
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਮੌਜੂਦਗੀ ਵਿਚ ਸਾਬਕਾ ਕੇਂਦਰੀ ਮੰਤਰੀ ਐਮ. ਵੈਂਕਈਆ ਨਾਇਡੂ ਨੇ ਅੱਜ ਉਪ-ਰਾਸ਼ਟਰਪਤੀ ਦੀ
ਨਵੀਂ ਦਿੱਲੀ, 18 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਮੌਜੂਦਗੀ ਵਿਚ ਸਾਬਕਾ ਕੇਂਦਰੀ ਮੰਤਰੀ ਐਮ. ਵੈਂਕਈਆ ਨਾਇਡੂ ਨੇ ਅੱਜ ਉਪ-ਰਾਸ਼ਟਰਪਤੀ ਦੀ ਚੋਣ ਲਈ ਨਾਮਜ਼ਦਗੀ ਪਰਚਾ ਦਾਖ਼ਲ ਕਰ ਦਿਤਾ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ, ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਅਤੇ ਐਨ.ਡੀ.ਏ. ਦੀਆਂ ਭਾਈਵਾਲ ਪਾਰਟੀਆਂ ਤੋਂ ਇਲਾਵਾ ਅੰਨਾ ਡੀ.ਐਮ.ਕੇ. ਅਤੇ ਤੇਲੰਗਾਨਾਂ ਰਾਸ਼ਟਰ ਸੰਮਤੀ ਦੇ ਆਗੂ ਵੀ ਹਾਜ਼ਰ ਸਨ।
ਨਰਿੰਦਰ ਮੋਦੀ, ਅਰੁਣ ਜੇਤਲੀ ਅਤੇ ਸੁਸ਼ਮਾ ਸਵਰਾਜ ਸਮੇਤ ਕਈ ਸੀਨੀਅਰ ਆਗੂਆਂ ਨੇ ਇਸ ਅਹੁਦੇ ਲਈ ਵੈਂਕਈਆ ਨਾਇਡੂ ਦੇ ਨਾਮ ਦੀ ਤਜਵੀਜ਼ ਪੇਸ਼ ਕੀਤੀ ਸੀ। ਭਾਜਪਾ ਦੇ ਪਾਰਲੀਮਾਨੀ ਬੋਰਡ ਨੇ ਕਲ ਵੈਂਕਈਆ ਨਾਇਡੂ ਨੂੰ ਉਪਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਸੀ। ਨਾਮਜ਼ਦਗੀ ਪਰਚਾ ਦਾਖ਼ਲ ਕਰਨ ਤੋਂ ਕੁੱਝ ਘੰਟੇ ਪਹਿਲਾਂ ਹੀ ਵੈਂਕਈਆ ਨਾਇਡੂ ਨੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ। ਉਪਰਾਸ਼ਟਰਪਤੀ ਦੀ ਚੋਣ 5 ਅਗੱਸਤ ਨੂੰ ਹੋਣੀ ਹੈ ਅਤੇ ਨਾਇਡੂ ਦਾ ਮੁਕਾਬਲਾ ਵਿਰੋਧੀ ਧਿਰ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਨਾਲ ਹੋਵੇਗਾ। (ਪੀਟੀਆਈ)