
ਭਾਜਪਾ ਨੇ ਕਾਂਗਰਸ ਦਾ ‘ਕਚਰਾ’ ਲਿਆ, ਭਾਗਵਾ ਪਾਰਟੀ ਦਾ ਦੋਹਰਾ ਚਿਹਰਾ ਹੋਇਆ ਨੰਗਾ: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋਏ ਕਾਂਗਰਸ ਦੇ ਸਾਬਕਾ ਚਾਰ ਮੰਤਰੀਆਂ ਦੀ ਤਿੱਖੀ ਅਲੋਚਨਾ ਕਰਦਿਆਂ ਉਨ੍ਹਾਂ ਨੂੰ ‘ਮੌਕਾ ਪ੍ਰਸਤ’ ਅਤੇ ‘ਵਿਕਾਊ ਆਗੂ’ ਕਰਾਰ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀ ਭ੍ਰਿਸ਼ਟਾਚਾਰ ’ਚ ਸ਼ਾਮਲ ਹਨ ਅਤੇ ਇਨ੍ਹਾਂ ਮੰਤਰੀਆਂ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤੋਂ ਬਚਣ ਲਈ ਭਗਵਾ ਪਾਰਟੀ ’ਚ ਸ਼ਰਣ ਲਈ ਹੈ।
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ, ‘‘ਭਾਜਪਾ ਨੇ ਕਾਂਗਰਸ ਦਾ ਕਚਰਾ ਲਿਆ ਹੈ, ਜਿਸ ਨਾਲ ਭਗਵਾ ਪਾਰਟੀ ਦਾ ਦੋਹਰਾ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ।’’ ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ ਅਤੇ ਸੁੰਦਰ ਸ਼ਾਮ ਅਰੋੜਾ ਬੀਤੇ ਕੱਲ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜ਼ੂਦਗੀ ’ਚ ਭਾਗਵਾ ਪਾਰਟੀ ਵਿੱਚ ਸ਼ਾਮਲ ਹੋਏ ਸਨ।
Malwinder Singh Kang
ਮਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਸੂਬੇ ’ਚ ਨਸ਼ਾ ਮਾਫੀਆ ਅਤੇ ਰੇਤ ਮਾਫੀਆ ਰਾਹੀਂ ਪੰਜਾਬ ਦੇ ਸਾਧਨਾਂ ਅਤੇ ਨੌਜਵਾਨਾਂ ਨੂੰ ਬਰਬਾਦ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਭਾਗਵਾ ਪਾਰਟੀ ਨੇ ਆਪਣੇ ਰਾਜਨੀਤਿਕ ਲਾਭ ਲਈ ਸੁਰੱਖਿਆ ਪ੍ਰਦਾਨ ਕੀਤੀ ਹੈ ਅਤੇ ਇਨ੍ਹਾਂ ਦਾ ਪਾਰਟੀ ’ਚ ਸ਼ਾਨਦਾਰ ਸਵਾਗਤ ਕੀਤਾ ਹੈ। ਕੰਗ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰੀ, ਕਾਇਰ ਅਤੇ ਪੰਜਾਬ ਨਾਲ ਗਦਾਰੀ ਕਰਨ ਵਾਲੇ ਆਗੂਆਂ ਦੀ ਹਰ ਤਰ੍ਹਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਆਗੂਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
Malwinder Singh Kang
ਕੰਗ ਨੇ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਨਿੱਜੀ ਦਵਾਈ ਕੰਪਨੀਆਂ ਨੂੰ ਕੋਵਿਡ 19 ਦੀਆਂ ਟੈਸਟਿੰਗ ਕਿੱਟਾਂ ਦੇ ਠੇਕੇ ਦੇਣ ’ਚ ਕਥਿਤ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਲੱਗੇ ਸਨ। ਇਸੇ ਤਰ੍ਹਾਂ ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ ਅਤੇ ਰਾਜ ਕੁਮਾਰ ਵੇਰਕਾ ਨੂੰ ਮੰਤਰੀ ਰਹਿੰਦਿਆਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਵੇਰਕਾ ਨੇ ਇੱਕ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਨੂੰ ਕਮਜ਼ੋਰ ਕਰਨ ਵਾਲਾ, ਦਲਿਤ ਅਤੇ ਕਿਸਾਨ ਵਿਰੋਧੀ ਗਰਦਾਨਿਆ ਸੀ।
Malwinder Singh Kang
‘ਆਪ’ ਆਗੂ ਨੇ ਦੋਸ਼ ਲਾਇਆ ਕਿ ਸਾਬਕਾ ਕਾਂਗਰਸੀ ਆਗੂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨ ਰਹੇ ਹਨ ਅਤੇ ਕਥਿਤ ਤੌਰ ’ਤੇ ਆਪਣੇ ਕਾਰਜਕਾਲ ਦੌਰਾਨ ਕੀਤੀਆਂ ਵੱਖ ਵੱਖ ਗੈਰ ਕਾਨੂੰਨੀ ਕਾਰਵਾਈਆਂ ਵਿੱਚ ਉਲਝੇ ਹੋਏ ਹਨ। ਭਾਜਪਾ ਆਗੂਆਂ ਨੇ ਵੀ ਇਨ੍ਹਾਂ ਕਾਂਗਰਸੀ ਆਗੂਆਂ ਨੂੰ ਪੰਜਾਬ ਦਾ ਭਵਿੱਖ ਬਰਬਾਦ ਕਰਨ ਲਈ ਦੋਸ਼ੀ ਠਹਿਰਾਇਆ ਸੀ।
ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਕੀਤਾ ਕਿ ਕਾਂਗਰਸ ਦੇ ਭ੍ਰਿਸ਼ਟ ਆਗੂ ਹੁਣ ਭਾਜਪਾ ਲਈ ਇਮਾਨਦਾਰ, ਸੱਚੇ ਅਤੇ ਭਰੋਸੇਮੰਦ ਹੋ ਗਏ ਹਨ? ਕੰਗ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਪ੍ਰਤੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੀ ਭਲਾਈ ਲਈ ਕੰਮ ਕਰਨਾ ਬੰਦ ਨਹੀਂ ਕਰੇਗੀ। ਭ੍ਰਿਸ਼ਟਾਚਾਰ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।