
ਮੁੱਖ ਮੰਤਰੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਹੂੰਝਾ ਫੇਰੂ ਜਿੱਤ ਦੀ ਕੀਤੀ ਭਵਿੱਖਬਾਣੀ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਵਿੱਖਬਾਣੀ ਕੀਤੀ ਹੈ ਕਿ ਲੋਕ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ ਸੀਟਾਂ ’ਤੇ ਸਾਨੂੰ ਹੂੰਝਾ ਫੇਰ ਜਿੱਤ ਦਿਵਾਉਣਗੇ। ਲਾਇਬ੍ਰੇਰੀਆਂ ਦੇ ਉਦਘਾਟਨ ਸਬੰਧੀ ਪ੍ਰੋਗਰਾਮ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਆਮ ਚੋਣਾਂ ਵਿਚ ਸੂਬੇ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 13-0 ਦੇ ਅੰਕੜੇ ਨਾਲ ਜਿੱਤਾਂਗਾ, ਜਦੋਂ ਕਿ ਬਾਕੀ ਪਾਰਟੀਆਂ ਦੇ ਖਾਤੇ ਵੀ ਨਹੀਂ ਖੁੱਲ੍ਹਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪ੍ਰਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਵਧੀਆ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਅਸਰ ਨਹੀਂ ਕਬੂਲਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਿਆਸੀ ਆਗੂਆਂ ਦੇ ਕੋਟੇ ਨੇ ਆਮ ਆਦਮੀ ਦੇ ਹਿਤ ਹੜੱਪ ਲਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਜਿਹੇ ਸਾਰੇ ਸਿਆਸੀ ਕੋਟਿਆਂ ਨੂੰ ਖ਼ਤਮ ਕਰ ਕੇ ਆਮ ਆਦਮੀ ਦੇ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਨੂੰ ਮੁੱਖ ਤਰਜੀਹ ਦਿਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਲੋਕਾਂ ਦੀ ਭਲਾਈ ਤੇ ਤਰੱਕੀ ਅਤੇ ਆਮ ਆਦਮੀ ਦਾ ਵਿਆਪਕ ਵਿਕਾਸ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਇਤਿਹਾਸ ਰਚਿਆ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।