
ਮਹਿਜ਼ ਕੁਝ ਹੀ ਘੰਟਿਆਂ ਬਾਅਦ ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਵਲੋਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਖਾਰਜ ਕਰ ਦਿੱਤਾ ਹੈ।
ਚੰਡੀਗੜ੍ਹ - ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਅੰਦਰੂਨੀ ਬਗ਼ਾਵਤ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਅੰਦਰ ਇੱਕ ਹੋਰ ਨਵੀਂ ਖਹਿਬਾਜ਼ੀ ਖੜ੍ਹੀ ਹੋ ਗਈ ਹੈ। ਤਾਜ਼ਾ ਬਖੇੜਾ ਅਕਾਲੀ ਦਲ ਵਿੱਚ ਨਵੀਂ ਬਣਾਈ ਗਈ ਕੋ-ਆਰਡੀਨੇਸ਼ਨ ਕਮੇਟੀ ਨੂੰ ਲੈ ਕੇ ਖੜ੍ਹਾ ਹੋਇਆ ਹੈ।
ਦਰਅਸਲ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ 21 ਮੈਂਬਰੀ ਕੋ-ਆਰਡੀਨੇਸ਼ਨ ਕਮੇਟੀ ਦਾ ਐਲਾਨ ਕੀਤਾ ਸੀ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਸਿਮਰਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਭੂੰਦੜ, ਰਵੀ ਇੰਦਰ ਸਿੰਘ, ਚਰਨਜੀਤ ਸਿੰਘ ਅਟਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ 11 ਹੋਰ ਵੱਡੇ ਆਗੂ ਸ਼ਾਮਲ ਕੀਤੇ ਜਾਣ ਦੀ ਜਾਣਕਾਰੀ ਮਿਲੀ ਸੀ।
ਮਹਿਜ਼ ਕੁਝ ਹੀ ਘੰਟਿਆਂ ਬਾਅਦ ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਵਲੋਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਖਾਰਜ ਕਰ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਜਗਮੀਤ ਬਰਾੜ ਕੋਲ ਅਜਿਹਾ ਕੋਈ ਅਧਿਕਾਰ ਨਹੀਂ ਹੈ ਕਿ ਉਹ ਪਾਰਟੀ ਦੀ ਤਾਲਮੇਲ ਕਮੇਟੀ ਬਣਾ ਸਕਣ।
ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਪੱਸ਼ਟ ਕਰਦਾ ਹੈ ਕਿ ਅਸੀਂ ਨਾ ਤਾਂ ਕੋਈ ਤਾਲਮੇਲ ਕਮੇਟੀ ਬਣਾਈ ਹੈ ਅਤੇ ਨਾ ਹੀ ਕਿਸੇ ਨੂੰ ਕਮੇਟੀ ਬਨਾਉਣ ਦਾ ਅਧਿਕਾਰ ਦਿੱਤਾ ਹੈ। ਅਕਾਲੀ ਦਲ ਬਰਾੜ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਨੂੰ ਖਾਰਜ ਕਰਦਾ ਹੈ।