਾ ਆ ਰਿਹਾ ਸੀ।
ਲੜਕੀ ਦੇ ਦੱਸਣ ਅਨੁਸਾਰ ਜਦੋਂ ਉਸ ਦੇ ਆਪਣੇ ਪਿਤਾ ਦੀ ਇਸ ਹਰਕਤ ਦਾ ਵਿਰੋਧ ਕੀਤਾ ਤਾਂ ਉਸ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਅਤੇ ਉਸ ਦੀ ਮਾਂ ਨੂੰ ਜਿਉਂਦਿਆਂ ਸਾੜ ਦੇਵੇਗਾ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਦੋਸ਼ੀ ਪਿਤਾ ਵੱਲੋਂ ਆਪਣੇ ਲਗਾਤਾਰ ਜਿਨਸੀ ਸ਼ੋਸ਼ਣ ਦੀ ਸੂਚਨਾ ਉਸ ਨੇ ਇਕ ਰਿਸ਼ਤੇਦਾਰ ਨੂੰ ਦਿੱਤੀ, ਜਿਸ ਨੇ ਇਹ ਮਾਮਲਾ ਹੋਰ ਰਿਸ਼ਤੇਦਾਰਾਂ ਦੇ ਧਿਆਨ 'ਚ ਲਿਆਂਦਾ।
ਜਦੋਂ ਇਸ ਘਟਨਾ ਦਾ ਪੀੜਤ ਸਕੂਲ ਦੇ ਪ੍ਰਿੰਸੀਪਲ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਬੱਚਿਆਂ ਦੇ ਹੈਲਪਲਾਈਨ ਨੰਬਰ ’ਤੇ ਇਸ ਦੀ ਸੂਚਨਾ ਦਿੱਤੀ। ਹੈਲਪਲਾਈਨ ਟੀਮ ਨੇ ਲੜਕੀ ਨਾਲ ਗੱਲਬਾਤ ਕੀਤੀ ਅਤੇ ਉਸ ਤੋਂ ਬਾਅਦ ਪੁਲਿਸ ਕੋਲ ਮਾਮਲਾ ਦਰਜ ਕੀਤਾ ਗਿਆ। ਮਾਮਲੇ ਨਾਲ ਜੁੜੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਲੜਕੀ ਦੇ ਪਿਤਾ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ 'ਚ ਲੜਕੀ ਦਾ ਮੈਡੀਕਲ ਕਰਵਾਇਆ ਗਿਆ, ਅਤੇ ਹੋਰ ਰਸਮੀ ਕਾਰਵਾਈਆਂ ਮੁਕੰਮਲ ਕਰਨ ਤੋਂ ਬਾਅਦ ਅਦਾਲਤ ਵਿੱਚ ਪੀੜਤ ਲੜਕੀ ਦੇ ਬਿਆਨ ਦਰਜ ਕਰਵਾਏ ਜਾਣਗੇ।