
ਕਾਰਨ ਦੱਸੋ ਨੋਟਿਸ ਜਾਰੀ, ਤਿੰਨ ਦਿਨਾਂ 'ਚ ਮੰਗਿਆ ਜਵਾਬ
ਨਵੀਂ ਦਿੱਲੀ - ਕਾਂਗਰਸ ਨੇ ਆਪਣੀ ਲੋਕ ਸਭਾ ਮੈਂਬਰ ਪਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ।
ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਹੈ। ਅਮਰਿੰਦਰ ਸਿੰਘ ਹੁਣ ਭਾਰਤੀ ਜਨਤਾ ਪਾਰਟੀ ਵਿੱਚ ਹਨ।
ਪਾਰਟੀ ਦੀ ਅਨੁਸ਼ਾਸਨੀ ਐਕਸ਼ਨ ਕਮੇਟੀ ਨੇ ਕੌਰ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਇਹ ਦੱਸਣ ਲਈ ਕਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕਿਉਂ ਨਾ ਕੱਢਿਆ ਜਾਵੇ।
ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ, ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਿਕਾਇਤ ਕੀਤੀ ਸੀ ਕਿ ਪਰਨੀਤ ਕੌਰ ਭਾਜਪਾ ਦੀ ਮਦਦ ਦੇ ਇਰਾਦੇ ਨਾਲ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੈ।
ਇਹ ਵੀ ਕਿਹਾ ਗਿਆ ਹੈ ਕਿ ਅਜਿਹੀਆਂ ਸ਼ਿਕਾਇਤਾਂ ਪਾਰਟੀ ਦੇ ਕਈ ਹੋਰ ਸੀਨੀਅਰ ਆਗੂਆਂ ਨੇ ਵੀ ਕੀਤੀਆਂ ਸਨ।