
ਨਵੀਂ ਦਿੱਲੀ, 7 ਨਵੰਬਰ: ਰਾਸ਼ਟਰੀ ਸਿੱਖ ਸੰਗਤ ਨੇ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ 'ਤੇ ਇਹ ਦੋਸ਼ ਲਗਾਉਣਾ ਬੇਬੁਨਿਆਦ ਹੈ ਕਿ ਉਨ੍ਹਾਂ ਰਾਸ਼ਟਰਪਤੀ ਭਵਨ ਵਿਚ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੋਈ ਸਮਾਗਮ ਨਾ ਕਰਵਾ ਕੇ 35 ਸਾਲ ਪੁਰਾਣੀ ਪਰੰਪਰਾ ਨੂੰ ਤੋੜ ਦਿਤਾ ਹੈ ਕਿਉਂਕਿ ਇਸ ਵਾਰ ਰਾਸ਼ਟਰਪਤੀ ਭਵਨ ਵਿਚ ਇਕ ਨਹੀਂ, ਬਲਕਿ ਦੋ ਸਮਾਗਮ ਕਰਵਾਏ ਗਏ ਹਨ। ਆਰਐਸਐਸ ਦੇ ਜਨਰਲ ਸਕੱਤਰ ਡਾ. ਅਵਤਾਰ ਸਿੰਘ ਸ਼ਾਸਤਰੀ ਨੇ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਰਾਸ਼ਟਰਪਤੀ ਭਵਨ ਵਿਚ ਗੁਰਦਵਾਰੇ ਵਿਚ ਜਾ ਕੇ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਨਤਮਸਤਕ ਹੋਏ ਅਤੇ ਸ਼ਾਮ
ਨੂੰ ਦਰਬਾਰ ਹਾਲ ਵਿਚ ਸੰਗਤ ਨੂੰ ਬੁਲਾ ਕੇ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਬਾਰੇ ਵਿਚਾਰ ਕੀਤਾ ਅਤੇ ਲੰਗਰ ਦਾ ਪ੍ਰਬੰਧ ਕੀਤਾ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ 'ਤੇ ਬੇਬੁਨਿਆਦ ਦੋਸ਼ ਲਗਾਉਣਾ ਗੰਦੀ ਸਿਆਸਤ ਤੋਂ ਪ੍ਰੇਰਤ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕ ਅਪਣੀ ਮਾੜੀ ਸਿਆਸਤ ਤੋਂ ਬਾਜ਼ ਨਹੀਂ ਆਉਂਦੇ ਕਿਉਂਕਿ ਉਨ੍ਹਾਂ ਦਾ ਅਕਸ ਹੀ ਝੂਠੀ ਸਿਆਸਤ ਕਰ ਕੇ ਅਤੇ ਲੋਕਾਂ ਨੂੰ ਗੁਮਰਾਹ ਕਰ ਕੇ ਅਪਣਾ ਉਲੂ ਸਿੱਧਾ ਕਰਨਾ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਜਨਤਾ ਨੇ ਨਕਾਰ ਦਿਤਾ ਹੁੰਦਾ ਹੈ, ਉਨ੍ਹਾਂ ਨੂੰ ਸਿਰਫ਼ ਝੂਠ ਦਾ ਸਹਾਰਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੁੱਝ ਲੋਕਾਂ ਨੇ ਉਨ੍ਹਾਂ ਦੇ ਸੰਗਠਨ ਦਾ ਨਾਂਅ ਲੈ ਕੇ ਸਾਫ਼ ਝੂਠ ਬੋਲਿਆ ਹੈ।