ਈ.ਡੀ. ਨੇ ਛਾਪੇਮਾਰੀ ਤੋਂ ਬਾਅਦ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Published : Oct 4, 2023, 9:56 pm IST
Updated : Oct 4, 2023, 9:56 pm IST
SHARE ARTICLE
Sanjay Singh
Sanjay Singh

ਸੰਸਦ ’ਚ ਅਡਾਨੀ ਗਰੁੱਪ ਨਾਲ ਸਬੰਧਤ ਮੁੱਦੇ ਚੁੱਕਣ ਲਈ ਈ.ਡੀ. ਨੇ ਸੰਜੇ ਸਿੰਘ ਨੂੰ ਨਿਸ਼ਾਨਾ ਬਣਾਇਆ : ‘ਆਪ’


ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬੁਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਹੁਣ ਰੱਦ ਹੋ ਚੁੱਕੀ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿਤੀ।

ਸੰਜੇ ਸਿੰਘ (51) ਨੂੰ ਬੁਧਵਾਰ ਸ਼ਾਮ ਨੂੰ ਕਾਲੇ ਧਨ ਨੂੰ ਚਿੱਟੇ ਧਨ ’ਚ ਬਦਲਣ ਵਿਰੋਧੀ ਏਜੰਸੀ ਨੇ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਉਹ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਬਾਅਦ ਇਸ ਮਾਮਲੇ ’ਚ ਗ੍ਰਿਫਤਾਰ ਕੀਤੇ ਜਾਣ ਵਾਲੇ ‘ਆਪ’ ਦੇ ਦੂਜੇ ਵੱਡੇ ਨੇਤਾ ਹਨ।
‘ਆਪ’ ਨੇ ਦੋਸ਼ ਲਾਇਆ ਹੈ ਕਿ ਈ.ਡੀ. ਨੇ ਸੰਜੇ ਸਿੰਘ ਨੂੰ ਇਸ ਲਈ ‘ਨਿਸ਼ਾਨਾ’ ਬਣਾਇਆ ਕਿਉਂਕਿ ਉਸ ਨੇ ਸੰਸਦ ’ਚ ਅਡਾਨੀ ਗਰੁੱਪ ਨਾਲ ਸਬੰਧਤ ਮੁੱਦੇ ਉਠਾਏ ਸਨ।

ਈ.ਡੀ. ਨੇ ਅਪਣੀ ਚਾਰਜਸ਼ੀਟ ’ਚ ਸੰਜੇ ਸਿੰਘ ਦੇ ਨਾਂ ਦਾ ਜ਼ਿਕਰ ਕੀਤਾ ਸੀ। ਇਸ ਵਿਚ ਕਿਹਾ ਗਿਆ ਹੈ ਕਿ ਵਿਚੋਲੇ ਦਿਨੇਸ਼ ਅਰੋੜਾ ਨੇ ਕਿਹਾ ਸੀ ਕਿ ਉਹ ਅਪਣੇ ਰੇਸਤਰਾਂ ‘ਅਨਪਲੱਗਡ ਕੋਰਟਯਾਰਡ’ ਵਿਚ ਇਕ ਪਾਰਟੀ ਦੌਰਾਨ ਸੰਜੇ ਸਿੰਘ ਨੂੰ ਮਿਲਿਆ ਸੀ।

ਇਸ ਵਿਚ ਕਿਹਾ ਗਿਆ ਹੈ ਕਿ 2020 ਵਿਚ ਸੰਜੇ ਸਿੰਘ ਨੇ ਰੇਸਤਰਾਂ-ਮਾਲਕਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਾਸਤੇ ਕਥਿਤ ਤੌਰ ’ਤੇ ਫੰਡ ਇਕੱਠਾ ਕਰਨ ਲਈ ਕਹਿਣ ਦੀ ਅਪੀਲ ਕੀਤੀ ਸੀ। ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ 82 ਲੱਖ ਰੁਪਏ ਦਾ ਚੈੱਕ ਦਿਤਾ ਸੀ।

