'ਆਪ' ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖਿਲਾਫ ਕੱਢਿਆ ਰੋਸ ਮਾਰਚ
'ਆਪ' ਸਰਕਾਰ ਲੋਕਾਂ ਦੇ ਨੁਮਾਇੰਦਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਮਾਰਚ ਕੱਢਿਆ।
ਭੁਲੱਥ ਦੇ ਵਿਧਾਇਕ ਨੂੰ ਐਨਡੀਪੀਐਸ ਐਕਟ ਤਹਿਤ ਅੱਠ ਸਾਲ ਪੁਰਾਣੇ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮਹੀਨੇ ਦੇ ਪਹਿਲੇ ਮੰਗਲਵਾਰ ਹੋਣ ਕਰਕੇ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਦੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ, ਵਿਧਾਇਕਾਂ, ਚੋਣ ਲੜਨ ਵਾਲੇ ਉਮੀਦਵਾਰਾਂ ਅਤੇ ਸੀਨੀਅਰ ਪਾਰਟੀ ਲੀਡਰਸ਼ਿਪ ਵਿਚਕਾਰ ਇੱਕ ਰਿਵਾਇਤੀ ਮੀਟਿੰਗ ਤੈਅ ਸਮੇਂ ਅਨੁਸਾਰ ਕੀਤੀ। ਮੀਟਿੰਗ ਦੌਰਾਨ ਸੂਬੇ ਭਰ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ‘ਆਪ’ ਲੀਡਰਸ਼ਿਪ ਵੱਲੋਂ ਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ਼ ਬਦਲਾਖੋਰੀ ਦੀ ਕਾਰਵਾਈ ਕਰਨ ’ਤੇ ਨਾਰਾਜ਼ਗੀ ਜ਼ਾਹਰ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਵਿੱਚ ਸਨ ਤਾਂ ਉਹੀ ਲੀਡਰਸ਼ਿਪ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕਲੀਨ ਚਿੱਟ ਦਿੰਦੀ ਸੀ। ਬਾਜਵਾ ਨੇ ਅੱਗੇ ਸਵਾਲ ਕੀਤਾ ਕਿ “ਜੇ ਖਹਿਰਾ ਦੋਸ਼ੀ ਸੀ ਤਾਂ ਅਰਵਿੰਦ ਕੇਜਰੀਵਾਲ, ਜੋ ਹੁਣ ਦਾਅਵਾ ਕਰਦਾ ਹੈ ਕਿ ਭ੍ਰਿਸ਼ਟਾਚਾਰ ਵਿਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਨੇ ਸੁਖਪਾਲ ਖਹਿਰਾ ਨੂੰ ਪਿਛਲੀ ਵਾਰ ਵਿਰੋਧੀ ਧਿਰ ਦਾ ਨੇਤਾ ਕਿਉਂ ਨਿਯੁਕਤ ਕੀਤਾ?
ਚੰਡੀਗੜ੍ਹ ਪੁਲੀਸ ਵੱਲੋਂ ਕਾਂਗਰਸੀ ਆਗੂਆਂ ਨੂੰ ਪੰਜਾਬ ਡੀਜੀਪੀ ਦਫ਼ਤਰ ਵੱਲ ਵਧਣ ਤੋਂ ਰੋਕਣ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ, ‘‘ਚੰਡੀਗੜ੍ਹ ਪੁਲੀਸ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿਆਸੀ ਦਬਾਅ ਅੱਗੇ ਝੁਕ ਗਈ ਹੈ ਅਤੇ ਇਹੀ ਕਾਰਨ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦੇ ਸਾਡੇ ਜਮਹੂਰੀ ਹੱਕ ਤੋਂ ਸਾਨੂੰ ਰੋਕ ਰਹੇ ਹਨ। ਇਹ ਨਾ ਸਿਰਫ਼ ਆਮ ਆਦਮੀ ਪਾਰਟੀ ਕਰ ਰਹੀ ਹੈ, ਸਗੋਂ ਇਸ ਵਿੱਚ ਭਾਜਪਾ ਵੀ ਸ਼ਾਮਲ ਹੈ ਕਿਉਂਕਿ ਉਹ ਯੂ.ਟੀ. ਦੀ ਪੁਲਿਸ ਫੋਰਸ ਨੂੰ ਕੰਟਰੋਲ ਕਰ ਰਹੀ ਹੈ।"
