
ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਹਨਾਂ ਖ਼ਿਲਾਫ ਇਹ ਕਾਰਵਾਈ ਕੀਤੀ ਗਈ ਹੈ। ਹਰਚੰਦ ਕੌਰ ਦੋ ਵਾਰ ਕਾਂਗਰਸ ਤੋਂ ਵਿਧਾਇਕ ਰਹਿ ਚੁੱਕੇ ਹਨ।
ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕਾ ਹਰਚੰਦ ਕੌਰ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਹਨਾਂ ਖ਼ਿਲਾਫ ਇਹ ਕਾਰਵਾਈ ਕੀਤੀ ਗਈ ਹੈ। ਹਰਚੰਦ ਕੌਰ ਦੋ ਵਾਰ ਕਾਂਗਰਸ ਤੋਂ ਵਿਧਾਇਕ ਰਹਿ ਚੁੱਕੇ ਹਨ। ਇਸੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੇ ਉਹਨਾਂ ਨੂੰ ਮਹਿਲ ਕਲਾਂ ਰਿਜ਼ਰਵ ਸੀਟ ਤੋਂ ਟਿਕਟ ਦਿੱਤੀ ਸੀ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਪੰਡੋਰੀ ਤੋਂ ਹਾਰ ਗਏ ਸਨ। ਮਹਿਲ ਕਲਾਂ ਵੀ ਸੰਗਰੂਰ ਲੋਕ ਸਭਾ ਸੀਟ ਅਧੀਨ ਆਉਂਦਾ ਹੈ।
ਸੰਗਰੂਰ ਲੋਕ ਸਭਾ ਸੀਟ 'ਤੇ ਕਾਂਗਰਸ ਨੇ ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਹਨਾਂ ਵਿਚ ਸੀਐਮ ਭਗਵੰਤ ਮਾਨ ਦੀ ਸੀਟ ਧੂਰੀ ਦੀ ਕਮਾਨ ਵਿਧਾਇਕ ਸੁਖਜਿੰਦਰ ਰੰਧਾਵਾ ਨੂੰ ਦਿੱਤੀ ਗਈ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸਿੱਖਿਆ ਮੰਤਰੀ ਮੀਤ ਹੇਅਰ ਦੀ ਸੀਟ 'ਤੇ ਤਾਇਨਾਤ ਕੀਤਾ ਗਿਆ ਹੈ।
ਲਹਿਰਾ ਵਿਚ ਸਾਬਕਾ ਸੀਐਮ ਰਾਜਿੰਦਰ ਕੌਰ ਭੱਠਲ ਅਤੇ ਪ੍ਰਗਟ ਸਿੰਘ ਮੋਰਚਾ ਸੰਭਾਲਣਗੇ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਚੀਮਾ ਦੀ ਦਿੜ੍ਹਬਾ ਸੀਟ ਤੋਂ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਰਾਜ ਕੁਮਾਰ ਚੱਬੇਵਾਲ ਅਤੇ ਸੁਖਪਾਲ ਖਹਿਰਾ ਹੋਣਗੇ। ਸੁਨਾਮ ਤੋਂ ਮਦਨਲਾਲ ਜਲਾਲਪੁਰ ਅਤੇ ਹੈਰੀ ਮਾਨ, ਮਲੇਰਕੋਟਲਾ ਤੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਗਰੂਰ ਤੋਂ ਤ੍ਰਿਪਤ ਰਜਿੰਦਰ ਬਾਜਵਾ ਅਤੇ ਵਿਜੇ ਇੰਦਰ ਸਿੰਗਲਾ ਅਤੇ ਮਹਿਲ ਕਲਾਂ ਤੋਂ ਕੁਸ਼ਲਦੀਪ ਢਿੱਲੋਂ ਦੇਖਣਗੇ।