ਚਾਰਜਸ਼ੀਟ ਮੁਤਾਬਕ ਦਿਨੇਸ਼ ਅਰੋੜਾ ਨੇ ਅਪਣੇ ਬਿਆਨ ’ਚ ਕਿਹਾ ਕਿ ਇਕ ਹੋਰ ਮੁਲਜ਼ਮ ਅਮਿਤ ਅਰੋੜਾ ਅਪਣੀ ਸ਼ਰਾਬ ਦੀ ਦੁਕਾਨ ਨੂੰ ਓਖਲਾ ਤੋਂ ਪੀਤਮਪੁਰਾ ’ਚ ਤਬਦੀਲ ਕਰਨ ’ਚ ਮਦਦ ਚਾਹੁੰਦਾ ਸੀ।

ਇਲਜ਼ਾਮ ਹੈ ਕਿ ਉਹ (ਅਰੋੜਾ) ਸੰਜੇ ਸਿੰਘ ਰਾਹੀਂ ਇਹ ਕੰਮ ਕਰਵਾਉਣ ’ਚ ਕਾਮਯਾਬ ਹੋਏ ਕਿਉਂਕਿ ਸੰਜੇ ਸਿੰਘ ਨੇ ਸਿਸੋਦੀਆ ਨੂੰ ਕਿਹਾ, ਜਿਸ ਤੋਂ ਬਾਅਦ ਆਬਕਾਰੀ ਵਿਭਾਗ ਨੇ ਕੇਸ ਦਾ ਨਿਪਟਾਰਾ ਕਰ ਦਿਤਾ ਸੀ।

ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਦਿਨੇਸ਼ ਅਰੋੜਾ ਨੇ ਇਹ ਵੀ ਕਿਹਾ ਕਿ ਉਹ ਸੰਜੇ ਸਿੰਘ ਦੇ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਇਕ ਵਾਰ ਮਿਲੇ ਸਨ, ਜਦੋਂ ਕਿ ਉਨ੍ਹਾਂ ਨੇ ਸਿਸੋਦੀਆ ਨਾਲ ਪੰਜ-ਛੇ ਵਾਰ ਗੱਲ ਕੀਤੀ ਸੀ।

ਇਸ ਤੋਂ ਪਹਿਲਾਂ ਦਿਨ ’ਚ ਜਦੋਂ ਏਜੰਸੀ ਨੇ ਛਾਪੇਮਾਰੀ ਕੀਤੀ ਤਾਂ ‘ਆਪ’ ਦੀ ਬੁਲਾਰਾ ਰੀਨਾ ਗੁਪਤਾ ਨੇ ਕਿਹਾ, ‘‘ਸੰਜੇ ਸਿੰਘ ਅਡਾਨੀ ਮੁੱਦੇ ’ਤੇ ਸਵਾਲ ਉਠਾਉਂਦੇ ਰਹੇ ਹਨ ਅਤੇ ਇਸੇ ਲਈ ਉਨ੍ਹਾਂ ਦੇ ਘਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਕੇਂਦਰੀ ਏਜੰਸੀਆਂ ਨੂੰ ਪਹਿਲਾਂ ਵੀ ਕੁਝ ਨਹੀਂ ਮਿਲਿਆ ਸੀ ਅਤੇ ਅੱਜ ਵੀ ਨਹੀਂ ਮਿਲੇਗਾ। ਪਹਿਲਾਂ ਉਨ੍ਹਾਂ ਨੇ ਕੱਲ੍ਹ ਕੁਝ ਪੱਤਰਕਾਰਾਂ ਦੇ ਘਰ ਛਾਪਾ ਮਾਰਿਆ ਅਤੇ ਅੱਜ ਸੰਜੇ ਸਿੰਘ ਦੇ ਘਰ ਛਾਪਾ ਮਾਰਿਆ।’’ 
ਸੰਜੇ ਸਿੰਘ ਦੇ ਪਿਤਾ ਦਿਨੇਸ਼ ਸਿੰਘ ਨੇ ਕਿਹਾ ਕਿ ਉਹ ਈ.ਡੀ. ਨੂੰ ਸਹਿਯੋਗ ਕਰ ਰਹੇ ਹਨ। 
 

