
ਚੰਡੀਗੜ੍ਹ,
25 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਨੇ ਅਕਾਲੀਆਂ ਵਲੋਂ ਕੀਤੇ ਜਾ ਰਹੇ ਭੰਡੀ ਪ੍ਰਚਾਰ ਦੀ ਤਿੱਖੀ ਆਲੋਚਨਾ ਕਰਦੇ ਹੋਏ
ਖੇਤੀਬਾੜੀ ਟਿਊਬਵੱੈਲਾਂ ਉੱਤੇ ਮੀਟਰ ਲਾਉਣ ਤੋਂ ਸਪਸ਼ਟ ਤੌਰ 'ਤੇ ਇਨਕਾਰ ਕੀਤਾ ਹੈ। ਅੱਜ
ਇਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਪਹਿਲਾਂ
ਹੀ ਕੀਤੇ ਵਾਅਦੇ ਅਨੁਸਾਰ ਖੇਤੀ ਸੈਕਟਰ ਲਈ ਬਿਜਲੀ ਉੱਤੇ ਸਬਸਿਡੀ ਜਾਰੀ ਰਹੇਗੀ। ਉਨ੍ਹਾਂ
ਕਿਹਾ ਕਿ ਸਬਸਿਡੀ ਨੂੰ ਖ਼ਤਮ ਕਰਨ ਜਾਂ ਟਿਊਬਵੈੱਲਾਂ ਉੱਤੇ ਮੀਟਰ ਲਾਉਣ ਦਾ ਕੋਈ ਵੀ ਸਵਾਲ
ਨਹੀਂ ਉਠਦਾ। ਮੁੱਖ ਮੰਤਰੀ ਨੇ ਇਸ ਸਾਲ ਜੂਨ ਮਹੀਨੇ ਵਿਚ ਸੂਬਾ ਵਿਧਾਨ ਸਭਾ 'ਚ ਖੇਤੀਬਾੜੀ
ਸੈਕਟਰ ਲਈ ਬਿਜਲੀ ਸਬਸਿਡੀ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ
ਗੁਰਦਾਸਪੁਰ ਲੋਕ ਸਭਾ ਦੀ ਉੱਪ ਚੋਣ ਦੇ ਮੱਦੇਨਜ਼ਰ ਆਧਾਰਹੀਣ ਬਿਆਨਾਂ ਰਾਹੀਂ ਲੋਕਾਂ ਨੂੰ
ਗੁਮਰਾਹ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਤਿੱਖੀ ਆਲੋਚਨਾ ਕੀਤੀ
ਹੈ।
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਉਪ ਚੋਣ ਨੂੰ ਖ਼ਾਸ ਤੌਰ 'ਤੇ ਧਿਆਨ 'ਚ ਰੱਖ ਕੇ
ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਵਲੋਂ ਟਿਊਬਵੈੱਲਾਂ 'ਤੇ ਮੀਟਰ ਲਾਉਣ ਦੀਆਂ ਅਫ਼ਵਾਹਾਂ
ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਅਪਣੇ ਸੌੜੇ ਸਿਆਸੀ ਹਿੱਤਾਂ ਲਈ
ਝੂਠਾ ਭੰਡੀ ਪ੍ਰਚਾਰ ਕਰਨ ਵਾਸਤੇ ਪਹਿਲਾਂ ਹੀ ਬਦਨਾਮ ਹਨ। ਸ਼੍ਰੋਮਣੀ ਅਕਾਲੀ ਦਲ ਤੇ
ਭਾਜਪਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਵੀ ਵੱਡੀ ਪੱਧਰ 'ਤੇ ਅਫ਼ਵਾਹਾਂ ਫੈਲਾਈਆਂ ਸਨ ਪਰ ਉਸ
ਸਮੇਂ ਇਹ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਵਿਚ ਅਸਫ਼ਲ ਰਹੀਆਂ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਤੋਂ ਇਲਾਵਾ ਪਹਿਲਾਂ ਹੀ ਕਿਸਾਨਾਂ ਦੀ ਭਲਾਈ ਲਈ ਬਹੁਤ ਸਾਰੇ ਕਦਮ ਚੁਕੇ ਹਨ। ਕਰਜ਼ੇ ਮੁਆਫ਼ੀ ਦੇ ਸਬੰਧ ਵਿਚ ਲੋਕਾਂ ਨੂੰ ਗੁੰਮਰਾਹ ਕਰਨ ਵਿਚ ਅਸਫ਼ਲ ਰਹਿਣ ਤੋਂ ਬਾਅਦ ਹੁਣ ਇਹ ਪਾਰਟੀਆਂ ਮੀਟਰਾਂ ਦੇ ਮਾਮਲੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਅਪਣੇ 10 ਸਾਲ ਦੇ ਸ਼ਾਸਨ ਦੌਰਾਨ ਕਰਜ਼ੇ ਮੁਆਫ਼ੀ ਦਾ ਐਲਾਨ ਕਰਨ ਵਿਚ ਅਸਫ਼ਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਇਹ ਦੋਵੇਂ ਪਾਰਟੀਆਂ ਬਿਜਲੀ ਦੀ ਸਬਸਿਡੀ ਬਾਰੇ ਕਿਸਾਨਾਂ ਦੇ ਮਨ ਵਿਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ
ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਸੰਕਟਾਂ ਵਿਚ ਘਿਰੀ ਹੋਈ ਕਿਸਾਨੀ ਨੂੰ ਬਚਾਉਣ ਲਈ ਹਰ
ਸੰਭਵ ਯਤਨ ਕਰ ਰਹੀ ਹੈ ਜਿਸ ਨੂੰ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਬੁਰੀ ਤਰ੍ਹਾਂ ਕਰਜ਼ੇ
ਵਿਚ ਡੁਬੋ ਦਿਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾ ਕੇਵਲ ਇਸ ਮੌਜੂਦਾ ਸੰਕਟ
ਵਿਚੋਂ ਕਿਸਾਨਾਂ ਨੂੰ ਬਾਹਰ ਕਢੇਗੀ ਸਗੋਂ ਉਨ੍ਹਾਂ ਨੂੰ ਮੁੜ ਪ੍ਰਗਤੀ ਦੇ ਰਾਹ 'ਤੇ
ਲਿਜਾਵੇਗੀ।