
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਵਿਚ ਕੀਤਾ ਸਵਾਗਤ
ਬਰਨਾਲਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਹਲਕਾ ਭਦੌੜ ਵਿੱਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਦਰਬਾਰਾ ਸਿੰਘ ਗੁਰੂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਦਰਬਾਰਾ ਸਿੰਘ ਗੁਰੂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਬੀਤੇ ਕੱਲ੍ਹ ਅਸਤੀਫ਼ਾ ਦੇ ਦਿੱਤਾ ਸੀ, ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਦੇ ਤੌਰ 'ਤੇ ਕੰਮ ਕਰਦੇ ਰਹੇ ਹਨ। 2012 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜੀ ਸੀ ਪਰ ਉਹ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ ਸਨ।
congress
ਇਸ ਤੋਂ ਇਲਾਵਾ 2017 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਪਾਰਟੀ ਨੇ ਫਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਚੋਣ ਲੜਾਈ ਸੀ। ਜਦ ਕਿ 2019 ਦੀਆਂ ਲੋਕ ਸਭਾ ਚੋਣ ਵੀ ਫਤਹਿਗੜ੍ਹ ਸਾਹਿਬ ਹਲਕੇ ਤੋਂ ਲੜ ਚੁੱਕੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਉਹਨਾਂ ਦੀ ਚੋਣ ਮੁਹਿੰਮ ਨੂੰ ਬਹੁਤ ਹੁੰਗਾਰਾ ਮਿਲਿਆ ਹੈ।
ਕਿਉਂਕਿ ਅੱਜ ਉਹਨਾਂ ਦਾ ਸਾਥ ਦੇਣ ਆਮ ਆਦਮੀ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਡਾ.ਧਰਮਵੀਰ ਗਾਂਧੀ ਆਏ ਹਨ। ਉਥੇ ਹੀ ਦਰਬਾਰਾ ਸਿੰਘ ਗੁਰੂ ਆਪਣੇ ਸਾਥੀਆਂ ਨਾਲ ਕਾਂਗਰਸ ਵਿਚ ਸ਼ਾਮਲ ਹੋਏ ਹਨ। ਉਹਨਾਂ ਕਿਹਾ ਕਿ ਹਲਕਾ ਭਦੌੜ ਵਿੱਚ ਲੋਕ ਇੱਕਤਰਫਾ ਹੋ ਗਏ ਹਨ। ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ।
congress
ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹਾਈਕਮਾਂਡ ਜਿਸਨੂੰ ਵੀ ਮੁੱਖ ਮੰਤਰੀ ਦਾ ਚਿਹਰਾ ਬਣਾਏਗੀ, ਮੈਂ ਉਹਨਾਂ ਨਾਲ ਚੱਲਾਂਗਾ। ਮੈਂ ਆਪਣੇ ਪੰਜਾਬ ਦਾ ਭਲਾ ਚਾਹੁੰਦਾ ਹਾਂ। ਉਥੇ ਇਸ ਮੌਕੇ ਗੱਲਬਾਤ ਕਰਦਿਆਂ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਉਹਨਾਂ ਦੀ ਪ੍ਰਕਾਸ਼ ਸਿੰਘ ਬਾਦਲ ਨਾਲ ਬਹੁਤ ਮੱਤ ਮਿਲਦੀ ਹੈ ਅਤੇ ਉਹ ਬਹੁਤ ਨਰਮ ਸੁਭਾਅ ਦੇ ਹਨ।
ਪਰ ਸੁਖਬੀਰ ਸਿੰਘ ਬਾਦਲ ਦਾ ਸੁਭਾਅ ਆਕੜ ਅਤੇ ਹੰਕਾਰ ਵਾਲਾ ਹੈ। ਉਹਨਾਂ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਵੇਲੇ ਦੋਹਰਾ ਸਟੈਂਡ ਰੱਖਿਆ। ਜਿਸ ਕਰਕੇ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਲੋਕ ਭਲਾਈ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹਨਾਂ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ।