
'ਆਪ' ਨੇ ਕੀਤਾ ਸਵਾਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਆਗੂਆਂ ਦਾ ਸਾਹਮਣਾ ਕਿਉਂ ਕਰਨ ਤੋਂ ਕਿਉਂ ਭੱਜ ਰਹੇ ਹਨ?
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਉੱਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਇਹ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਅਤੇ ਹੰਕਾਰੀ ਹੋਣ ਕਰਕੇ ਹੀ ਮੀਟਿੰਗ ਕਿਸੇ ਨਤੀਜੇ ਉੱਤੇ ਨਹੀਂ ਪਹੁੰਚੀ।
Bhagwant Mann
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਆਗੂਆਂ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੇ ਹਨ? ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਖੇਤੀ ਕਾਨੂੰਨਾਂ ਨੂੰ ਇਤਿਹਾਸਕ ਤੇ ਕ੍ਰਾਂਤੀਕਾਰੀ ਦੱਸ ਰਹੇ ਹਨ ਤੇ ਦੂਜੇ ਪਾਸੇ ਕਿਸਾਨਾਂ ਦਾ ਸਾਹਮਣਾ ਕਰਨ ਦੀ ਹਿੰਮਤ ਕਿਉਂ ਨਹੀਂ ਕਰ ਰਹੇ?
PM modi
ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣਾ ਅੜੀਅਲ ਰਵੱਈਆ ਛੱਡਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸਮਝਣ ਅਤੇ ਦਰਪੇਸ਼ ਦਿੱਕਤਾਂ ਨੂੰ ਦੂਰ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨ ਕਰਕੇ ਖੇਤੀ ਅਤੇ ਕਿਸਾਨ ਦੋਵੇਂ ਹੀ ਖ਼ਤਰੇ ਵਿਚ ਹਨ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਨਾਂ ਕਿਸੇ ਦੇਰੀ ਕੀਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ। ਉਨ੍ਹਾਂ ਕਿਹਾ ਕਿ ਆਪਣੀ ਹੋਂਦ ਨੂੰ ਬਰਕਰਾਰ ਰੱਖਣ ਲਈ ਅੱਜ ਪੰਜਾਬ ਸਮੇਤ ਦੇਸ਼ ਦੇ ਲੱਖਾਂ ਕਿਸਾਨ ਠੰਢੀਆਂ ਰਾਤਾਂ ਵਿਚ ਦਿੱਲੀ-ਹਰਿਆਣਾ ਦੀਆਂ ਸਰਹੱਦਾਂ ਉੱਤੇ ਅੰਦੋਲਨ ਕਰਨ ਲਈ ਮਜਬੂਰ ਹਨ।
Home Minister Amit Shah
ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਸ਼ਾਮਲ ਨਾ ਹੋਣ ਉੱਤੇ ਇਤਰਾਜ਼ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਦਾ ਰਵੱਈਆ ਮੋਦੀ ਸਰਕਾਰ ਦਾ ਹੰਕਾਰੀ ਹੋਣਾ ਸਿੱਧ ਕਰਦਾ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਹੈਦਰਾਬਾਦ ਵਿਚ ਨਗਰ ਨਿਗਮ ਚੋਣਾਂ ਵਿਚ ਪ੍ਰਚਾਰ ਕਰਨ ਲਈ ਤਾਂ ਜਾ ਸਕਦੇ ਹਨ, ਪਰ ਰਾਜਧਾਨੀ ਦੇ ਦਰ ਉੱਤੇ ਰੋਸ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਅੰਨਦਾਤੇ ਕੋਲ ਜਾਣਾ ਤਾਂ ਦੂਰ ਦੀ ਗਲ ਉਨ੍ਹਾਂ ਨਾਲ ਨਿਰਧਾਰਿਤ ਸਮੇਂ ਮੀਟਿੰਗ ਵਿਚ ਵੀ ਹਿੱਸਾ ਨਹੀਂ ਲਿਆ।
Farmer
ਇਸ ਤਰ੍ਹਾਂ ਕੇਂਦਰ ਸਰਕਾਰ ਦੇ ਖੇਤੀ ਤੇ ਕਿਸਾਨ ਵਿਰੋਧੀ ਮਨਸੂਬਿਆਂ ਅਤੇ ਗੈਰ ਜ਼ਿੰਮੇਵਾਰ ਰਵੱਈਆ ਸਾਹਮਣੇ ਆਉਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਪ੍ਰਧਾਨ ਦੇਸ਼ ਦੀ ਕਿਸਾਨ ਤੋਂ ਬਿਨਾਂ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਅੰਨਦਾਤਾ ਨਾਲ ਦੁਸ਼ਮਣ ਦੇਸ਼ ਦੇ ਵਾਸੀ ਹੋਣ ਦੀ ਤਰ੍ਹਾਂ ਵਿਵਹਾਰ ਨਾ ਕੀਤਾ ਜਾਵੇ, ਜਦੋਂ ਉਹ (ਪ੍ਰਧਾਨ ਮੰਤਰੀ ਮੋਦੀ) ਬਿਨਾਂ ਬੁਲਾਏ ਤਤਕਾਲੀਨ ਪ੍ਰਧਾਨ ਮੰਤਰੀ ਨਵਾਬ ਸ਼ਰੀਫ਼ ਦੇ ਜਨਮ ਦਿਨ ਉੱਤੇ ਕੇਕ ਕੱਟਣ ਪਾਕਿਸਤਾਨ ਜਾ ਸਕਦੇ ਹਨ ਤਾਂ ਕਿਸਾਨਾਂ ਨਾਲ ਮੀਟਿੰਗ ਕਿਉਂ ਨਹੀਂ ਕਰ ਸਕਦੇ?