
ਨਵੀਂ ਦਿੱਲੀ, 16 ਮਾਰਚ : ਦਿੱਲੀ ਹਾਈ ਕੋਰਟ ਨੇ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿਚ ਕਾਰਤੀ ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਅਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸੀਬੀਆਈ ਦੁਆਰਾ ਦਾਇਰ ਇਸ ਮਾਮਲੇ ਵਿਚ ਜੱਜ ਐਸ ਪੀ ਗਰਗ ਨੇ ਸੀਬੀਆਈ ਅਤੇ ਕਾਰਤੀ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ।
ਸੀਬੀਆਈ ਨੇ ਇਹ ਕਹਿੰਦਿਆਂ ਕਾਰਤੀ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਕਿ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ ਅਤੇ ਗਵਾਹਾਂ ਨੂੰ ਪ੍ਰਭਾਵਤ ਕਰ ਸਕਦੇ ਹਨ।
ਏਜੰਸੀ ਨੇ ਇਹ ਵੀ ਦੋਸ਼ ਲਾਇਆ ਕਿ ਕਾਰਤੀ ਨੇ ਕੁੱਝ ਸਬੂਤਾਂ ਨਾਲ ਛੇੜਛਾੜ ਕੀਤੀ ਹੈ। ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੇ ਪੁੱਤਰ ਕਾਰਤੀ ਨੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਵਿਸ਼ੇਸ਼ ਅਦਾਲਤ ਦੇ ਜੱਜ ਦੇ ਫ਼ੈਸਲੇ ਨੂੰ ਉੱਚ ਨਿਆਂਪਾਲਿਕਾ ਵਿਚ ਚੁਨੌਤੀ ਦਿਤੀ ਹੈ। (ਏਜੰਸੀ)