 
          	ਭਾਜਪਾ ਦਾ ਮੁਕਾਬਲਾ ਕਰਨ ਦੀ ਰਣਨੀਤੀ ’ਤੇ ਰਣਨੀਤੀ ਨੂੰ ਅੰਤਿਮ ਰੂਪ ਦੇ ਸਕਦੇ ਹਨ ਗਠਜੋੜ ਦੇ ਆਗੂ
ਨਵੀਂ ਦਿੱਲੀ: ਵਿਰੋਧੀ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਅਲਾਇੰਸ (ਇੰਡੀਆ) ਦੇ ਸਹਿਯੋਗੀ ਪਾਰਟੀਆਂ ਦੇ ਨੇਤਾ ਅਗਲੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਲਈ 6 ਦਸੰਬਰ ਨੂੰ ਬੈਠਕ ਕਰਨਗੇ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ।
ਇਹ ਬੈਠਕ 6 ਦਸੰਬਰ ਦੀ ਸ਼ਾਮ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਹੋਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਬੈਠਕ ਦੌਰਾਨ ‘ਇੰਡੀਆ’ ਦੀਆਂ ਭਾਈਵਾਲ ਪਾਰਟੀਆਂ ਦੇ ਨੇਤਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਮੁਕਾਬਲਾ ਕਰਨ ਦੀ ਰਣਨੀਤੀ ’ਤੇ ਚਰਚਾ ਕਰ ਸਕਦੇ ਹਨ ਅਤੇ ਰਣਨੀਤੀ ਨੂੰ ਅੰਤਿਮ ਰੂਪ ਦੇ ਸਕਦੇ ਹਨ।
ਇਹ ਬੈਠਕ ਪੰਜ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ’ਚ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਬਾਅਦ ਹੋ ਰਹੀ ਹੈ। 
26 ਵਿਰੋਧੀ ਪਾਰਟੀਆਂ ਨੇ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨ.ਡੀ.ਏ.) ਦਾ ਮੁਕਾਬਲਾ ਕਰਨ ਲਈ ‘ਇੰਡੀਆ’ ਗੱਠਜੋੜ ਬਣਾਇਆ ਹੈ।  
ਹੁਣ ਤਕ ਇੰਡੀਆ ਗੱਠਜੋੜ ਦੀਆਂ ਤਿੰਨ ਬੈਠਕਾਂ ਪਟਨਾ, ਬੈਂਗਲੁਰੂ ਅਤੇ ਮੁੰਬਈ ’ਚ ਹੋ ਚੁਕੀਆਂ ਹਨ। ਗੱਠਜੋੜ ਦੇ ਭਵਿੱਖ ਦੇ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਪਿਛਲੇ ਹਫਤੇ ਮੁੰਬਈ ’ਚ ਗੱਠਜੋੜ ਭਾਈਵਾਲਾਂ ਦੇ ਨੇਤਾਵਾਂ ਦੀ ਬੈਠਕ ’ਚ 14 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ। ਤਾਲਮੇਲ ਕਮੇਟੀ ਵਿਰੋਧੀ ਗੱਠਜੋੜ ਦੀ ਚੋਟੀ ਦੀ ਫੈਸਲਾ ਲੈਣ ਵਾਲੀ ਸੰਸਥਾ ਵਜੋਂ ਕੰਮ ਕਰੇਗੀ।
 
                     
                
 
	                     
	                     
	                     
	                     
     
     
     
     
     
                     
                     
                     
                     
                    