
ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਮੇਰੇ ਅਪਣੇ ਹੀ ਲੋਕ ਮੇਰੇ ਵਿਰੁਧ ਹਨ।
Punjab News: ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਅਪਣੇ ਸਮਰਥਕਾਂ ਨਾਲ ਧਾਰੀਵਾਲ ਵਿਚ ਪ੍ਰੈਸ ਕਾਨਫਰੰਸ ਕਰਕੇ ਬਾਗੀ ਸੁਰ ਦਿਖਾਏ ਹਨ। ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਮੇਰੇ ਅਪਣੇ ਹੀ ਲੋਕ ਮੇਰੇ ਵਿਰੁਧ ਹਨ। ਲੋਕ ਸਭਾ ਚੋਣਾਂ ਦੌਰਾਨ ਮੇਰੇ ਨਾਲ ਕਿਸੇ ਨੇ ਸੰਪਰਕ ਨਹੀਂ ਕੀਤਾ। ਇਸ ਲਈ ਉਨ੍ਹਾਂ ਐਲਾਨ ਕੀਤਾ ਕਿ ਉਹ 22 ਤਰੀਕ ਨੂੰ ਵੱਡੀ ਰੈਲੀ ਕਰਨਗੇ ਅਤੇ ਉਸ ਵਿਚ ਉਹ ਵੱਡਾ ਫੈਸਲਾ ਲੈਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਅਕਾਲੀ ਦਲ ਦੇ ਕੁੱਝ ਨੁਮਾਇੰਦੇ ਪਿਛਲੇ ਕਈ ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ ਅਤੇ ਉਨ੍ਹਾਂ 'ਤੇ ਪਰਚੇ ਵੀ ਚੱਲ ਰਹੇ ਹਨ ਪਰ ਪਾਰਟੀ ਨੇ ਚੋਣਾਂ ਲਈ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ|
ਉਨ੍ਹਾਂ ਕਿਹਾ ਕਿ ਉਹ ਪਿਛਲੇ 7 ਸਾਲਾਂ ਤੋਂ ਅਕਾਲੀ ਦਲ ਨਾਲ ਹਨ ਅਤੇ ਉਹ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦਾ ਬਹੁਤ ਘੱਟ ਨੁਕਸਾਨ ਕੀਤਾ ਹੈ ਪਰ ਉਨ੍ਹਾਂ ਦੇ ਅਪਣੇ ਹੀ ਲੋਕ ਉਨ੍ਹਾਂ ਨੂੰ ਬਹੁਤ ਨੁਕਸਾਨ ਪਹੁੰਚਾ ਰਹੇ ਹਨ, ਜਿਸ ਕਾਰਨ ਅਕਾਲੀ ਦਲ ਨੂੰ ਨੁਕਸਾਨ ਹੋਵੇਗਾ।
ਲੰਗਾਹ ਨੇ ਕਿਹਾ ਕਿ ਕੁੱਝ ਸਥਾਨਕ ਆਗੂ ਹਾਈਕਮਾਂਡ ਨੂੰ ਗੁੰਮਰਾਹ ਕਰ ਰਹੇ ਹਨ। ਜਿਸ ਕਾਰਨ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਨੇ ਅਜੇ ਵੀ ਉਨ੍ਹਾਂ ਨਾਲ ਸੰਪਰਕ ਨਾ ਕੀਤਾ ਤਾਂ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇੰਨਾ ਹੀ ਨਹੀਂ ਉਨ੍ਹਾਂ 22 ਤਰੀਕ ਨੂੰ ਵੱਡੀ ਰੈਲੀ ਕਰਕੇ ਸਖ਼ਤ ਰੁਖ਼ ਅਪਣਾਉਣ ਦੀ ਗੱਲ ਵੀ ਕਹੀ।