ਧਰਨੇ ਤੋਂ ਪਹਿਲਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਦਾਅਵਾ ਕੀਤਾ- “ਖਹਿਰਾ ਸਾਬ ਨਾਲ ਜੋ ਹੋਇਆ ਉਹ ਪੂਰੀ ਤਰ੍ਹਾਂ ਗਲਤ ਹੈ ਕਿਉਂਕਿ ਅੱਠ ਸਾਲ ਪਹਿਲਾਂ ਝੂਠੇ ਦੋਸ਼ ਹੁਣ ‘ਆਪ’ ਦੀ ਬਦਲਾਖੋਰੀ ਦੀ ਰਾਜਨੀਤੀ ਦੇ ਵਿੱਚ ਲਾਏ ਜਾ ਰਹੇ ਹਨ। ਇਸ ਲਈ ਇਹ ਰੋਸ ਮੁਜ਼ਾਹਰਾ ਲੋਕਾਂ ਨੂੰ ਸੰਦੇਸ਼ ਦੇਣ ਅਤੇ ਸੱਤਾਧਾਰੀ ਸਰਕਾਰ ਨੂੰ ਦਿਖਾਉਣ ਲਈ ਕੀਤਾ ਗਿਆ ਹੈ ਕਿ ਲੋਕਾਂ ਨਾਲ ਅਜਿਹੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪ੍ਰਦਰਸ਼ਨਕਾਰੀਆਂ ਅਨੁਸਾਰ ਇਹ ਸ਼ਾਂਤਮਈ ਧਰਨਾ ਪੁਲੀਸ ਖ਼ਿਲਾਫ਼ ਨਹੀਂ, ਸਗੋਂ ਕਾਂਗਰਸੀ ਆਗੂ ਨਾਲ ਹੋਈ ਬੇਇਨਸਾਫ਼ੀ ਖ਼ਿਲਾਫ਼ ਸੀ। ਧਰਨੇ ਵਿਚ ਹਾਜ਼ਰ ਲੋਕਾਂ ਨੇ ਝੂਠੇ ਬੋਲਾਂ ਨਾਲ ਭਰੀ ਪਾਰਟੀ ‘ਆਪ’ ਨੂੰ ਮੂੰਹ ਤੋੜ ਜਵਾਬ ਦੇਣ ਦੀ ਮੰਗ ਕੀਤੀ ਕਿਉਂਕਿ ਉਹ ਆਪਣੇ ਫਾਇਦੇ ਲਈ ਲੋਕਾਂ ਅਤੇ ਸਿਆਸੀ ਪਾਰਟੀਆਂ ਨੂੰ ਬਦਨਾਮ ਕਰਦੇ ਰਹਿੰਦੇ ਹਨ। ਅਰਵਿੰਦ ਕੇਜਰੀਵਾਲ ਤੋਂ ਹੋਰ ਸਵਾਲ ਵੀ ਪੁੱਛੇ ਗਏ ਜਿਨ੍ਹਾਂ ਨੇ ਇਕ ਵਾਰ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਕਿਸੇ ਵੀ ਨੇਤਾ ਜਾਂ ਸਿਆਸੀ ਪਾਰਟੀ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ, ਪਰ ਫਿਲਹਾਲ ਉਹ ਸਿਰਫ਼ ਬਦਲਾਖੋਰੀ ਕਾਰਨ ਕਦਮ ਚੁੱਕ ਰਹੇ ਹਨ।
ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਏ ਇਸ ਧਰਨੇ ਨੂੰ ਪੰਜਾਬ ਕਾਂਗਰਸ ਭਵਨ ਦੇ ਬਾਹਰ ਭਾਰੀ ਪੁਲਿਸ ਬਲ ਨੇ ਰੋਕ ਲਿਆ। ਪੁਲਿਸ ਨੇ ਦਾਅਵਾ ਕੀਤਾ ਕਿ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਇਸ ਤਰ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਆਪਣਾ ਧਰਨਾ ਜਾਰੀ ਨਾ ਰੱਖਣ ਅਤੇ ਪੁਲਿਸ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਸੌਂਪਣ ਅਤੇ ਵਾਪਸ ਜਾਣ ਦੀ ਮੰਗ ਕੀਤੀ ਗਈ। ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਿੱਪਣੀ ਕੀਤੀ ਕਿ ਕਿਵੇਂ ਇਹ ਸਭ ਕੁਝ ਲੋਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਨ ਨਾ ਦੇਣ ਲਈ ਕੀਤਾ ਜਾ ਰਿਹਾ ਹੈ।
“ਸ਼ਾਂਤਮਈ ਪ੍ਰਦਰਸ਼ਨ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ, ਇਸਦੀ ਪੰਜਾਬ ਪੁਲਿਸ ਤੋਂ ਉਮੀਦ ਸੀ, ਪਰ ਚੰਡੀਗੜ੍ਹ ਪੁਲਿਸ ਤੋਂ ਨਹੀਂ। ਸਾਨੂੰ ਹੱਕ ਮੰਗਣ ਦੇ ਅਧਿਕਾਰ ਤੋਂ ਵਾਂਝੇ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।'' ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਲਈ ਭਾਰੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ।
ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਦਿੱਤੇ ਸਹਿਯੋਗ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ। “ਜੋ ਵੀ ਕਿਹਾ ਜਾ ਰਿਹਾ ਹੈ ਉਹ ਝੂਠ ਹੈ, ਅਸੀਂ ਸੱਚ ਅਤੇ ਆਪਣੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਨਸਾਫ਼ ਦਿਵਾਉਣ ਲਈ ਲੜਾਂਗੇ।”