
ਹਲਕਾ ਖਡੂਰ ਸਾਹਿਬ 'ਚ ਅੱਠ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ
ਚੰਡੀਗੜ੍ਹ : 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖ਼ਰੀ ਦਿਨ ਤੱਕ ਵਿਧਾਨ ਸਭਾ ਹਲਕਾ ਰਾਏਕੋਟ ਤੋਂ 14 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਗਏ ਸਨ, ਜੋ ਸਹੀ ਪਾਏ ਗਏ ਹਨ।
ਇਸ ਮੌਕੇ ਐੱਸ.ਡੀ.ਐੱਮ-ਕਮ-ਰਿਟਰਨਿੰਗ ਅਫ਼ਸਰ ਗੁਰਵੀਰ ਸਿੰਘ ਕੋਹਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਸਾਰੇ 14 ਉਮੀਦਵਾਰਾਂ ਦੇ ਕਾਗ਼ਜ਼ਾਂ ਦੀ ਪੜਤਾਲ ਸਹੀ ਪਾਈ ਗਈ ਅਤੇ 4 ਫਰਵਰੀ ਨੂੰ ਉਮੀਦਵਾਰ ਕਾਗ਼ਜ਼ ਵਾਪਸ ਲੈ ਸਕਦੇ ਹਨ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ, ਜਦਕਿ ਚੋਣਾਂ 20 ਫਰਵਰੀ ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਵਿਧਾਨ ਸਭਾ ਹਲਕਾ ਖਡੂਰ ਸਾਹਿਬ
ਰਿਟਰਨਿੰਗ ਅਫ਼ਸਰ ਦੀਪਕ ਭਾਟੀਆ ਨੇ ਅੱਜ ਪੜਤਾਲ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਠ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹਨ ਜਿਨ੍ਹਾਂ ਵਿਚ ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ, ਅਮਨਦੀਪ ਕੌਰ ਆਮ ਆਦਮੀ ਪਾਰਟੀ, ਜਸਬੀਰ ਸਿੰਘ ਨੈਸ਼ਨਲ ਜਸਟਿਸ ਪਾਰਟੀ, ਹਰਪਿੰਦਰ ਸਿੰਘ ਰਾਜਨ ਗਿੱਲ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਗੁਰਸੰਤ ਉਪਦੇਸ਼ ਸਿੰਘ ਗਿੱਲ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸੰਤੋਖ ਸਿੰਘ ਪੰਜਾਬ ਲੋਕ ਕਾਂਗਰਸ ਪਾਰਟੀ, ਦਲਬੀਰ ਸਿੰਘ ਰਿਪਬਲਿਕਨ ਪਾਰਟੀ ਆਫ਼ ਇੰਡੀਆ ਅਤੇ ਕਵਲਜੀਤ ਸਿੰਘ ਆਜ਼ਾਦ ਸਨ।
ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ
ਇਸ ਹਲਕੇ ਵਿਚ 18 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਸਨ, ਜਿਨ੍ਹਾਂ ਦੀ ਪੜਤਾਲ ਕੀਤੀ ਗਈ ਅਤੇ 7 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਦੀ ਜਾਣਕਾਰੀ ਮਿਲੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਬ-ਡਵੀਜ਼ਨਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਕਮ ਚੋਣ ਅਧਿਕਾਰੀ ਹਲਕਾ ਬਾਬਾ ਬਕਾਲਾ ਸਾਹਿਬ, ਵਿਰਾਜ ਸ਼ਿਆਮਕਰਨ ਤਿੜਕੇ (ਆਈ.ਏ.ਐਸ.) ਨੇ ਦੱਸਿਆ ਹੈ ਕਿ ਹੁਣ ਤੱਕ ਕੁੱਲ 18 ਉਮੀਦਵਾਰਾਂ ਨੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ, ਜਿਨ੍ਹਾਂ 'ਚੋ 11 ਉਮੀਦਵਾਰਾਂ ਦੇ ਕਾਗ਼ਜ਼ ਬਿਲਕੁਲ ਸਹੀ ਪਾਏ ਗਏ ਹਨ ਅਤੇ ਇਨ੍ਹਾਂ 'ਚੋਂ 5 ਕਵਰਿੰਗ ਸਮੇਤ 7 ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ ਗਏ ਹਨ।
ਦੱਸ ਦੇਈਏ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਬੀਤੇ ਕੱਲ੍ਹ ਤਕ ਨਾਮਜ਼ਦਗੀਆਂ ਦਾਖਲ ਹੋਈਆਂ ਸਨ ਜਿਨ੍ਹਾਂ ਦੀ ਅੱਜ ਪੜਤਾਲ ਹੋਈ ਹੈ। ਸੂਬੇ ਦੀਆਂ ਚੋਣਾਂ 20 ਫਰਵਰੀ ਨੂੰ ਹੋਣਗੀਆਂ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।