ਸੰਜੇ ਸਿੰਘ ਦੀ ਗ੍ਰਿਫਤਾਰੀ ‘ਪੂਰੀ ਤਰ੍ਹਾਂ ਗੈਰ-ਕਾਨੂੰਨੀ’, ਪ੍ਰਧਾਨ ਮੰਤਰੀ ਮੋਦੀ ਦੀ ਘਬਰਾਹਟ ਨੂੰ ਦਰਸਾਉਂਦੀ ਹੈ: ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ‘ਪੂਰੀ ਤਰ੍ਹਾਂ ਗੈਰ-ਕਾਨੂੰਨੀ’ ਕਰਾਰ ਦਿਤਾ ਅਤੇ ਦਾਅਵਾ ਕੀਤਾ ਕਿ 2024 ਦੀਆਂ ਸੰਸਦੀ ਚੋਣਾਂ ਤੋਂ ਪਹਿਲਾਂ ਅਤੇ ਹੋਰ ਵਿਰੋਧੀ ਨੇਤਾਵਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ਦੇ ਸਬੰਧ ’ਚ ਬੁਧਵਾਰ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸਿੰਘ ਦੇ ਘਰ ਛਾਪਾ ਮਾਰਿਆ ਅਤੇ ਬਾਅਦ ’ਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ‘ਆਪ’ ਦੇ ਕੌਮੀ ਕਨਵੀਨਰ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਸੰਜੇ ਸਿੰਘ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਇਹ (ਪ੍ਰਧਾਨ ਮੰਤਰੀ ਨਰਿੰਦਰ) ਮੋਦੀ ਜੀ ਦੀ ਘਬਰਾਹਟ ਨੂੰ ਦਰਸਾਉਂਦਾ ਹੈ। ਉਹ ਚੋਣਾਂ ਤਕ ਵਿਰੋਧੀ ਧਿਰ ਦੇ ਕਈ ਹੋਰ ਨੇਤਾਵਾਂ ਨੂੰ ਗ੍ਰਿਫਤਾਰ ਕਰ ਲੈਣਗੇ।’’

ਇਸ ਤੋਂ ਪਹਿਲਾਂ ਦਿਨ ’ਚ, ਕੇਜਰੀਵਾਲ ਨੇ ਸਿੰਘ ਦੀ ਰਿਹਾਇਸ਼ ’ਤੇ ਈ.ਡੀ. ਦੇ ਛਾਪੇ ਨੂੰ ਪਾਰਟੀ ਦੀ ‘ਆਖਰੀ ਹਤਾਸ਼ ਕੋਸ਼ਿਸ਼’ ਕਰਾਰ ਦਿਤਾ ਅਤੇ ਕਿਹਾ ਕਿ ਸੱਤਾਧਾਰੀ ਪਾਰਟੀ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿਚ ਹਾਰ ਦਾ ਡਰ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੇ ਕਿਹਾ ਕਿ ਅਜਿਹੇ ਕਈ ਛਾਪੇ ਹੋਣਗੇ ਪਰ ਡਰਨ ਵਾਲੀ ਕੋਈ ਗੱਲ ਨਹੀਂ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਰੁਧ ਹਜ਼ਾਰਾਂ ਛਾਪੇ ਮਾਰੇ ਗਏ ਹਨ ਪਰ ਅੱਜ ਤਕ ਇਕ ਪੈਸਾ ਵੀ ਬਰਾਮਦ ਨਹੀਂ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਸਿੰਘ ਦੇ ਘਰੋਂ ਵੀ ਕੁਝ ਨਹੀਂ ਮਿਲੇਗਾ।

ਸੰਜੇ ਸਿੰਘ ਦੀ ਗ੍ਰਿਫਤਾਰੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ : ਵਿਰੋਧੀ ਧਿਰ
ਨਵੀਂ ਦਿੱਲੀ: ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਵਿਚਲੀਆਂ ਕਈ ਪਾਰਟੀਆਂ ਨੇ ਬੁਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੀ ਗ੍ਰਿਫਤਾਰੀ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਵਿਰੋਧ ਦੀ ਆਵਾਜ਼ ਨੂੰ ਦਬਾਉਣ ਅਤੇ ਬਿਹਾਰ ਦੀ ਜਾਤ ਅਧਾਰਤ ਮਰਦਮਸ਼ੁਮਾਰੀ ਦੇ ਮੁੱਦੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ।

