
ਹਾਦਸੇ 'ਚ 140 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
ਅਹਿਮਦਾਬਾਦ: ਗੁਜਰਾਤ ਦੇ ਮੋਰਬੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਪੁਲ ਦੇ ਡਿੱਗਣ ਦੇ ਮਾਮਲੇ ਵਿੱਚ ਪੁਲਿਸ ਨੇ ਨੌਂ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਹਾਦਸੇ 'ਚ 140 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਉਥੇ ਸੌ ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਮੋਰਬੀ ਵਿੱਚ ਸਸਪੈਂਸ਼ਨ ਪੁਲ ਡਿੱਗਣ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਨੌਂ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਉਨ੍ਹਾਂ ਵਿਚ ਪੁਲ ਦਾ ਮੈਨੇਜਰ ਅਤੇ ਮੇਨਟੇਨੈਂਸ ਸੁਪਰਵਾਈਜ਼ਰ ਸ਼ਾਮਲ ਹੈ। ਇਸ ਤੋਂ ਇਲਾਵਾ ਪੁਲਿਸ ਪੁਲ ਦੇ ਪ੍ਰਬੰਧਕਾਂ ਨਾਲ ਸਬੰਧਤ ਸਾਰੇ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਮੋਰਬੀ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਨੇ ਮੇਨਟੇਨੈਂਸ ਟੀਮ ਦੇ ਮੈਨੇਜਰ ਜੌਲ ਬ੍ਰਿਜ ਮੈਨੇਜਮੈਂਟ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 304, 308, 114 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਕੀਤੀ ਸ਼ਿਕਾਇਤ ਵਿੱਚ ਪੁਲ ਦੀ ਸਹੀ ਸਾਂਭ-ਸੰਭਾਲ ਨਾ ਹੋਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੇ ਇਸ ਹਾਦਸੇ ਦੀ ਜਾਂਚ ਲਈ ਆਈਜੀ ਦੀ ਪ੍ਰਧਾਨਗੀ ਹੇਠ ਪੰਜ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਹੈ।