NDA ਵਲੋਂ ਹੋ ਸਕਦੇ ਹਨ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ
ਨਵੀਂ ਦਿੱਲੀ : ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅੱਜ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦਾ ਰਾਜ ਸਭਾ ਦਾ ਕਾਰਜਕਾਲ ਕੱਲ ਯਾਨੀ ਵੀਰਵਾਰ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਨਕਵੀ ਦੇ ਕਾਰਜਕਾਲ ਦੀ ਤਾਰੀਫ਼ ਕੀਤੀ ਸੀ।
ਨਕਵੀ ਨੂੰ ਹਾਲ ਹੀ ਵਿੱਚ ਹੋਈਆਂ ਰਾਜ ਸਭਾ ਚੋਣਾਂ ਵਿੱਚ ਭਾਜਪਾ ਵੱਲੋਂ ਨਾਮਜ਼ਦ ਨਹੀਂ ਕੀਤਾ ਗਿਆ ਸੀ, ਉਦੋਂ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਪਾਰਟੀ ਉਨ੍ਹਾਂ ਨੂੰ ਵੱਡੀ ਭੂਮਿਕਾ ਵਿੱਚ ਲਿਆਉਣਾ ਚਾਹੁੰਦੀ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਐਨਡੀਏ ਵੱਲੋਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ। ਨਕਵੀ ਹੁਣ ਤੱਕ ਕੇਂਦਰ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ ਅਤੇ ਨਾਲ ਹੀ ਉਹ ਰਾਜ ਸਭਾ ਵਿੱਚ ਭਾਜਪਾ ਸੰਸਦੀ ਦਲ ਦੇ ਉਪ ਨੇਤਾ ਵੀ ਰਹੇ ਹਨ।
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਤਾਰੀਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੈਬਨਿਟ ਮੀਟਿੰਗ ਵਿੱਚ
ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਮੁਖਤਾਰ ਅੱਬਾਸ ਨਕਵੀ ਅਤੇ ਆਰਸੀਪੀ ਸਿੰਘ ਦੀ ਤਾਰੀਫ਼ ਕੀਤੀ। ਸੂਤਰਾਂ ਮੁਤਾਬਕ ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਇਆ ਹੈ।
ਮੁਖਤਾਰ ਅੱਬਾਸ ਨਕਵੀ ਨੇ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਹਾਲਾਂਕਿ ਦੋਵਾਂ ਨੇਤਾਵਾਂ ਵਿਚਾਲੇ ਕੀ ਗੱਲ ਹੋਈ, ਇਸ ਬਾਰੇ ਅਧਿਕਾਰਤ ਜਾਣਕਾਰੀ ਨਹੀਂ ਮਿਲ ਸਕੀ ਹੈ। ਮੁਖਤਾਰ ਅੱਬਾਸ ਨਕਵੀ ਦੇ ਨਾਲ ਕੇਂਦਰ ਸਰਕਾਰ ਵਿੱਚ ਮੰਤਰੀ ਆਰਸੀਪੀ ਸਿੰਘ ਨੇ ਵੀ ਜਨਤਾ ਦਲ ਯੂਨਾਈਟਿਡ ਦੇ ਕੋਟੇ ਤੋਂ ਅਸਤੀਫਾ ਦੇ ਦਿੱਤਾ ਹੈ। ਜੇਡੀਯੂ ਨੇ ਵੀ ਉਨ੍ਹਾਂ ਨੂੰ ਰਾਜ ਸਭਾ ਦਾ ਅਗਲਾ ਕਾਰਜਕਾਲ ਨਹੀਂ ਦਿੱਤਾ ਹੈ। ਵੀਰਵਾਰ ਨੂੰ ਆਰਸੀਪੀ ਸਿੰਘ ਦਾ ਰਾਜ ਸਭਾ ਮੈਂਬਰ ਵਜੋਂ ਆਖਰੀ ਦਿਨ ਹੈ।