
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗੀਰ ਕੌਰ ਨੂੰ ਤਿੰਨ ਵਾਰ ਜਵਾਬ ਦੇਣ ਦਾ ਮੌਕਾ ਦਿੱਤਾ ਸੀ।
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਜਾਰੀ ਵਿਵਾਦ ਵਿਚਾਲੇ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਦਰਅਸਲ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗੀਰ ਕੌਰ ਨੂੰ ਤਿੰਨ ਵਾਰ ਜਵਾਬ ਦੇਣ ਦਾ ਮੌਕਾ ਦਿੱਤਾ ਸੀ।
ਅੱਜ ਵੀ ਅਨੁਸ਼ਾਸਨੀ ਕਮੇਟੀ ਵੱਲੋਂ ਉਹਨਾਂ ਨੂੰ ਪਾਰਟੀ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਜਵਾਬ ਦਾਖ਼ਲ ਕਰਨ ਲਈ ਤਲਬ ਕੀਤਾ ਗਿਆ ਸੀ ਪਰ ਉਹ ਜਵਾਬ ਦੇਣ ਲਈ ਪਾਰਟੀ ਹੈੱਡਕੁਆਰਟਰ ਨਹੀਂ ਪਹੁੰਚੇ। ਅਨੁਸ਼ਾਸਨੀ ਕਮੇਟੀ ਦਾ ਕਹਿਣਾ ਹੈ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਹੇਠ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਰਕਰਾਂ ਨੂੰ ਕਿਹਾ ਹੈ ਕਿ ਹੁਣ ਬੀਬੀ ਜਗੀਰ ਕੌਰ ਨਾਲ ਕੋਈ ਵੀ ਗੱਲਬਾਤ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਹੁਣ ਪਾਰਟੀ ਦਾ ਬੀਬੀ ਜਗੀਰ ਕੌਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀਆਂ ਗਤੀਵਿਧੀਆਂ ਪਾਰਟੀ ਵਿਰੋਧੀ ਰਹੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ 3 ਵਾਰ ਮੌਕਾ ਦੇਣ ਦੇ ਬਾਵਜੂਦ ਉਹਨਾਂ ਦੇ ਤੇਵਰ ਹਮੇਸ਼ਾ ਬਾਗ਼ੀ ਰਹੇ ਹਨ।