ਈ.ਡੀ. ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ ਬੁਧਵਾਰ ਸਵੇਰੇ ‘ਆਪ’ ਦੇ ਰਾਜ ਸਭਾ ਮੈਂਬਰ ਸਿੰਘ ਦੇ ਘਰ ਛਾਪਾ ਮਾਰਿਆ ਅਤੇ ਬਾਅਦ ’ਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੇ ਕਿਹਾ, ‘‘ਮੈਂ ਇਸ ਗ੍ਰਿਫਤਾਰੀ ਦੀ ਸਖਤ ਨਿੰਦਾ ਕਰਦਾ ਹਾਂ। ਈ.ਡੀ. ਨੂੰ ਸਿਆਸੀ ਹਥਿਆਰ ਬਣਾ ਦਿਤਾ ਗਿਆ ਹੈ। ਸੰਜੇ ਸਿੰਘ ਰਾਜ ਸਭਾ ’ਚ ਤਾਕਤਵਰ ਬੁਲਾਰੇ ਹਨ। ਉਸ ਨੂੰ ਬੋਲਣ ਤੋਂ ਰੋਕਣ ਲਈ ਗ੍ਰਿਫਤਾਰ ਕੀਤਾ ਗਿਆ ਹੈ।’’

ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾ ਨੇ ਦੋਸ਼ ਲਗਾਇਆ ਕਿ ਸੰਜੇ ਸਿੰਘ ਦੀ ਗ੍ਰਿਫਤਾਰੀ ਬਿਹਾਰ ’ਚ ਜਾਤ ਅਧਾਰਤ ਮਰਦਮਸ਼ੁਮਾਰੀ ਦੇ ਮੁੱਦੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ। ਝਾਅ ਨੇ ਕਿਹਾ, ‘‘ਕਾਲੇ ਦਿਨ ਸ਼ੁਰੂ ਹੋ ਗਏ ਹਨ। ਪਹਿਲਾਂ ‘ਨਿਊਜ਼ਕਲਿਕ’ ਨਾਲ ਜੁੜੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਅੱਜ ਸੰਜੇ ਸਿੰਘ ਜੀ ਵਿਰੁਧ ਕਾਰਵਾਈ ਕੀਤੀ ਗਈ। ਬਿਹਾਰ ’ਚ ਜਾਤ ਅਧਾਰਤ ਮਰਦਮਸ਼ੁਮਾਰੀ ਦੇ ਅੰਕੜੇ ਆਉਂਦੇ ਹੀ ਪ੍ਰਧਾਨ ਮੰਤਰੀ ਘਬਰਾਏ ਹੋਏ ਹਨ, ਭਾਜਪਾ ਨੂੰ ਸਮਝ ਨਹੀਂ ਆ ਰਹੀ, ਸੁਰਖੀਆਂ ਬਟੋਰੀਆਂ ਜਾ ਰਹੀਆਂ ਹਨ।’’ ਉਨ੍ਹਾਂ ਕਿਹਾ, ‘‘ਤਾਨਾਸ਼ਾਹੀ ਦੇ ਇਸ ਦੌਰ ’ਚ ਜੋ ਵੀ ਡਰ ਗਿਆ ਉਹ ਮਰ ਗਿਆ।’’

ਜਨਤਾ ਦਲ (ਯੂਨਾਈਟਿਡ) ਦੇ ਮੁੱਖ ਬੁਲਾਰੇ ਕੇ.ਸੀ. ਤਿਆਗੀ ਨੇ ਕਿਹਾ, ‘‘ਸੰਜੇ ਸਿੰਘ ਵਿਰੋਧੀ ਧਿਰ ਦੀ ਮਜ਼ਬੂਤ ​​ਆਵਾਜ਼ ਹੈ, ਇਸ ਲਈ ਉਸ ਆਵਾਜ਼ ਨੂੰ ਦਬਾਉਣ ਲਈ ਕਾਰਵਾਈ ਕੀਤੀ ਗਈ ਹੈ।’’

ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫਤੀ ਨੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਸੱਤਾਧਾਰੀ ਪਾਰਟੀ ਅਗਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚੋਣਾਂ ’ਚ ਸਾਰਿਆਂ ਲਈ ਇੱਕੋ ਜਿਹੀ ਸਥਿਤੀ ਨਹੀਂ ਰਹਿਣ ਦੇਣਾ ਚਾਹੁੰਦੀ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement