
ਸੰਯੁਕਤ ਰਾਸ਼ਟਰ, 2 ਫ਼ਰਵਰੀ: ਸੰਯੁਕਤ ਰਾਸ਼ਟਰ ਮੁਖੀ ਦੇ ਬੁਲਾਰੇ ਨੇ ਭਾਰਤ ਤੇ ਪਾਕਿਸਤਾਨ ਵਿਚ ਹਾਲ ਹੀ 'ਚ ਛੋਟੀਆਂ ਬੱਚੀਆਂ ਨਾਲ ਬਲਾਤਕਾਰ ਦੀਆਂ ਵਾਪਰੀਆਂ ਘਟਨਾਵਾਂ ਨੂੰ ਦਿਲ ਦੁਖਾਊ ਕਰਾਰ ਦਿੰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਔਰਤਾਂ ਨੂੰ ਮਜ਼ਬੂਤ ਅਤੇ ਸਿਖਿਅਤ ਕਰ ਕੇ ਇਸ ਵੱਡੀ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।ਜ਼ਿਕਰਯੋਗ ਹੈ ਕਿ ਭਾਰਤ ਵਿਚ ਹਾਲ ਹੀ 'ਚ ਦਿੱਲੀ ਵਿਚ 28 ਸਾਲਾ ਇਕ ਵਿਅਕਤੀ ਵਲੋਂ ਅਪਣੀ ਅੱਠ ਮਹੀਨੇ ਦੀ ਰਿਸ਼ਤੇਦਾਰ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਸਾਰੇ ਦੇਸ਼ ਵਿਚ ਰੋਸ ਦੀ ਲਹਿਰ ਦੌਰ ਗਈ ਸੀ ਜਦਕਿ ਪਿਛਲੇ ਮਹੀਨੇ ਪਾਕਿਸਤਾਨ ਵਿਚ ਸਿਲਸਿਲੇਵਾਰ ਕਾਤਲ ਨੇ ਸੱਤ ਸਾਲ ਦੀ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਉਸ ਦਾ ਕਤਲ ਕਰ ਦਿਤਾ ਸੀ। ਇਸ ਘਟਨਾ ਨੂੰ ਲੈ ਕੇ ਪੂਰੇ ਪਾਕਿਸਤਾਨ ਵਿਚ ਰੋਸ ਪ੍ਰਦਰਸ਼ਨ ਹੋਏ ਸਨ।
ਕੋਮਾਂਤਰੀ ਸੰਸਥਾ ਦੇ ਬੁਲਾਰੇ ਸਟੀਫ਼ੇਨ ਦੁਜਾਰਿਕ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਬਲਾਤਕਾਰ ਦੀਆਂ ਇਹ ਦੋਵੇਂ ਘਟਨਾਵਾਂ ਦਿਲ ਦੁਖਾਊ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਤੋਂ ਇਕ ਗੱਲ ਤਾਂ ਸਾਫ਼ ਹੈ ਕਿ ਕਿਸੇ ਵੀ ਦੇਸ਼ ਵਿਚ ਔਰਤਾਂ ਵਿਰੁਧ ਹਿੰਸਾ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ ਅਤੇ ਅਜਿਹੀਆਂ ਘਟਨਾਵਾਂ ਹਰ ਦੇਸ਼ ਦੇ ਹਰ ਕੋਨੇ ਵਿਚ ਲਗਾਤਾਰ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਸਬੰਧੀ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰੋਗਰਾਮਾਂ ਨਾਲ ਸੰਯੁਕਤ ਰਾਸ਼ਟਰ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤਾਕਿ ਔਰਤਾਂ ਦਾ ਸਨਮਾਨ ਬਣਾਈ ਰਖਿਆ ਜਾ ਸਕੇ। (ਪੀ.ਟੀ.ਆਈ.)